ਨਗਰ ਕੌਂਸਲ ਚੋਣਾਂ ਸਬੰਧੀ ਹਰਜੀਤ ਸਿੰਘ ਸੰਧੂ ਨੇ ਕੀਤੀ ਮੀਟਿੰਗ
ਨਗਰ ਕੌਂਸਲ ਪੱਟੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ ਮੀਟਿੰਗ
Publish Date: Wed, 20 May 2026 06:33 PM (IST)
Updated Date: Thu, 21 May 2026 04:05 AM (IST)

ਨਗਰ ਕੌਂਸਲ ਪੱਟੀ ਦੀਆਂ ਚੋਣਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕੀਤੀ ਮੀਟਿੰਗ ਜ਼ਿਲ੍ਹਾ ਸਹਿ ਪ੍ਰਭਾਰੀ ਤੇ ਪ੍ਰਦੇਸ਼ ਪ੍ਰਵਕਤਾ ਤੋਂ ਇਲਾਵਾ ਜ਼ਿਲ੍ਹਾ ਲੀਡਰਸ਼ਿਪ ਨੇ ਕੀਤੀ ਸ਼ਿਰਕਤ ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਜ਼ਿਲ੍ਹਾ ਤਰਨਤਾਰਨ ਦੇ ਨਗਰ ਕੌਂਸਲ ਪੱਟੀ ਵਿਚ ਹੋ ਰਹੀਆਂ ਚੋਣਾਂ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਵੱਲੋਂ ਪੱਟੀ ਸ਼ਹਿਰ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਨਾਕਾਮ ਕਾਰਗੁਜ਼ਾਰੀ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਅਤੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਬਦਲਾਅ ਦੇ ਨਾਂ ’ਤੇ ਸਿਰਫ਼ ਧੋਖਾ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਸਹਿ ਪ੍ਰਭਾਰੀ ਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ, ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਉਪ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ, ਸਰਕਲ ਪੱਟੀ ਸ਼ਹਿਰੀ ਪ੍ਰਧਾਨ ਵਿਜੇ ਵਿਨਾਇਕ, ਐੱਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਤੋਂ ਇਲਾਵਾ ਹੋਰ ਪਾਰਟੀ ਦੇ ਪ੍ਰਮੁੱਖ ਆਗੂ ਹਾਜਰ ਸਨ। ਇਸ ਮੌਕੇ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਜ਼ਿਲ੍ਹਾ ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ ਨੇ ਕਰਦਿਆਂ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਕਾਨਫਰੰਸ ਦੀ ਅਗਲੀ ਕਾਰਵਾਈ ਲਈ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੂੰ ਸੰਬੋਧਨ ਕਰਨ ਲਈ ਕਿਹਾ। ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਨਗਰ ਕੌਂਸਲ ਪੱਟੀ ਦੇ ਲੋਕ ਪਿਛਲੇ ਲੰਬੇ ਸਮੇਂ ਤੋਂ ਬੁਨਿਆਦੀ ਸਹੂਲਤਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵੱਡੇ-ਵੱਡੇ ਦਾਅਵੇ ਅਤੇ ਝੂਠੇ ਵਾਅਦੇ ਕਰਨ ਤੋਂ ਇਲਾਵਾ ਕੋਈ ਠੋਸ ਵਿਕਾਸੀ ਕੰਮ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਇਲਾਕੇ ਦੇ ਲੋਕ ਟੁੱਟੀਆਂ ਸੜਕਾਂ, ਗੰਦੇ ਪਾਣੀ, ਸੀਵਰੇਜ ਦੀ ਸਮੱਸਿਆ, ਗੰਦਗੀ ਅਤੇ ਖਰਾਬ ਸਫਾਈ ਪ੍ਰਬੰਧਾਂ ਨਾਲ ਜੂਝ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸ਼ਹਿਰਾਂ ਅਤੇ ਕਸਬਿਆਂ ਦਾ ਨਵਾਂ ਰੂਪ ਦਿੱਤਾ ਜਾਵੇਗਾ, ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ, ਸਫਾਈ ਪ੍ਰਬੰਧ ਸੁਧਾਰੇ ਜਾਣਗੇ ਅਤੇ ਹਰ ਵਾਰਡ ਵਿਚ ਵਿਕਾਸ ਦੇ ਕੰਮ ਹੋਣਗੇ, ਪਰ ਅੱਜ ਹਾਲਾਤ ਇਹ ਹਨ ਕਿ ਲੋਕ ਆਪਣੀਆਂ ਰੋਜ਼ਾਨਾ ਦੀਆਂ ਮੁੱਢਲੀਆਂ ਸਮੱਸਿਆਵਾਂ ਲਈ ਵੀ ਸੰਘਰਸ਼ ਕਰਨ ਲਈ ਮਜਬੂਰ ਹਨ। ਸਰਕਾਰ ਦੇ ਨੁਮਾਇੰਦੇ ਸਿਰਫ਼ ਚੋਣਾਂ ਸਮੇਂ ਹੀ ਲੋਕਾਂ ਨੂੰ ਯਾਦ ਕਰਦੇ ਹਨ। ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਹਰ ਮੋਰਚੇ ’ਤੇ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਵਿਕਾਸ ਦੇ ਨਾਂ ’ਤੇ ਸਿਰਫ਼ ਇਸ਼ਤਿਹਾਰਬਾਜ਼ੀ ਕੀਤੀ ਗਈ, ਜਦਕਿ ਜ਼ਮੀਨੀ ਪੱਧਰ ’ਤੇ ਲੋਕ ਅੱਜ ਵੀ ਪ੍ਰੇਸ਼ਾਨ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੱਚਾਈ ਨੂੰ ਸਮਝ ਚੁੱਕੀ ਹੈ ਅਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਝੂਠੇ ਵਾਅਦੇ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦੇਣਗੇ। ਇਸ ਮੌਕੇ ਸਹਿ ਪ੍ਰਭਾਰੀ ਤੇ ਪ੍ਰਦੇਸ਼ ਪ੍ਰਵਕਤਾ ਨਰੇਸ਼ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਪਾਰਟੀ ਦਾ ਹਰ ਇਕ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਪੱਟੀ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ, ਇਮਾਨਦਾਰੀ ਅਤੇ ਲੋਕ ਸੇਵਾ ਦੀ ਰਾਜਨੀਤੀ ਨੂੰ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ ਦਾ ਸਾਥ ਦੇਣ। ਇਸ ਮੌਕੇ ਭਾਜਪਾ ਚੋਣ ਉਮੀਦਵਾਰ ਵਾਰਡ ਨੰ. 1 ਤੋਂ ਸ਼ਰਨਜੀਤ ਕੌਰ, 2 ਤੋਂ ਸੁਰਿੰਦਰ ਸਿੰਘ, 3 ਤੋਂ ਸੁਮਨ ਬਾਲਾ, 4 ਤੋਂ ਧੀਰਜ ਕੁਮਾਰ, 5 ਤੋਂ ਨਵਜੋਤ ਕੌਰ, 6 ਤੋਂ ਨਰਿੰਦਰ ਸਿੰਘ, 7 ਤੋਂ ਕਿਰਨਜੀਤ ਕੌਰ, 8 ਤੋਂ ਜੰਗਾ ਸਿੰਘ, 9 ਤੋਂ ਆਸ਼ਾ ਰਾਣੀ, 10 ਤੋਂ ਰਵਿੰਦਰ ਸੋਨਾ, 11 ਤੋਂ ਰਮਾਂ ਖੁਰਾਣਾ, 12 ਤੋਂ ਪਦਮ ਕੁਮਾਰ, 13 ਤੋਂ ਆਸ਼ਾ ਰਾਣੀ, 15 ਤੋਂ ਜਸ਼ਨਪ੍ਰੀਤ ਕੌਰ, 16 ਤੋਂ ਹਰਭਾਗ ਸਿੰਘ, 17 ਤੋਂ ਗੁਰਲਾਲ ਸਿੰਘ ਢਿੱਲੋਂ, 18 ਤੋਂ ਸਮਸ਼ੇਰ ਸਿੰਘ ਹਾਜਰ ਸਨ।