ਨਸ਼ਾ ਤਸਕਰਾਂ ਦੀ ਸਾਜ਼ਿਸ਼ ਨਾਕਾਮ: ਸਰਹੱਦੀ ਪਿੰਡ ਡੱਲ ’ਚੋਂ ਕਰੋੜਾਂ ਦੀ ਹੈਰੋਇਨ ਬਰਾਮਦ
ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਵਿੱਚੋਂ ਥਾਣਾ ਖਾਲੜਾ ਦੀ ਪੁਲਿਸ ਤੇ ਬੀਐੱਸਅਐੱਫ ਦੇ ਜਵਾਨਾਂ ਨੇ ਸਾਂਝੇ ਤੌਰ ’ਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਖੇਪ ਡਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਇੱਧਰ ਸੁੱਟੀ ਗਈ ਸੀ।
Publish Date: Fri, 08 May 2026 12:39 PM (IST)
Updated Date: Fri, 08 May 2026 12:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਖਾਲੜਾ। ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਡੱਲ ਵਿੱਚੋਂ ਥਾਣਾ ਖਾਲੜਾ ਦੀ ਪੁਲਿਸ ਤੇ ਬੀਐੱਸਅਐੱਫ ਦੇ ਜਵਾਨਾਂ ਨੇ ਸਾਂਝੇ ਤੌਰ ’ਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਖੇਪ ਡਰੋਨ ਦੀ ਮਦਦ ਨਾਲ ਸਰਹੱਦ ਪਾਰੋਂ ਇੱਧਰ ਸੁੱਟੀ ਗਈ ਸੀ।
ਸਬ ਇੰਸਪੈਕਟਰ ਪ੍ਰਦੀਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਮੌਕੇ ਕਲਸੀਆਂ ਪਿੰਡ ਵਿਚ ਮੌਜੂਦ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਸੁਖਦੇਵ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਪਿੰਡ ਡੱਲ ਦੇ ਵਾਹਣ ਵਿਚ ਪੀਲੇ ਰੰਗ ਦਾ ਪੈਕੇਟ ਡਿੱਗਾ ਹੈ।
ਉਹ ਪੁਲਿਸ ਕਰਮਚਾਰੀਆਂ ਸਣੇ ਮੌਕੇ ’ਤੇ ਪੁੱਜੇ ਅਤੇ ਸਰਹੱਦੀ ਚੌਂਕੀ ਬੀਓਪੀ ਧਰਮਾ ’ਤੇ ਤਾਇਨਾਤ ਬੀ.ਐੱਸ.ਐੱਫ. ਦੀ 142 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਜੇਸ਼ ਯਾਦਵ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਉਕਤ ਪੀਲੇ ਰੰਗ ਦੇ ਪੈਕੇਟ ਜਿਸ ਨਾਲ ਕੁੰਡੀ ਵੀ ਲੱਗੀ ਹੋਈ ਸੀ, ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 516 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ਸਬੰਧੀ ਥਾਣਾ ਖਾਲੜਾ ਵਿਚ ਐੱਨ.ਡੀ.ਪੀ.ਐੱਸ. ਅਤੇ ਭਾਰਤੀ ਵਾਯੂਯਾਨ ਅਧੀਨਿਯਮ ਐਕਟ ਦੀਆਂ ਧਾਰਾਵਾਂ ਤਹਿਤ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਲਦ ਉਸਦੀ ਪਛਾਣ ਕਰਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।