ਕਿਸਾਨ 2 ਲੱਖ ਰੁਪਏ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ : ਧੁੰਨ
ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ 80,000 ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।
Publish Date: Wed, 14 Jan 2026 08:25 PM (IST)
Updated Date: Thu, 15 Jan 2026 04:12 AM (IST)

ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ, ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਸਰਕਾਰ ਵੱਲੋਂ 2 ਲੱਖ ਰੁਪਏ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ 80,000 ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਧੁੰਨ ਨੇ ਦੱਸਿਆਂ ਕਿ ਕਿਸਾਨ ਮਸ਼ਰੂਮ ਦੀ ਖੇਤੀ ਵਿਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ’ਚ ਸਥਾਪਤ ਕੀਤਾ ਜਾ ਸਕਦਾ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ 2 ਲੱਖ ਰੁਪਏ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਵਿਧਾਇਕ ਧੁੰਨ ਨੇ ਦੱਸਿਆ ਕਿ ਇਸ ਕੰਮ ਵਿਚ ਰੁਚੀ ਰੱਖਣ ਵਾਲੇ ਕਿਸਾਨ ਆਪਣੇ ਜ਼ਿਲ੍ਹੇ ਦੇ ਬਾਗਬਾਨੀ ਅਫ਼ਸਰ ਨਾਲ ਸੰਪਰਕ ਕਰਕੇ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਆਧਾਰ ਕਾਰਡ, ਜ਼ਮੀਨ ਸਬੰਧੀ ਜਾਣਕਾਰੀ, ਬੈਂਕ ਖਾਤੇ ਦੇ ਵੇਰਵੇ ਅਤੇ ਫ਼ੋਟੋਗ੍ਰਾਫ਼ ਜਮ੍ਹਾਂ ਕਰਵਾਉਣੇ ਹੋਣਗੇ। ਬਾਗਬਾਨੀ ਵਿਭਾਗ ਵੱਲੋਂ ਕਿਸਾਨ ਨੂੰ ਤਕਨੀਕੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।