ਪ੍ਰਦਰਸ਼ਨ ’ਚ ਸ਼ਾਮਿਲ ਹੋਣ ਲਈ ਪੱਟੀ ਤੋਂ ਰਵਾਨਾ ਹੋਏ ਕਿਸਾਨ
ਬਰਨਾਲਾ ’ਚ ਹੋਣ ਵਾਲੇ ਕਿਸਾਨ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਪੱਟੀ ਤੋਂ ਰਵਾਨਾ ਹੋਏ ਕਿਸਾਨ : ਕਾਮਰੇਡ ਮਹਾਂਵੀਰ ਸਿੰਘ ਗਿੱਲ
Publish Date: Tue, 10 Mar 2026 05:03 PM (IST)
Updated Date: Wed, 11 Mar 2026 04:04 AM (IST)

ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬਰਨਾਲਾ ਵਿਖੇ ਹੋਣ ਵਾਲੇ ਵਿਸ਼ਾਲ ਕਿਸਾਨ ਪ੍ਰਦਰਸ਼ਨ ਵਿਚ ਸ਼ਾਮਿਲ ਹੋਣ ਲਈ ਕੁਲ ਹਿੰਦ ਕਿਸਾਨ ਸਭਾ ਸੂਬਾ ਵਰਕਿੰਗ ਪ੍ਰਧਾਨ ਕਾਮਰੇਡ ਮਹਾਂਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਪੱਟੀ ਤੋਂ ਬਰਨਾਲਾ ਲਈ ਰਵਾਨਾ ਹੋ ਗਏ। ਇਸ ਮੌਕੇ ਕਿਸਾਨਾਂ ਵਿਚ ਸੰਘਰਸ਼ ਨੂੰ ਲੈ ਕੇ ਕਾਫ਼ੀ ਜੋਸ਼ ਵੇਖਣ ਨੂੰ ਮਿਲਿਆ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਾਮਰੇਡ ਮਹਾਂਵੀਰ ਸਿੰਘ ਗਿੱਲ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਜੁੜੇ ਕਈ ਅਹਿਮ ਮਸਲਿਆਂ ਨੂੰ ਲੈ ਕੇ ਇਹ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਵਰਗ ਲਗਾਤਾਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਿਹਾ ਹੈ ਤੇ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਕਿਸਾਨਾਂ ਨੂੰ ਮੁੜ ਸੰਘਰਸ਼ ਦਾ ਰਾਹ ਅਪਣਾਉਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨ ਦੌਰਾਨ ਸਰਕਾਰ ਤੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਨ, ਬਿਜਲੀ ਬਿੱਲ 2025 ਅਤੇ ਬੀਜ ਬਿੱਲ 2025 ਨੂੰ ਵਾਪਸ ਲੈਣ, ਲੇਬਰ ਕਾਨੂੰਨਾਂ ਵਿਚ ਕੀਤੀਆਂ ਤਬਦੀਲੀਆਂ ਰੱਦ ਕਰਨ, ਮਨਰੇਗਾ ਕਾਨੂੰਨ ਨੂੰ ਮਜ਼ਬੂਤ ਬਣਾਉਣ, ਪੰਚਾਇਤਾਂ ਨਾਲ ਸੰਬੰਧਿਤ ਮਸਲਿਆਂ ਦਾ ਹੱਲ ਕਰਨ ਅਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਵਰਗੀਆਂ ਮੰਗਾਂ ਉਠਾਈਆਂ ਜਾਣਗੀਆਂ। ਕਾਮਰੇਡ ਮਹਾਂਵੀਰ ਸਿੰਘ ਗਿੱਲ ਨੇ ਕਿਹਾ ਕਿ ਜਦ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਤਦ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਬਰਨਾਲਾ ਪਹੁੰਚ ਕੇ ਇਸ ਵਿਸ਼ਾਲ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।