ਜਸਪਾਲ ਸਿੰਘ ਜੱਸੀ, ਤਰਨਤਾਰਨ : ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਫਰੀਦਕੋਟ ਦੇ ਡੀਐੱਸਪੀ ਲਖਵੀਰ ਸਿੰਘ ਨੂੰ ਡਰੱਗ ਸਪਲਾਇਰ ਤੋਂ 10 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਕਥਿਤ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਤਰਨਤਾਰਨ ਵਿਚ ਦਰਜ ਐੱਨਡੀਪੀਐੱਸ ਐਕਟ ਦੇ ਮਾਮਲੇ ਤਹਿਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਜ਼ਿਲ੍ਹੇ ਦੀ ਪੁਲਿਸ ਨੇ ਐਤਵਾਰ ਨੂੰ ਪੱਟੀ ਮੋੜ ਨੇੜੇ ਇਕ ਪੈਟਰੋਲ ਪੰਪ ਤੋਂ ਪਿਸ਼ੌਰਾ ਸਿੰਘ ਨਾਮਕ ਇਕ ਨਸ਼ਾ ਸਪਲਾਇਰ ਨੂੰ 250 ਗ੍ਰਾਮ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਸੀ। ਤਰਨਤਾਰਨ ਦੇ ਪਿੰਡ ਮਾਡਲ ਬੋਪਾਰਾਏ ਦਾ ਵਸਨੀਕ ਪਿਸ਼ੌਰਾ ਸਿੰਘ 30 ਜੂਨ 2022 ਦੀ ਉਕਤ ਐੱਫਆਈਆਰ ਵਿਚ ਲੋੜੀਂਦਾ ਸੀ, ਜਿਸ ਵਿਚ ਤਰਨਤਾਰਨ ਦੇ ਪਿੰਡ ਮਾੜੀਮੇਘਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨੂੰ 900 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸੁਰਜੀਤ ਨੇ ਖ਼ੁਲਾਸਾ ਕੀਤਾ ਕਿ ਉਸ ਨੇ ਪਿਸ਼ੌਰਾ ਤੋਂ ਅਫੀਮ ਖਰੀਦੀ ਸੀ, ਜੋ ਕਿ ਨਸ਼ੇ ਦਾ ਮੁੱਖ ਸਪਲਾਇਰ ਹੈ। ਜਦੋਂ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕੀਤੀ ਤਾਂ ਪਿਸ਼ੌਰਾ ਨੇ ਪੱਟੀ ਦੇ ਸੀਆਈਏ ਇੰਚਾਰਜ ਨੂੰ ਇਸ ਕੇਸ ਵਿਚ ਉਸ ਨੂੰ ਗ੍ਰਿਫ਼ਫਤਾਰ ਅਤੇ ਨਾਮਜ਼ਦ ਨਾ ਕਰਨ ਦੇ ਬਦਲੇ ਏਐੱਸਆਈ ਰਸ਼ਪਾਲ ਸਿੰਘ ਜੋ ਸੀਆਈਏ ’ਚ ਮੁੱਖ ਮੁਨਸ਼ੀ ਤਾਇਨਾਤ ਹੈ ਰਾਹੀਂ 7-8 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ, ਪਰ ਇੰਚਾਰਜ ਨੇ ਰਿਸ਼ਵਤ ਲੈਣ ਤੋਂ ਇਨਕਾਰ ਕਰ ਦਿੱਤਾ। ਬਾਅਦ ਵਿਚ ਪਿਸ਼ੌਰਾ ਸਿੰਘ ਨੇ ਤਰਨਤਾਰਨ ਦੇ ਪਿੰਡ ਸੀਤੋ ਦੇ ਰਹਿਣ ਵਾਲੇ ਆਪਣੇ ਜਾਣਕਾਰ ਨਿਸ਼ਾਨ ਸਿੰਘ ਰਾਹੀਂ ਰਸ਼ਪਾਲ ਸਿੰਘ ਦੇ ਭਰਾ ਹੀਰਾ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਮਿਲ ਕੇ ਡੀਐੱਸਪੀ ਲਖਵੀਰ ਸਿੰਘ ਜੋ ਕਿ ਹੀਰਾ ਸਿੰਘ ਦਾ ਚਚੇਰਾ ਭਰਾ ਹੈ, ਕੋਲ ਪਹੁੰਚ ਕੀਤੀ। ਜਿਥੇ ਡੀਐੱਸਪੀ ਨੇ ਡਰੱਗ ਸਪਲਾਇਰ ਦੀ ਮਦਦ ਕਰਨ ਦੇ ਏਵਜ 10 ਲੱਖ ਰੁਪਏ ਵਿਚ ਸਮਝੌਤਾ ਕਰ ਲਿਆ।

ਡੀਜੀਪੀ ਨੇ ਕਿਹਾ ਕਿ ਉਕਤ ਡੀਐੱਸਪੀ ਨੇ ਹੀਰਾ ਸਿੰਘ ਨੂੰ ਰਕਮ ਆਪਣੇ ਕੋਲ ਰੱਖਣ ਲਈ ਕਿਹਾ ਸੀ। ਪਿਸ਼ੌਰਾ ਸਿੰਘ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ ਹੀਰਾ ਸਿੰਘ ਦੇ ਘਰੋਂ 9.97 ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਐੱਸਐੱਸਪੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਐੱਫਆਈਆਰ ਵਿਚ ਏਐੱਸਆਈ ਰਸ਼ਪਾਲ ਸਿੰਘ ਤੋਂ ਇਲਾਵਾ, ਨਿਸ਼ਾਨ ਸਿੰਘ ਅਤੇ ਹੀਰਾ ਸਿੰਘ ਨੂੰ ਵੀ ਨਾਮਜਦ ਕੀਤਾ ਹੈ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਅਤੇ ਐੱਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਹੈ।

Posted By: Jagjit Singh