ਨਗਰ ਕੌਂਸਲ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੱਟੀ ’ਚ ਗੰਦਗੀ ਦੇ ਢੇਰ, ਲੋਕ ਪਰੇਸ਼ਾਨ
ਗਰਮੀ ਦੇ ਮੌਸਮ ’ਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ।
Publish Date: Sat, 09 May 2026 05:59 PM (IST)
Updated Date: Sun, 10 May 2026 04:06 AM (IST)

ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਨਗਰ ਕੌਂਸਲ ਪੱਟੀ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਸ਼ਹਿਰ ਦੀ ਸਫ਼ਾਈ ਪ੍ਰਣਾਲੀ ’ਤੇ ਸਾਫ਼ ਤੌਰ ’ਤੇ ਵੇਖਣ ਨੂੰ ਮਿਲ ਰਿਹਾ ਹੈ। ਪਿਛਲੇ ਚਾਰ ਦਿਨਾਂ ਤੋਂ ਜਾਰੀ ਹੜਤਾਲ ਕਾਰਨ ਪੱਟੀ ਸ਼ਹਿਰ ਦੇ ਮੁੱਖ ਚੌਕਾਂ, ਬਾਜ਼ਾਰਾਂ ਤੇ ਗਲੀਆਂ ’ਚ ਗੰਦਗੀ ਦੇ ਢੇਰ ਲੱਗ ਗਏ ਹਨ, ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੇ ਚੌਕ-ਚੌਰਾਹਿਆਂ ’ਤੇ ਪਏ ਕੂੜੇ ਦੇ ਢੇਰਾਂ ਤੋਂ ਆ ਰਹੀ ਬਦਬੂ ਨੇ ਇਲਾਕੇ ਦਾ ਮਾਹੌਲ ਖਰਾਬ ਕਰ ਦਿੱਤਾ ਹੈ। ਗਰਮੀ ਦੇ ਮੌਸਮ ’ਚ ਗੰਦਗੀ ਕਾਰਨ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ। ਦੁਕਾਨਦਾਰਾਂ ਤੇ ਰਾਹਗੀਰਾਂ ਨੇ ਦੱਸਿਆ ਕਿ ਕੂੜਾ ਨਾ ਚੁੱਕੇ ਜਾਣ ਕਾਰਨ ਹਰ ਪਾਸੇ ਬਦਬੂ ਫੈਲੀ ਹੋਈ ਹੈ, ਜਿਸ ਨਾਲ ਉਨ੍ਹਾਂ ਨੂੰ ਕਾਰੋਬਾਰ ਕਰਨ ਤੇ ਆਉਣ-ਜਾਣ ’ਚ ਮੁਸ਼ਕਿਲ ਪੇਸ਼ ਆ ਰਹੀ ਹੈ। ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ’ਚ ਵੀ ਸਫ਼ਾਈ ਪ੍ਰਬੰਧ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ। ਕਈ ਥਾਵਾਂ ’ਤੇ ਨਾਲੀਆਂ ਜਾਮ ਹੋਣ ਕਾਰਨ ਗੰਦਾ ਪਾਣੀ ਸੜਕਾਂ ’ਤੇ ਖੜ੍ਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇ ਹੜਤਾਲ ਹੋਰ ਲੰਬੀ ਚੱਲਦੀ ਹੈ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ। ਦੂਜੇ ਪਾਸੇ ਨਗਰ ਕੌਂਸਲ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਡਟੇ ਹੋਏ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦ ਤਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ, ਤਦ ਤਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਸ਼ਹਿਰੀ ਵਾਸੀਆਂ ਨੇ ਪੰਜਾਬ ਸਰਕਾਰ ਤੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੀਤਾ ਜਾਵੇ, ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਮੁੜ ਪਟੜੀ ’ਤੇ ਆ ਸਕੇ। ਲੋਕਾਂ ਨੇ ਕਿਹਾ ਕਿ ਆਮ ਜਨਤਾ ਨੂੰ ਇਸ ਟਕਰਾਅ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ==== ਗੰਦਗੀ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਸ਼ਹਿਰ ਵਾਸੀ : ਗੁਰਮੀਤ ਸਿੰਘ ਹੈਪੀ ਇਸ ਸਬੰਧੀ ਪ੍ਰਤੀਕਰਮ ਦਿੰਦੇ ਹੋਏ ਸਮਾਜ ਸੇਵੀ ਗੁਰਮੀਤ ਸਿੰਘ ਹੈਪੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸ਼ਹਿਰ ਦੇ ਲੋਕ ਬਦਬੂ ਤੇ ਗੰਦਗੀ ਕਾਰਨ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਗਰਮੀ ਦੇ ਮੌਸਮ ’ਚ ਇਸ ਤਰ੍ਹਾਂ ਦੇ ਹਾਲਾਤ ਬਿਮਾਰੀਆਂ ਨੂੰ ਸੱਦਾ ਦੇ ਸਕਦੇ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਨਗਰ ਕੌਂਸਲ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਕਰ ਕੇ ਸਫ਼ਾਈ ਪ੍ਰਬੰਧ ਮੁੜ ਬਹਾਲ ਕੀਤਾ ਜਾਵੇ। ਹੈਪੀ ਨੇ ਕਿਹਾ ਕਿ ਲੋਕਾਂ ਦੀ ਸਿਹਤ ਤੇ ਸ਼ਹਿਰ ਦੀ ਸਫ਼ਾਈ ਨੂੰ ਧਿਆਨ ’ਚ ਰੱਖਦੇ ਹੋਏ ਤੁਰੰਤ ਕਦਮ ਚੁੱਕਣੇ ਬਹੁਤ ਜ਼ਰੂਰੀ ਹਨ।