ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਚਾਰ ਪ੍ਰਚਾਰ ਵੈਨਾਂ ਕੀਤੀਆਂ ਰਵਾਨਾ
ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਹਰੇਕ ਪਿੰਡ ’ਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨਗੀਆਂ।
Publish Date: Mon, 27 Apr 2026 05:16 PM (IST)
Updated Date: Tue, 28 Apr 2026 04:07 AM (IST)
ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਜ਼ਿਲ੍ਹੇ ’ਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਹਰੇਕ ਪਿੰਡ ’ਚ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਚਾਰ ਪ੍ਰਚਾਰ ਵੈਨਾਂ ਡਿਪਟੀ ਕਮਿਸ਼ਨਰ ਰਾਹੁਲ ਦੇ ਨਿਯਮਾਂ ਅਧੀਨ ਸਹਾਇਕ ਕਮਿਸ਼ਨਰ ਜਨਰਲ ਸੰਜੀਵ ਸ਼ਰਮਾ ਵੱਲੋਂ ਹਰੀ ਝੰਡੀ ਦੇ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤੀਆਂ ਗਈਆਂ। ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਹਰੇਕ ਪਿੰਡ ’ਚ ਜਾ ਕੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨਗੀਆਂ।
ਇਸ ਮੌਕੇ ਹਾਜ਼ਰ ਖੇਤੀਬਾੜੀ ਅਫ਼ਸਰ ਗੰਡੀਵਿੰਡ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀਆਂ ਦੇ ਮੁਤਾਬਿਕ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਹੀ ਲਾਉਣ ਦਿੱਤੀ ਜਾਵੇਗੀ ਤੇ ਕਿਸਾਨਾਂ ਨੂੰ ਇਸ ਸਬੰਧੀ ਪ੍ਰੇਰਿਤ ਕਰਨ ਲਈ ਵਿਭਾਗ ਵੱਲੋਂ ਸੁਚੱਜੇ ਕਦਮ ਚੁੱਕੇ ਜਾ ਰਹੇ ਹਨ ਤੇ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਚਾਰ ਵੈਨਾਂ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਹੋਣ ਵਾਲੇ ਨੁਕਸਾਨ ਜਿਵੇਂ ਕਿ ਵਾਤਾਵਰਨ ਨੂੰ ਪਲੀਤ ਹੋਣ ਤੋ ਬਚਾਉਣਾ, ਸੜਕੀ ਹਾਦਸਿਆਂ ਤੋ ਬਚਾਅ, ਮਿੱਤਰ ਕੀੜਿਆਂ ਦੀ ਸੰਭਾਲ ਤੇ ਧਰਤੀ ਵਿਚਲੇ ਖ਼ੁਰਾਕੀ ਤੱਤਾਂ ਦੀ ਉਪਲੱਬਧਤਾ ਬਾਰੇ ਸੁਚੱਜੀ ਜਾਣਕਾਰੀ ਦੇਣਗੀਆਂ। ਇਨ੍ਹਾਂ ਵੈਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋਂ ਇਕ-ਇਕ ਕਰਮਚਾਰੀ ਵੀ ਭੇਜਿਆ ਗਿਆ ਹੈ, ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਜਾਗਰੂਕ ਕਰੇਗਾ।
ਇਸ ਮੌਕੇ ਡਾ. ਵਿਕਰਮ ਸੂਦ ਪ੍ਰੋਜੈਕਟ ਡਾਇਰੈਕਟਰ, ਡਾ. ਚਰਨਜੀਤ ਸਿੰਘ ਏਡੀਓ, ਸੁਖਬੀਰ ਸਿੰਘ ਜੂਨੀਅਰ ਤਕਨੀਸ਼ੀਅਨ ਤੇ ਹੋਰ ਖੇਤੀਬਾੜੀ ਸਟਾਫ਼ ਹਾਜ਼ਰ ਸੀ।