ਟੀਕਾਕਰਨ ਕੈਂਪਾਂ ਦਾ ਵੱਧ ਤੋ ਵੱਧ ਲਾਭ ਲੈਣ ਲਾਭਪਾਤਰੀ : ਡਾ. ਰਾਏ
ਜ਼ਿਲ੍ਹੇ ਅੰਦਰ 24 ਤੋਂ 30 ਅਪ੍ਰੈਲ ਤਕ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਹਫ਼ਤਾ
Publish Date: Thu, 23 Apr 2026 05:13 PM (IST)
Updated Date: Fri, 24 Apr 2026 04:04 AM (IST)

ਜ਼ਿਲ੍ਹੇ ਅੰਦਰ 24 ਤੋਂ 30 ਅਪ੍ਰੈਲ ਤਕ ਮਨਾਇਆ ਜਾਵੇਗਾ ਵਿਸ਼ਵ ਟੀਕਾਕਰਨ ਹਫ਼ਤਾ ਸਟਾਫ਼ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਸਿਹਤ ਵਿਭਾਗ ਤਰਨਤਾਰਨ ਵੱਲੋਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 24 ਤੋ 30 ਅਪ੍ਰੈਲ ਤਕ ਵਿਸ਼ਵ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇਸ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਘਰ-ਘਰ ਜਾ ਕੇ ਵੀ ਲੋਕਾਂ ਨੂੰ ਟੀਕਾਕਰਨ ਬਾਰੇ ਪ੍ਰੇਰਿਤ ਕਰਨਗੇ। ਇਹ ਸਾਰੀਆ ਗਤੀਵਿਧੀਆਂ ਸੁਚੱਜੇ ਢੰਗ ਨਾਲ ਕਰਵਾਈਆਂ ਜਾਣ ਅਤੇ ਸਬੰਧਤ ਰਿਪੋਰਟਾਂ ਸਮੇਂ ਸਿਰ ਜ਼ਿਲ੍ਹਾ ਹੈੱਡਕੁਆਟਰ ਤੇ ਭੇਜਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਤੇ ਗਰਭਵਤੀ ਔਰਤਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਵਿਚ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਸਬੰਧੀ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਟੀਕਿਆਂ ਰਾਹੀਂ ਰੋਕੀਆਂ ਜਾ ਸਕਣ ਵਾਲੀਆਂ ਬਿਮਾਰੀਆਂ ਤੋ ਬਚਾਅ ਲਈ ਸਮੂਹਿਕ ਯਤਨਾਂ ਨੂੰ ਤੇਜ਼ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਹਫ਼ਤੇ ਦੌਰਾਨ ਉੱਚ ਜ਼ੋਖਮ ਵਾਲੇ ਸਾਰੇ ਖੇਤਰਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਅਤੇ ਜਾਗਰੂਕਤਾ ਸਰਗਰਮੀਆ ਕੀਤੀਆਂ ਜਾਣਗੀਆਂ। ਇਨ੍ਹਾਂ ਕੈਂਪਾਂ ਜ਼ਰੀਏ ਵਿਸ਼ੇਸ਼ ਤੌਰ ਤੇ ਪ੍ਰਵਾਸੀ ਆਬਾਦੀ ਵਾਲੇ ਖੇਤਰਾਂ ਝੁੱਗੀਆਂ, ਬਸਤੀਆਂ, ਸਲੱਮ ਏਰੀਏ ਤੇ ਭੱਠੇ ਆਦਿ ਵਿਚ ਰਹਿਣ ਵਾਲੀਆਂ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦਾ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇਗਾ। ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਸ਼ਹਿਰੀ ਖੇਤਰਾਂ ਅਤੇ ਪ੍ਰਵਾਸੀ ਅਬਾਦੀ ਵਾਲੇ ਇਲਾਕਿਆਂ ਵਿਚ ਟੀਕਾਕਰਨ ਕਵਰੇਜ ਵਧਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਤਾਂ ਕਿ ਕੋਈ ਵੀ ਬੱਚਾ ਜਾਂ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਸਬੰਧੀ ਜਾਗਰੂਕਤਾ ਵਧਾਉਣ ਲਈ ਆਈਈਸੀ ਗਤੀਵਿਧੀਆਂ ਰਾਹੀਂ ਗੁਰਦੁਆਰਿਆਂ, ਮੰਦਰਾਂ ਵਿਚ ਅਨਾਊਂਸਮੈਂਟਾਂ ਕਰਵਾਈਆਂ ਜਾਣ, ਤਾਂ ਜੋ ਆਮ ਲੋਕਾਂ ਨੂੰ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਸਬੰਧੀ ਜਾਗਰੂਕ ਕੀਤਾ ਜਾ ਸਕੇ। ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਰਣਦੀਪ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੁਖਵੰਤ ਸਿੰਘ ਸਿੱਧੂ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਬਲਜਿੰਦਰ ਕੌਰ ਅਤੇ ਐੱਲਐੱਚਵੀ ਰਜਵੰਤ ਕੌਰ ਆਦਿ ਹਾਜ਼ਰ ਸਨ। ਡਾ. ਗੁਰਪ੍ਰੀਤ ਸਿੰਘ ਰਾਏ ਸਿਵਲ ਸਰਜਨ ਤਰਨਤਾਰਨ।