ਭੰਗਾਲਾ ’ਚ ਨੰਬਰਦਾਰ ਬੋਹੜ ਸਿੰਘ ਦੇ ਘਰ ’ਤੇ ਫਾਇਰਿੰਗ, ਫਿਰੌਤੀ ਲਈ 50 ਲੱਖ ਦੀ ਮੰਗ ਦਾ ਦਾਅਵਾ ਕੇਪੀ ਗਿੱਲ•, ਪੰਜਾਬੀ ਜਾਗਰਣਕੈਰੋਂ
Publish Date: Thu, 08 Oct 2026 08:57 PM (IST)
Updated Date: Thu, 08 Oct 2026 08:59 PM (IST)
ਕੇਪੀ ਗਿੱਲ•, ਪੰਜਾਬੀ ਜਾਗਰਣ ਕੈਰੋਂ : ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਭੰਗਾਲਾ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਦੇ ਵਸਨੀਕ ਨੰਬਰਦਾਰ ਬੋਹੜ ਸਿੰਘ ਦੇ ਗੇਟ ’ਤੇ ਫਾਇਰਿੰਗ ਕੀਤੀ ਗਈ। ਗੋਲੀ ਚਲਾਉਣ ਤੋਂ ਬਾਅਦ ਦੋਵੇਂ ਹਮਲਾਵਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫ਼ਰਾਰ ਹੋ ਗਏ। ਵਾਰਦਾਤ ਤੋਂ ਬਾਅਦ ਪਰਿਵਾਰ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰ ਗੁਰਚੇਤ ਸਿੰਘ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਫਿਰੌਤੀ ਸਬੰਧੀ ਧਮਕੀ ਭਰੀਆਂ ਫੋਨ ਕਾਲਾਂ ਆ ਰਹੀਆਂ ਸਨ। ਪਰਿਵਾਰ ਦਾ ਦਾਅਵਾ ਹੈ ਕਿ ਫੋਨ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ‘ਮੰਨਾ’ ਦੱਸਦਾ ਸੀ ਅਤੇ ਉਸ ਵੱਲੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਇਨ੍ਹਾਂ ਕਾਲਾਂ ਕਾਰਨ ਉਹ ਪਹਿਲਾਂ ਹੀ ਚਿੰਤਤ ਸਨ ਅਤੇ ਹੁਣ ਘਰ ਦੇ ਗੇਟ ’ਤੇ ਫਾਇਰਿੰਗ ਹੋਣ ਨਾਲ ਡਰ ਹੋਰ ਵਧ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ’ਤੇ ਸਵਾਰ ਦੋ ਅਣਪਛਾਤੇ ਵਿਅਕਤੀ ਨੰਬਰਦਾਰ ਬੋਹੜ ਸਿੰਘ ਦੇ ਘਰ ਦੇ ਗੇਟ ਕੋਲ ਆਏ ਅਤੇ ਇੱਕ ਫਾਇਰ ਕੀਤਾ। ਇਸ ਤੋਂ ਬਾਅਦ ਉਹ ਬਿਨਾਂ ਰੁਕੇ ਮੌਕੇ ਤੋਂ ਫ਼ਰਾਰ ਹੋ ਗਏ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਵੀ ਇਕੱਠੇ ਹੋ ਗਏ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੱਟੀ ਦੇ ਮੁਖੀ ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਥਾਣਾ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਹੁਣ ਹਮਲਾਵਰਾਂ ਦੀ ਪਛਾਣ ਕਰਨ ਲਈ ਮੌਕੇ ਅਤੇ ਆਸ-ਪਾਸ ਦੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਹਮਲਾਵਰ ਕਿਹੜੇ ਰਸਤੇ ਰਾਹੀਂ ਆਏ ਅਤੇ ਵਾਰਦਾਤ ਤੋਂ ਬਾਅਦ ਕਿਸ ਪਾਸੇ ਫ਼ਰਾਰ ਹੋਏ। ਇੱਕ ਪਾਸੇ ਨੇੜਲੇ ਪਿੰਡ ਤੂਤ ਵਿੱਚ ‘ਆਪ’ ਸਰਪੰਚ ਅਸ਼ਵਨੀ ਦੇਵਗਨ ਦੇ ਕਤਲ ਤੋਂ ਬਾਅਦ ਇਲਾਕੇ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਪਹਿਲਾਂ ਹੀ ਚਿੰਤਾ ਦਾ ਮਾਹੌਲ ਹੈ, ਉੱਥੇ ਭੰਗਾਲਾ ਵਿੱਚ ਨੰਬਰਦਾਰ ਦੇ ਘਰ ਦੇ ਗੇਟ ’ਤੇ ਹੋਈ ਫਾਇਰਿੰਗ ਨੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਇਲਾਕਾ ਵਾਸੀਆਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਹਮਲਾਵਰਾਂ ਨੂੰ ਜਲਦ ਕਾਬੂ ਕਰਕੇ ਵਾਰਦਾਤ ਦੇ ਪਿੱਛੇ ਦੇ ਕਾਰਨਾਂ ਦਾ ਖੁਲਾਸਾ ਕੀਤਾ ਜਾਵੇ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।