ਪ੍ਰਤਾਪ ਸਿੰਘ, ਤਰਨਤਾਰਨ: ਥਾਣਾ ਝਬਾਲ ਦੀ ਪੁਲਿਸ ਨੇ ਦੋ ਹੈਰੋਇਨ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਸਕਰਾਂ ਤੋਂ 310 ਗ੍ਰਾਮ ਹੈਰੋਇਨ ਤੇ 17 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਜਿਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਇਲਾਕੇ ਵਿਚ ਹੈਰੋਇਨ ਤਸਕਰੀ ਕਰ ਰਹੇ ਹਨ। ਜਿਸ ਤਹਿਤ ਵੱਖ-ਵੱਖ ਪੁਲਿਸ ਟੀਮਾਂ ਬਣਾ ਕੇ ਇਲਾਕੇ ਵਿਚ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਏਐੱਸਆਈ ਚਰਨਜੀਤ ਸਿੰਘ ਨੇ ਬਘਿਆੜੀ ਪੁਲ ਨਾਕੇਬੰਦੀ ਦੌਰਾਨ ਬਿਨਾਂ ਨੰਬਰੀ ਸਪਲੈਂਡਰ ਮੋਟਰਸਾਈਕਲ ਸਵਾਰ ਦੋ ਲੋਕਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਅਮੀਸ਼ਾਹ ਖਾਲੜਾ ਅਤੇ ਸ਼ਮਸ਼ੇਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਡਲੀਰੀ ਵਜੋਂ ਹੋਈ। ਤਲਾਸ਼ੀ ਲੈਣ 'ਤੇ ਉਨ੍ਹਾਂ ਦੇ ਕਬਜ਼ੇ 'ਚੋਂ 310 ਗ੍ਰਾਮ ਹੈਰੋਇਨ ਅਤੇ ਮੋਢਿਆ 'ਤੇ ਪਾਈ ਕਿੱਟ ਬੈਗ ਵਿਚੋਂ 17 ਲੱਖ 40 ਹਜਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ। ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ। ਜਿਨ੍ਹਾਂ ਤੋਂ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Posted By: Akash Deep