ਸੜਕਾਂ, ਪੀਣ ਵਾਲੇ ਪਾਣੀ, ਸਿੰਚਾਈ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨ ਜਾਰੀ : ਚੇਅਰਮੈਨ ਚੀਮਾ
ਹਲਕੇ ਦੇ ਹਰ ਪਿੰਡ ਤਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।
Publish Date: Sun, 29 Mar 2026 07:54 PM (IST)
Updated Date: Mon, 30 Mar 2026 04:10 AM (IST)
ਬੱਲੂ ਮਹਿਤਾ,•ਪੰਜਾਬੀ ਜਾਗਰਣ, ਪੱਟੀ : ਪੰਜਾਬ ਜਲ ਸਰੋਤ ਵਿਭਾਗ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਵੱਲੋਂ ਆਪਣੇ ਗ੍ਰਹਿ ਪਿੰਡ ਚੀਮਾ ਕਲਾਂ ਵਿਖੇ ਦਫ਼ਤਰ ‘ਚ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਲੋਕ ਪਹੁੰਚੇ, ਜਿਨ੍ਹਾਂ ਨੇ ਆਪਣੇ ਨਿੱਜੀ ਤੇ ਇਲਾਕਾਈ ਮਸਲੇ ਚੇਅਰਮੈਨ ਅੱਗੇ ਰੱਖੇ। ਚੇਅਰਮੈਨ ਚੀਮਾ ਨੇ ਹਰ ਇਕ ਵਿਅਕਤੀ ਦੀ ਗੱਲ ਧਿਆਨ ਨਾਲ ਸੁਣੀ ਤੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਫੋਨ ਰਾਹੀਂ ਸੰਪਰਕ ਕਰ ਕੇ ਬਹੁਤ ਸਾਰੇ ਮਸਲਿਆਂ ਦਾ ਤੁਰੰਤ ਹੱਲ ਕਰਵਾਇਆ। ਲੋਕਾਂ ਨੇ ਵੀ ਆਪਣੇ ਮਸਲੇ ਸੁਣਨ ਤੇ ਹੱਲ ਕਰਨ ਲਈ ਚੇਅਰਮੈਨ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੱਟੀ ਹਲਕੇ ਦਾ ਵਿਕਾਸ ਸਾਡੀ ਪਹਿਲੀ ਤਰਜੀਹ ਹੈ ਤੇ ਇਸ ਮਕਸਦ ਲਈ ਅਸੀਂ ਦਿਨ-ਰਾਤ ਮਿਹਨਤ ਕਰ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਹਲਕੇ ਦੇ ਹਰ ਪਿੰਡ ਤਕ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਨਹਿਰਾਂ ਦੀ ਸਫ਼ਾਈ, ਨਵੀਂ ਮੁਰੰਮਤ ਤੇ ਪਾਣੀ ਦੀ ਸੁਚੱਜੀ ਵੰਡ ਲਈ ਖ਼ਾਸ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ। ਕਿਸਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡਾ ਫ਼ਰਜ਼ ਹੈ।
ਚੀਮਾ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਹਲਕੇ ’ਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਤੇ ਆਉਣ ਵਾਲੇ ਸਮੇਂ ‘ਚ ਹੋਰ ਵੀ ਵੱਡੇ ਪੱਧਰ ’ਤੇ ਕੰਮ ਕੀਤੇ ਜਾਣਗੇ।
ਇਸ ਮੌਕੇ ਹਾਜ਼ਰ ਲੋਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਹੋਣ ‘ਤੇ ਸੰਤੁਸ਼ਟੀ ਜਤਾਈ। ਇਸ ਦੌਰਾਨ ਚੇਅਰਮੈਨ ਚੀਮਾ ਲੋਕਾਂ ਨਾਲ ਸਿੱਧੀ ਗੱਲਬਾਤ ਕਰਦੇ ਨਜ਼ਰ ਆਏ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧਤਾ ਦੁਹਰਾਈ। ਇਸ ਮੌਕੇ ਹਲਕੇ ਦੇ ਲੋਕਾਂ ਵੱਲੋਂ ਚੇਅਰਮੈਨ ਰਣਜੀਤ ਸਿੰਘ ਚੀਮਾ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।