- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੰਡ ਮਿੱਲ ਸ਼ੇਰੋਂ ਦੀ

ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਹੜੱਪਣ ਖ਼ਿਲਾਫ਼ ਗਰਜਿਆ ਸੰਯੁਕਤ ਕਿਸਾਨ ਮੋਰਚਾ
ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹਫ਼ਤੇ ਅੰਦਰ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਦਿੱਤਾ ਲਿਖਤੀ ਭਰੋਸਾ
ਪੱਤਰ ਪ੍ਰੇਰਕ•ਪੰਜਾਬੀ ਜਾਗਰਣ, ਤਰਨਤਾਰਨ : ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਦੀ ਮਾਲਕੀ ਤਬਦੀਲ ਕਰਨ ਅਤੇ ਇਸ ਨੂੰ ਹੜੱਪਣ ਦੀ ਪੰਜਾਬ ਸਰਕਾਰ ਦੀ ਨੀਤੀ ਖ਼ਿਲਾਫ਼ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਧਰਨਾ ਦਿੱਤਾ ਗਿਆ। ਖੰਡ ਮਿੱਲ ਨੂੰ ਬਚਾਉਣ ਲਈ ਚੱਲ ਰਹੇ ਪੱਕੇ ਮੋਰਚੇ ਦੇ ਸੱਦੇ ’ਤੇ ਸ਼ੁੱਕਰਵਾਰ ਨੂੰ ਲਗਾਏ ਗਏ ਇਸ ਧਰਨੇ ਦੀ ਪ੍ਰਧਾਨਗੀ ਮਨਜੀਤ ਸਿੰਘ ਬੱਗੂ, ਹਰਜੀਤ ਸਿੰਘ ਝੀਤੇ, ਗੁਰਚਰਨ ਸਿੰਘ ਸਭਰਾ, ਕੁਲਬੀਰ ਸਿੰਘ ਕਸੇਲ, ਇੰਦਰਜੀਤ ਸਿੰਘ ਮਰਹਾਣਾ ਅਤੇ ਪ੍ਰਗਟ ਸਿੰਘ ਮਹਿੰਦੀਪੁਰ ’ਤੇ ਆਧਾਰਿਤ ਪ੍ਰਧਾਨਗੀ ਮੰਡਲ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।
ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂਆਂ ਬਲਬੀਰ ਸਿੰਘ ਰਾਜੇਵਾਲ, ਡਾਕਟਰ ਸਤਨਾਮ ਸਿੰਘ ਅਜਨਾਲਾ, ਹਰਜਿੰਦਰ ਸਿੰਘ ਟਾਂਡਾ, ਲਖਬੀਰ ਸਿੰਘ ਨਿਜ਼ਾਮਪੁਰਾ, ਰਤਨ ਸਿੰਘ ਰੰਧਾਵਾ, ਤਰਸੇਮ ਸਿੰਘ ਲੁਹਾਰ, ਨਛੱਤਰ ਸਿੰਘ ਪਨੂੰ, ਦਲਜੀਤ ਸਿੰਘ ਦਿਆਲਪੁਰਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਰਤਨ ਸਿੰਘ ਢੰਡ, ਪ੍ਰਗਟ ਸਿੰਘ ਮਹਿੰਦੀਪੁਰ ਅਤੇ ਇੰਦਰਜੀਤ ਸਿੰਘ ਮਰਹਾਣਾ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਖੰਡ ਮਿੱਲ ਦੇ ਮਸਲੇ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਸਹਿਕਾਰੀ ਖੰਡ ਮਿੱਲ ਸ਼ੇਰੋਂ ਦੀ ਜ਼ਮੀਨ ਦੀ ਤਬਦੀਲ ਕੀਤੀ ਗਈ ਮਾਲਕੀ ਰੱਦ ਕਰਕੇ ਸਮੁੱਚੀ ਜ਼ਮੀਨ ਮੁੜ ਖੰਡ ਮਿੱਲ ਦੇ ਨਾਂ ਦਰਜ ਕਰੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ 60 ਫ਼ੀਸਦੀ ਹਿੱਸੇਦਾਰੀ ਨਾਲ ਸਥਾਪਿਤ ਹੋਈ ਇਸ ਖੰਡ ਮਿੱਲ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਮੁੜ ਚਾਲੂ ਕੀਤਾ ਜਾਣਾ ਚਾਹੀਦਾ ਹੈ।
ਆਗੂਆਂ ਨੇ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਖੰਡ ਮਿੱਲ ਦੀ ਹੋਂਦ ਬਚਾਉਣ ਲਈ ਲਗਾਇਆ ਗਿਆ ਪੱਕਾ ਮੋਰਚਾ ਛੇਵੇਂ ਮਹੀਨੇ ਵਿੱਚ ਦਾਖ਼ਲ ਹੋ ਚੁੱਕਾ ਹੈ, ਪਰ ਜ਼ਿਲ੍ਹਾ ਪ੍ਰਸ਼ਾਸਨ ਨੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਇਸ ਗੰਭੀਰ ਮਸਲੇ ਨੂੰ ਹੱਲ ਕਰਨ ਲਈ ਕੋਈ ਠੋਸ ਪਹਿਲਕਦਮੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਰਵੱਈਆ ਬੇਹੱਦ ਰੁੱਖਾ ਅਤੇ ਗ਼ੈਰ-ਸੰਜੀਦਾ ਰਿਹਾ ਹੈ, ਜਿਸ ਕਾਰਨ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਰਨ ਰੋਸ ਧਰਨਾ ਲਗਾਉਣਾ ਪਿਆ।
ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਬਾਅਦ ਦੁਪਹਿਰ ਮਜਬੂਰ ਹੋ ਕੇ ਕੌਮੀ ਮਾਰਗ ਨੰਬਰ 54 ’ਤੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਦੇ ਸਾਹਮਣੇ ਧਰਨਾ ਲਗਾ ਦਿੱਤਾ। ਰਾਹਗੀਰਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਨੇ ਅੰਮ੍ਰਿਤਸਰ ਤੋਂ ਬਠਿੰਡਾ ਜਾਣ ਵਾਲੀ ਸੜਕ ਦੀ ਇੱਕ ਪਾਸੇ ਵਾਲੀ ਲੇਨ ’ਤੇ ਹੀ ਧਰਨਾ ਲਗਾਇਆ ਅਤੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਆਗੂਆਂ ਦੱਸਿਆ ਕਿ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਲਿਖਤੀ ਪੱਤਰ ਲੈ ਕੇ ਨਾਇਬ ਤਹਿਸੀਲਦਾਰ ਧਰਨੇ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਨੇ ਖੰਡ ਮਿੱਲ ਦੇ ਮਸਲੇ ਸਬੰਧੀ ਇੱਕ ਹਫ਼ਤੇ ਦੇ ਅੰਦਰ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਪ੍ਰਸ਼ਾਸਨ ਵੱਲੋਂ ਮਿਲੇ ਇਸ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਆਪਣਾ ਰੋਸ ਧਰਨਾ ਸਮਾਪਤ ਕੀਤਾ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੋਏ ਇਸ ਇਕੱਠ ਵਿੱਚ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਡਾਕਟਰ ਸਤਨਾਮ ਸਿੰਘ ਅਜਨਾਲਾ ਨੇ ਪੰਜਾਬ ਦੀ ਮਾਨ ਸਰਕਾਰ ’ਤੇ ਵਾਅਦਿਆਂ ਤੋਂ ਮੁੱਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਚੁੱਕੀ ਹੈ ਅਤੇ ਸਰਕਾਰੀ ਜ਼ਮੀਨਾਂ ਤੇ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਵੇਚਣ ਦੀ ਨੀਤੀ ’ਤੇ ਚੱਲ ਰਹੀ ਹੈ।
ਉਨ੍ਹਾਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਵੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਨਸ਼ਾ ਤਸਕਰਾਂ ਨੂੰ ਕਥਿਤ ਤੌਰ ’ਤੇ ਸਿਆਸੀ ਸਰਪ੍ਰਸਤੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਬੇਚੈਨੀ ਲਗਾਤਾਰ ਵਧ ਰਹੀ ਹੈ, ਪਰ ਸਰਕਾਰ ਇਸ ਗੰਭੀਰ ਸਥਿਤੀ ਪ੍ਰਤੀ ਬੇਖ਼ਬਰ ਨਜ਼ਰ ਆ ਰਹੀ ਹੈ।
ਇਸ ਮੌਕੇ ਡਾਕਟਰ ਗੁਰਮੇਜ ਸਿੰਘ ਤਿੰਮੋਵਾਲ, ਦਲਬੀਰ ਸਿੰਘ ਬੇਦਾਦਪੁਰ, ਮਹਾਂਵੀਰ ਸਿੰਘ ਗਿੱਲ, ਮੇਹਰ ਸਿੰਘ ਸਖੀਰਾ, ਚਮਨ ਲਾਲ ਦਰਾਜਕੇ, ਗੁਰਦਿਆਲ ਸਿੰਘ ਖਡੂਰ ਸਾਹਿਬ, ਹਰਜੀਤ ਸਿੰਘ ਕਲਾਨੌਰ, ਔਰਤ ਮੁਕਤੀ ਮੋਰਚਾ ਦੀ ਆਗੂ ਨਰਿੰਦਰ ਕੌਰ, ਮੁਖਤਾਰ ਸਿੰਘ ਮੱਲਾ, ਦਵਿੰਦਰ ਸੋਹਲ, ਸੁਖਚੈਨ ਸਿੰਘ ਸਰਹਾਲੀ ਅਤੇ ਕਾਰਜ ਸਿੰਘ ਕੈਰੋਂ ਸਮੇਤ ਹੋਰ ਕਿਸਾਨ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਹਫ਼ਤੇ ਦੇ ਅੰਦਰ ਪੰਜਾਬ ਸਰਕਾਰ ਨਾਲ ਮੀਟਿੰਗ ਕਰਵਾਉਣ ਦਾ ਵਾਅਦਾ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।