ਮਾਨ ਸਰਕਾਰ ਦੀ ‘ਸੰਵਾਦ’ ਮੁਹਿੰਮ ਤਹਿਤ ਹਲਕਾ ਪੱਟੀ ਦੇ ਪਿੰਡਾਂ ’ਚ ਲੋਕਾਂ ਵੱਲੋਂ ਭਰਪੂਰ ਹੁੰਗਾਰਾ
ਸਿੱਖਿਆ, ਸਿਹਤ, ਬਿਜਲੀ, ਪਾਣੀ ਤੇ ਬੁਨਿਆਦੀ ਢਾਂਚੇ ਦੇ ਖੇਤਰ ’ਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ,
Publish Date: Sat, 04 Apr 2026 05:52 PM (IST)
Updated Date: Sun, 05 Apr 2026 04:05 AM (IST)

ਸਿੱਖਿਆ, ਸਿਹਤ, ਬਿਜਲੀ, ਪਾਣੀ ਤੇ ਬੁਨਿਆਦੀ ਢਾਂਚੇ ਦੇ ਖੇਤਰ ’ਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਉਪਰਾਲੇ ਕੀਤੇ : ਬੀਬਾ ਸੁਰਿੰਦਰਪਾਲ ਕੌਰ ਭੁੱਲਰ ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਜਨ ਸੰਪਰਕ ਮੁਹਿੰਮ ‘ਸੰਵਾਦ’ ਤਹਿਤ ਹਲਕਾ ਪੱਟੀ ਦੇ ਵੱਖ-ਵੱਖ ਪਿੰਡਾਂ ’ਚ ਆਮ ਆਦਮੀ ਪਾਰਟੀ ਵੱਲੋਂ ਸਮਾਗਮ ਕਰਵਾਏ ਗਏ, ਜਿੱਥੇ ਵੱਖ-ਵੱਖ ਬੁਲਾਰਿਆਂ ਨੇ ਸ਼ਿਰਕਤ ਕਰਦੇ ਹੋਏ ਲੋਕਾਂ ਨਾਲ ਰੂਬਰੂ ਗੱਲਬਾਤ ਕੀਤੀ ਤੇ ਪਿਛਲੇ ਚਾਰ ਸਾਲਾਂ ’ਚ ਮਾਨ ਸਰਕਾਰ ਵੱਲੋਂ ਕੀਤੇ ਗਏ ਵਿਕਾਸੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੁਹਿੰਮ ਤਹਿਤ ਪਿੰਡ ਜੱਲੋਕੇ, ਭੰਗਾਲਾ ਤੇ ਝੁੱਗੀਆਂ ਨੱਥਾ ਸਿੰਘ ’ਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਗਏ, ਜਿੱਥੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਨਾਲ’ ਮੁਹਿੰਮ ਅਧੀਨ ਲੋਕਾਂ ਨਾਲ ਸਿੱਧਾ ਸੰਪਰਕ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ ਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਚਰਚਾ ਕੀਤੀ ਗਈ। ਪਿੰਡ ਵਾਸੀਆਂ ਵੱਲੋਂ ਵੱਡੀ ਗਿਣਤੀ ’ਚ ਹਾਜ਼ਰੀ ਭਰ ਕੇ ਸਮਾਗਮ ਨੂੰ ਸਫਲ ਬਣਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੀਬਾ ਸੁਰਿੰਦਰਪਾਲ ਕੌਰ ਭੁੱਲਰ, ਪਤਨੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮਾਨ ਸਰਕਾਰ ਨੇ ਪਿਛਲੇ ਚਾਰ ਸਾਲਾਂ ’ਚ ਲੋਕ ਭਲਾਈ ਲਈ ਇਤਿਹਾਸਿਕ ਫ਼ੈਸਲੇ ਲਏ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਜ਼ਿੰਦਗੀ ’ਚ ਸੁਧਾਰ ਲਿਆਉਣਾ ਤੇ ਹਰ ਵਰਗ ਨੂੰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿੱਖਿਆ, ਸਿਹਤ, ਬਿਜਲੀ, ਪਾਣੀ ਤੇ ਬੁਨਿਆਦੀ ਢਾਂਚੇ ਦੇ ਖੇਤਰ ’ਚ ਸਰਕਾਰ ਵੱਲੋਂ ਕਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ, ਜਿਨ੍ਹਾਂ ਦਾ ਸਿੱਧਾ ਲਾਭ ਲੋਕਾਂ ਨੂੰ ਮਿਲ ਰਿਹਾ ਹੈ। ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਏ ਗਏ ਹਨ ਤੇ ਕਿਸਾਨਾਂ ਦੀ ਭਲਾਈ ਲਈ ਵੀ ਕਈ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਬੀਬਾ ਭੁੱਲਰ ਨੇ ਕਿਹਾ ਕਿ ‘ਸੰਵਾਦ’ ਮੁਹਿੰਮ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਾਣਨਾ ਤੇ ਉਨ੍ਹਾਂ ਦਾ ਹੱਲ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਹਰ ਫ਼ੈਸਲਾ ਲੋਕ ਹਿੱਤ ’ਚ ਲਿਆ ਜਾਂਦਾ ਹੈ। ਪਿੰਡਾਂ ਦੇ ਵਿਕਾਸ ਲਈ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ ਤੇ ਆਉਣ ਵਾਲੇ ਸਮੇਂ ’ਚ ਹੋਰ ਵੀ ਵੱਡੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਸਮੱਰਥਨ ਕਰਨ ਤੇ ਵਿਕਾਸ ਦੇ ਇਸ ਯਾਤਰਾ ’ਚ ਆਪਣਾ ਯੋਗਦਾਨ ਪਾਉਣ। ਸਮਾਗਮ ਦੌਰਾਨ ਹੋਰ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਸਾਹਮਣੇ ਰੱਖਿਆ। ਪਿੰਡ ਵਾਸੀਆਂ ਨੇ ਵੀ ਆਪਣੀਆਂ ਸਮੱਸਿਆਵਾਂ ਬੁਲਾਰਿਆਂ ਦੇ ਧਿਆਨ ’ਚ ਲਿਆਂਦੀਆਂ, ਜਿਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ। ਸਮਾਗਮਾਂ ਦੌਰਾਨ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ ਤੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ। ਅੰਤ ’ਚ ਆਯੋਜਕਾਂ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਤੇ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਜਾਰੀ ਰੱਖਣ ਦੀ ਗੱਲ ਕੀਤੀ ਗਈ।