ਇੰਸਪੈਕਟਰ ਬਲਜੀਤ ਕੌਰ ਨੇ ਥਾਣਾ ਗੋਇੰਦਵਾਲ ਸਾਹਿਬ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ
ਇਲਾਕੇ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਨਿਪਟਣਗੇ।
Publish Date: Wed, 06 May 2026 07:20 PM (IST)
Updated Date: Thu, 07 May 2026 04:12 AM (IST)
ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਵਿਖੇ ਨਵ-ਨਿਯੁਕਤ ਹੋਏ ਇੰਸਪੈਕਟਰ ਬਲਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ। ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਏ। ਨਵ-ਨਿਯੁਕਤ ਐੱਸਐੱਚਓ ਬਲਜੀਤ ਕੌਰ ਨੇ ਇਸ ਨਿਯੁਕਤੀ ਲਈ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਤਿਹਾਸਿਕ ਗੁਰੂ ਨਗਰੀ ’ਚ ਨਿਯੁਕਤੀ ਨਾਲ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਦਾ ਮੌਕਾ ਦਿੱਤਾ ਹੈ, ਜਿਹੜੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਬਲਜੀਤ ਕੌਰ ਨੇ ਕਿਹਾ ਕਿ ਡੀਐੱਸਪੀ ਹਰਿੰਦਰ ਸਿੰਘ ਦੀ ਅਗਵਾਈ ਹੇਠ ਤੇ ਸਹਿਯੋਗੀ ਕਰਮਚਾਰੀਆਂ ਦੇ ਸਹਿਯੋਗ ਨਾਲ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਇਲਾਕੇ ਦੇ ਲੋਕਾਂ ਦੀ ਸੇਵਾ ’ਚ ਦਿਨ ਰਾਤ ਹਾਜ਼ਰ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਇਲਾਕੇ ’ਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਨਿਪਟਣਗੇ। ਉਨ੍ਹਾਂ ਅੱਗੇ ਕਿਹਾ ਕਿ ਥਾਣੇ ’ਚ ਆਉਣ ਵਾਲੇ ਹਰ ਨਾਗਰਿਕ ਦਾ ਮਾਣ ਸਨਮਾਨ ਹੋਵੇਗਾ ਤੇ ਇਨਸਾਫ਼ ਲੈਣ ਆਏ ਲੋਕਾਂ ਨੂੰ ਕਿਸੇ ਵੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਸ ਮੌਕੇ ਐੱਸਐੱਚਓ ਬਲਜੀਤ ਕੌਰ ਨੇ ਇਲਾਕੇ ਦੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਸਮਾਜ ਵਿਰੋਧੀ ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ’ਚ ਪੁਲਿਸ ਦਾ ਸਾਥ ਦੇਣ।