- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਮਾਰਟ ਮੀਟਰਾਂ ਖ਼ਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਪ੍ਰਦਰਸ਼ਨ

ਕੁਲਦੀਪ ਸਿੰਘ ਮਾਨ•, ਪੰਜਾਬੀ ਜਾਗਰਣ,
ਖਡੂਰ ਸਾਹਿਬ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਚੱਕ ਕਰੇ ਖਾਂ ਵੱਲੋਂ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਅਗਵਾਈ ਹੇਠ ਸਬ-ਡਵੀਜ਼ਨ ਨਾਗੋਕੇ ਮੋੜ ਵਿਖੇ ਚਿੱਪ ਵਾਲੇ ਸਮਾਰਟ ਮੀਟਰ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਜਮ੍ਹਾਂ ਕਰਵਾਏ ਗਏ। ਇਸ ਮੌਕੇ ਕਿਸਾਨਾਂ-ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ ਗਈ।
ਮੀਟਰ ਜਮ੍ਹਾਂ ਕਰਵਾਉਣ ਤੋਂ ਪਹਿਲਾਂ ਬਿਜਲੀ ਘਰ ਨਾਗੋਕੇ ਮੋੜ ਵਿਖੇ ਇਕੱਠੇ ਹੋਏ ਕਿਸਾਨਾਂ-ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਇਕਾਈ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ’ਤੇ ਮਹਿੰਗਾਈ ਦਾ ਵਾਧੂ ਬੋਝ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਚਿੱਪ ਵਾਲੇ ਸਮਾਰਟ ਮੀਟਰਾਂ ਵਿਚ ਪਹਿਲਾਂ ਤੋਂ ਪੈਸੇ ਪਾਉਣਾ ਮੁਸ਼ਕਿਲ ਹੈ, ਜਦਕਿ ਮਹਿੰਗਾਈ ਕਾਰਨ ਲੋਕ ਪਹਿਲਾਂ ਹੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਆਮ ਲੋਕਾਂ ਨੂੰ ਰਾਹਤ ਦੇਣ ਲਈ ਬਿਜਲੀ ਦੀ ਪ੍ਰਤੀ ਯੂਨਿਟ ਦਰ ਦੋ ਰੁਪਏ ਕੀਤੀ ਜਾਵੇ, ਤਾਂ ਜੋ ਗਰੀਬ ਪਰਿਵਾਰਾਂ ’ਤੇ ਪੈ ਰਹੇ ਮਹਿੰਗਾਈ ਦੇ ਬੋਝ ਨੂੰ ਘਟਾਇਆ ਜਾ ਸਕੇ।
ਇਸ ਮੌਕੇ ਬਿਜਲੀ ਦਫ਼ਤਰ ਦੇ ਬਾਹਰ ਕਿਸਾਨਾਂ-ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬਿਜਲੀ ਬੋਰਡ ਦੇ ਐੱਸਡੀਓ ਅਤੇ ਹੋਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਜਥੇਬੰਦੀ ਦੇ ਆਗੂਆਂ ਵੱਲੋਂ ਚਿੱਪ ਵਾਲੇ ਸਮਾਰਟ ਮੀਟਰ ਜਮ੍ਹਾਂ ਕਰਵਾਏ ਗਏ। ਇਸ ਮੌਕੇ ਮਨਜੀਤ ਸਿੰਘ, ਲਖਬੀਰ ਸਿੰਘ, ਪ੍ਰੈੱਸ ਸਕੱਤਰ ਵਿਸ਼ਾਲ ਸਿੰਘ, ਮੀਤ ਪ੍ਰਧਾਨ ਲਵਪ੍ਰੀਤ ਸਿੰਘ, ਸੁਖਚੈਨ ਸਿੰਘ, ਤਜਿੰਦਰ ਸਿੰਘ, ਬਲਜੀਤ ਸਿੰਘ, ਵਿਕਰਮਜੀਤ ਸਿੰਘ, ਰੇਸ਼ਮ ਸਿੰਘ, ਬੀਬੀ ਗੁਰਮੀਤ ਕੌਰ, ਮਨਜੀਤ ਕੌਰ, ਜਿੰਦਰ ਕੌਰ, ਬਲਵਿੰਦਰ ਕੌਰ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।