ਪਰਾਲੀ ਸਾੜਨ ਨਾਲ ਜ਼ਮੀਨ ਦੀ ਘਟਦੀ ਉਪਜਾਊ ਸ਼ਕਤੀ : ਡਾ. ਯਾਦਵਿੰਦਰ ਸਿੰਘ
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾਗਰੂਕ
Publish Date: Sat, 18 Oct 2025 05:33 PM (IST)
Updated Date: Sun, 19 Oct 2025 04:03 AM (IST)

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕੀਤਾ ਜਾਗਰੂਕ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਖਡੂਰ ਸਾਹਿਬ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜ੍ਹਨ ਦੀ ਥਾਂ ੳਸ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਜਾਣਕਾਰੀ ਦੇਣ ਲਈ ਕਲੱਸਟਰ ਅਫਸਰ ਡਾ. ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਖਡੂਰ ਸਾਹਿਬ ਦੇ ਪੈਟਰੋਲ ਪੰਪ ’ਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਅਭਿਆਨ ਚਲਾਇਆ ਗਿਆ। ਇਹ ਜਾਗਰੂਕਤਾ ਅਭਿਆਨ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ, ਆਈਏਐੱਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉੱਪ ਮੰਡਲ ਮਜਿਸਟਰੇਟ ਸਾਹਿਬ ਖੁਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਖਡੂਰ ਸਾਹਿਬ ਦੀ ਟੀਮ ਵੱਲੋਂ ਚਲਾਇਆ ਗਿਆ। ਇਸ ਮੌਕੇ ਡਾ. ਯਾਦਵਿੰਦਰ ਸਿੰਘ ਕਲੱਸਟਰ ਅਫ਼ਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿੰਨਾਂ ਕਿਸਾਨਾਂ ਨੇ ਆਲੂ ਤੇ ਮਟਰ ਦੀ ਬਿਜਾਈ ਕਰਨੀ ਹੈ, ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ, ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ ਤਿੰਨ ਹਜ਼ਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਦਸ ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼, 1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਹਾਇਤਾ ਜਾਂ ਜਾਣਕਾਰੀ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਪੰਚਾਇਤ ਸਕੱਤਰ ਕਿਰਨਦੀਪ ਸਿੰਘ, ਦੀਪਕ ਕੁਮਾਰ ਲਵਪ੍ਰੀਤ ਕੌਰ, ਦਿਲਬਾਗ ਸਿੰਘ, ਪਿ੍ਤਪਾਲ ਸਿੰਘ, ਸੁਖਵਿੰਦਰ ਸਿੰਘ, ਹਰਦਿਆਲ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ।