ਪੰਜਾਬੀਆਂ ਲਈ ਵੱਡੀ ਸਹੂਲਤ ਸਾਬਤ ਹੋਈ 'ਈਜ਼ੀ ਰਜਿਸਟਰੀ'
ਪੰਜਾਬ ਸਰਕਾਰ ਵਲੋਂ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਲਈ ਪਿਛਲੇ ਸਾਲ ਸ਼ੁਰੂ ਕੀਤੀ ‘ਈਜ਼ੀ ਰਜਿਸਟਰੀ’ ਪਹਿਲਕਦਮੀ ਇਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ
Publish Date: Mon, 12 Jan 2026 03:37 PM (IST)
Updated Date: Tue, 13 Jan 2026 04:00 AM (IST)

ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਲਈ ਪਿਛਲੇ ਸਾਲ ਸ਼ੁਰੂ ਕੀਤੀ ‘ਈਜ਼ੀ ਰਜਿਸਟਰੀ’ ਪਹਿਲਕਦਮੀ ਇਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ, ਜਿਸ ਨਾਲ ਸੂਬੇ ਭਰ ਵਿਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ਇਸ ਉਪਲੱਬਧੀ ਬਾਰੇ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਜੁਲਾਈ 2025 ਵਿਚ ‘ਈਜ਼ੀ ਰਜਿਸਟਰੀ’ ਦੀ ਸ਼ੁਰੂਆਤ ਤੋਂ ਲੈ ਕੇ ਦਸੰਬਰ 2025 ਤੱਕ ਕੁਲ 370967 ਰਜਿਸਟਰੀਆਂ ਕੀਤੀਆਂ ਗਈਆਂ, ਜੋ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ‘ਈਜ਼ੀ ਰਜਿਸਟਰੀ’ ਨੂੰ ਮਿਲਿਆ ਲੋਕਾਂ ਦਾ ਹੁੰਗਾਰਾ ਸਪੱਸ਼ਟ ਕਰਦਾ ਹੈ ਕਿ ਲੋਕ ਅਜਿਹੀ ਪ੍ਰਣਾਲੀ ’ਤੇ ਭਰੋਸਾ ਕਰਦੇ ਹਨ, ਜੋ ਪਾਰਦਰਸ਼ੀ, ਸਮਾਂਬੱਧ ਅਤੇ ਪਰੇਸ਼ਾਨੀ-ਮੁਕਤ ਹੋਵੇ। ਉਨ੍ਹਾਂ ਦੱਸਿਆ ਕਿ ਸਿਰਫ਼ ਛੇ ਮਹੀਨਿਆਂ ਦੌਰਾਨ ਜਾਇਦਾਦ ਨਾਲ ਸਬੰਧਤ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ ਕੀਤੀਆਂ ਗਈਆਂ ਹਨ, ਜੋ ਇਨ੍ਹਾਂ ਸੁਧਾਰਾਂ ਦੀ ਸਫ਼ਲਤਾ ਦੀ ਗਵਾਹੀ ਭਰਦੀ ਹੈ। ਇਨ੍ਹਾਂ ਢਾਂਚਾਗਤ ਸੁਧਾਰਾਂ ਬਾਰੇ ਵਿਸਥਾਰ ’ਚ ਦੱਸਦਿਆਂ ਵਿਧਾਇਕ ਸੰਧੂ ਨੇ ਕਿਹਾ ਕਿ ‘ਈਜ਼ੀ ਰਜਿਸਟਰੀ’ ਰਾਹੀਂ ਦਸਤਾਵੇਜ਼ਾਂ ਦੀ ਆਨਲਾਈਨ ਪ੍ਰੀ-ਸਕਰੂਟਨੀ ਸ਼ੁਰੂ ਕੀਤੀ ਗਈ ਹੈ, ਦਫ਼ਤਰੀ ਕਾਰਵਾਈ ’ਚ ਹੁੰਦੀ ਦੇਰੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਗਿਆ ਹੈ ਤੇ ਸਬ-ਰਜਿਸਟਰਾਰ ਦਫ਼ਤਰਾਂ ’ਚ ਪਹੁੰਚ ਆਸਾਨ ਹੋਈ ਹੈ। ਉਨ੍ਹਾਂ ਦੱਸਿਆ ਕਿ ਸੇਲ ਡੀਡ ਦੀਆਂ ਦਸਤਖ਼ਤ ਰਹਿਤ ਕਾਪੀਆਂ ਦੀ ਹੁਣ 48 ਘੰਟਿਆਂ ਦੇ ਅੰਦਰ ਆਨਲਾਈਨ ਜਾਂਚ ਕੀਤੀ ਜਾਂਦੀ ਹੈ, ਜਿਸ ਨਾਲ ਖੱਜਲ-ਖੁਆਰੀ ਖ਼ਤਮ ਹੋਈ ਹੈ ਤੇ ਭ੍ਰਿਸ਼ਟਾਚਾਰ ਦੇ ਰਸਤੇ ਪ੍ਰਭਾਵਸ਼ਾਲੀ ਢੰਗ ਨਾਲ ਬੰਦ ਹੋਏ ਹਨ। ==== ਪਹਿਲਾਂ ਆਓ, ਪਹਿਲਾਂ ਪਾਓ ਸਿਧਾਂਤ ਨਾਲ ਪੱਖਪਾਤ ਵਤੀਰੇ ਤੋਂ ਨਿਜਾਤ ਮਿਲੀ ਉਨ੍ਹਾਂ ਕਿਹਾ ਕਿ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਸਿਧਾਂਤ ਨੂੰ ਲਾਗੂ ਕਰਨ ਨਾਲ ਲੰਮੀਆਂ-ਲੰਮੀਆਂ ਕਤਾਰਾਂ ਤੇ ਪੱਖਪਾਤ ਵਤੀਰੇ ਤੋਂ ਨਿਜਾਤ ਮਿਲੀ ਹੈ, ਜਿਸ ਨਾਲ ਜਾਇਦਾਦ ਰਜਿਸਟ੍ਰੇਸ਼ਨ ਦੌਰਾਨ ਵੀਆਈਪੀ ਸੱਭਿਆਚਾਰ ਦਾ ਖ਼ਾਤਮਾ ਹੋਇਆ ਹੈ। ਲੋਕਾਂ ਨੂੰ ਹੁਣ ਆਪਣੇ ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ’ਚ ਦਸਤਾਵੇਜ਼ ਰਜਿਸਟਰ ਕਰਵਾਉਣ ਦੀ ਆਜ਼ਾਦੀ ਹੈ। ਇਸ ਨਾਲ ਅਜਾਰੇਦਾਰੀ ਦਾ ਲੱਕ ਟੁੱਟਿਆ ਹੈ ਅਤੇ ਸਭ ਲਈ ਨਿਰਪੱਖ ਅਤੇ ਬਰਾਬਰ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਈ ਗਈ ਹੈ। ਸੰਧੂ ਨੇ ਦੱਸਿਆ ਕਿ ਬਿਨੈਕਾਰਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਸਬੰਧੀ ਕਾਰਵਾਈ ਦੇ ਹਰ ਪੜਾਅ ਜਿਵੇਂ ਜਾਂਚ, ਭੁਗਤਾਨ ਤੇ ਅਪੁਆਇੰਟਮੈਂਟ ਦੇ ਲੈਣ-ਦੇਣ ਬਾਰੇ ਆਟੋਮੇਟਡ ਵੱਟਸਐਪ ਅਪਡੇਟ ਭੇਜੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਵੀ ਰੂਪ ’ਚ ਰਿਸ਼ਵਤ ਮੰਗਣ ਦੀ ਰਿਪੋਰਟ ਕਰਨ ਲਈ ਇਕ ਸਿੱਧੀ ਸ਼ਿਕਾਇਤ ਪ੍ਰਣਾਲੀ ਵੀ ਬਣਾਈ ਗਈ ਹੈ, ਤਾਂ ਜੋ ਜ਼ਿਲ੍ਹਾ ਪੱਧਰ ’ਤੇ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ======= ‘ਡਰਾਫਟ ਮਾਈ ਡੀਡ’ ਮਾਡਿਊਲ ਰਾਹੀਂ ਸੇਲ ਡੀਡ ਖ਼ੁਦ ਤਿਆਰ ਕਰ ਸਕਦੇ ਹਨ ਲੋਕ ਵਿਧਾਇਕ ਸੰਧੂ ਨੇ ਦੱਸਿਆ ਕਿ ਲੋਕ ‘ਡਰਾਫਟ ਮਾਈ ਡੀਡ’ ਮਾਡਿਊਲ ਰਾਹੀਂ ਸੇਲ ਡੀਡ ਖ਼ੁਦ ਤਿਆਰ ਕਰ ਸਕਦੇ ਹਨ ਜਾਂ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ’ਚ ਸਥਾਪਿਤ ਸੇਵਾ ਕੇਂਦਰ ਕਾਊਂਟਰਾਂ ਤੋਂ ਇਹ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਜਾਂ ਫਿਰ ਘਰ ਬੈਠੇ ਹੀ ਹੈਲਪਲਾਈਨ 1076 ਰਾਹੀਂ ਰਜਿਸਟ੍ਰੇਸ਼ਨ ਸਬੰਧੀ ਦਸਤਾਵੇਜ਼ ਤਿਆਰ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 25 ਬੈਂਕਾਂ ਰਾਹੀਂ ਇੱਕੋ ਵਾਰ ਸਟੈਂਪ ਡਿਊਟੀ ਤੇ ਰਜਿਸਟ੍ਰੇਸ਼ਨ ਫੀਸ ਦਾ ਆਨਲਾਈਨ ਭੁਗਤਾਨ ਕਰਨ ਨਾਲ ਇਹ ਪ੍ਰਕਿਰਿਆ ਹੋਰ ਵੀ ਸੁਖਾਲੀ ਹੋ ਗਈ ਹੈ, ਜਿਸ ਨਾਲ ਲੋਕਾਂ ਲਈ ਸਹੂਲਤ ਵਧੀ ਹੈ।