ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫਰਵਰੀ ਨੂੰ ਪਿੰਡ ਬ੍ਰਹਮਪੁਰਾ ’ਚ ਮਨਾਈ ਜਾਵੇਗੀ : ਬ੍ਰਹਮਪੁਰਾ, ਸ਼ੇਖ਼
ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਹਾਜਰੀ ਭਰਨਗੀਆਂ।
Publish Date: Wed, 25 Feb 2026 06:43 PM (IST)
Updated Date: Thu, 26 Feb 2026 04:08 AM (IST)

ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਮਾਝੇ ਦੇ ਜਰਨੈਲ ਮੰਨੇ ਜਾਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ ਸਮੂਹ ਬ੍ਰਹਮਪੁਰਾ ਪਰਿਵਾਰ ਵਲੋਂ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਬ੍ਰਹਮਪੁਰਾ, ਹਲਕਾ ਖਡੂਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਪੁੱਤਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਇਸ ਮੌਕੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਹਾਜਰੀ ਭਰਨਗੀਆਂ। ਬ੍ਰਹਮਪੁਰਾ ਤੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ਼ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਇਕ ਬੇਦਾਗ, ਨਿਰਭੀਕ ਅਤੇ ਅਡੋਲ ਸ਼ਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬ, ਪੰਥ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੀ। ਉਹ ਮਾਝੇ ਦੀ ਸਿਆਸਤ ਵਿਚ ਇਕ ਮਜ਼ਬੂਤ ਸਤੰਭ ਸਨ ਅਤੇ ਹਮੇਸ਼ਾਂ ਸਿਧਾਂਤਕ ਰਾਜਨੀਤੀ ਦੇ ਹਾਮੀ ਰਹੇ। ਜਥੇਦਾਰ ਬ੍ਰਹਮਪੁਰਾ ਕਈ ਵਾਰ ਵਿਧਾਇਕ ਰਹੇ ਅਤੇ ਖਡੂਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਇਲਾਕੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ। ਉਹ ਪੰਜਾਬ ਸਰਕਾਰ ਵਿਚ ਦੋ ਵਾਰ ਕੈਬਨਿਟ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ। ਇਸ ਤੋਂ ਇਲਾਵਾ ਉਹ ਲੋਕ ਸਭਾ ਦੇ ਮੈਂਬਰ ਵਜੋਂ ਵੀ ਦੇਸ਼ ਦੀ ਸੰਸਦ ਵਿਚ ਪੰਜਾਬ ਦੇ ਹੱਕਾਂ ਦੀ ਆਵਾਜ ਬਣੇ। ਲੋਕਾਂ ਨਾਲ ਸਿੱਧੀ ਗੱਲਬਾਤ ਅਤੇ ਸਾਦਗੀ ਪੂਰਨ ਜੀਵਨ ਸ਼ੈਲੀ ਕਰਕੇ ਉਹ ਹਰ ਵਰਗ ਵਿਚ ਲੋਕ ਪ੍ਰਿਯ ਸਨ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਸਾਹਿਬ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ, ਪਰ ਉਨ੍ਹਾਂ ਦੇ ਦੱਸੇ ਰਸਤੇ ‘ਤੇ ਚੱਲ ਕੇ ਹੀ ਅਸਲੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਬਰਸੀ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਚੇਅਰਮੈਂਨ ਗੁਰਸੇਵਕ ਸਿੰਘ ਸ਼ੇਖ਼ ਤੋਂ ਇਲਾਵਾ ਹੋਰ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੌਜੂਦ ਸਨ।