ਪਿੰਡਾਂ ਦੇ ਸਰਬਪੱਖੀ ਵਿਕਾਸ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਦੀ ਅਹਿਮ ਭੂਮਿਕਾ : ਭੁੱਲਰ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ ਗਈ।
Publish Date: Fri, 27 Feb 2026 07:09 PM (IST)
Updated Date: Sat, 28 Feb 2026 04:05 AM (IST)

ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : ਦਸੰਬਰ 2025 ਵਿਚ ਹੋਈਆਂ ਜ਼ਿਲ੍ਹਾ ਪ੍ਰੀਸਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਸਹੁੰ ਚਕਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਸਥਾਨਕ ਇੰਨਡੋਰ ਸਟੇਡੀਅਮ ਹਾਲ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਜਿਥੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸਦ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਸਮੂਹ ਮੈਂਬਰਾਂ ਨੂੰ ਮਿਹਨਤ ਤੇ ਲਗਨ ਨਾਲ ਇਲਾਕੇ ਅਤੇ ਪਿੰਡਾਂ ਦੀ ਨੁਹਾਰ ਬਦਲਣ ਦਾ ਸੱਦਾ ਦਿੱਤਾ। ਉਨ੍ਹਾਂ ਸਮੂਹ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਕਤੀਆਂ ਤੋਂ ਜਾਣੂ ਕਰਵਾਇਆ ਅਤੇ ਹਰੇਕ ਮੈਂਬਰ ਨੂੰ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਹਰੇਕ ਮੈਂਬਰ ਦੀ ਇਹ ਨਿੱਜੀ ਜਿੰਮੇਵਾਰੀ ਬਣਦੀ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਵੱਧ-ਚੜ੍ਹ ਕੇ ਕਰਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ, ਵਿਕਾਸ ਕਾਰਜਾਂ ਅਤੇ ਸੂਬੇ ਦੇ ਲੋਕ ਦੀ ਭਲਾਈ ਲਈ ਹਰੇਕ ਪੱਖ ਤੋਂ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਰਾਜ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਤੋਂ ਪਹਿਲਾਂ ਏਡੀਸੀ ਪੇਂਡੂ ਵਿਕਾਸ ਸੁਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਜ਼ਿਲ੍ਹਾ ਪ੍ਰੀਸਦ ਅਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਹਾਜ਼ਰ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਸਕੀਮਾਂ ਅਤੇ ਚੱਲ ਰਹੇ ਵਿਕਾਸ ਕੰਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਜਿੰਦਰ ਸਿੰਘ ਉਸਮਾ, ਚੇਅਰਮੈਨ ਮਾਰਕੀਟ ਕਮੇਟੀ ਹਰੀਕੇ ਦਿਲਬਾਗ ਸਿੰਘ, ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ, ਐੱਸਡੀਐੱਮ ਭਿੱਖੀਵਿੰਡ ਸਿਮਰਨਜੀਤ ਸਿੰਘ, ਐੱਸਡੀਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਪਿਆਰ ਸਿੰਘ, ਸਮੂਹ ਬੀਡੀਪੀਓਜ਼, ਅੰਗਦ ਸੋਹਲ, ਦਿਲਬਾਗ ਸਿੰਘ, ਜਰਨੈਲ ਸਿੰਘ, ਹਰਪਾਲ ਸਿੰਘ ਕੋਟ ਧਰਮ ਚੰਦ, ਟਹਿਲਬੀਰ ਸਿੰਘ, ਯੋਧਬੀਰ ਸਿੰਘ, ਜਸਕਰਨ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।