ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਹੜ੍ਹ ਪੀੜਤਾਂ ਦੇ ਮੁਆਵਜ਼ੇ ਲਈ ਐੱਸਡੀਐੱਮ ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
ਕੋਟ ਬੁੱਢਾ ਨੇ ਕਿਹਾ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਮੁਆਵਜ਼ੇ ਦੀ ਵੰਡ ਪ੍ਰਣਾਲੀ ’ਚ ਸਿਆਸੀ ਸ਼ਹਿ ਤੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ।
Publish Date: Wed, 18 Mar 2026 05:18 PM (IST)
Updated Date: Thu, 19 Mar 2026 04:05 AM (IST)

ਬੱਲੂ ਮਹਿਤਾ/ਕੇਪੀ ਗਿੱਲ• ਪੰਜਾਬੀ ਜਾਗਰਣ, ਪੱਟੀ : ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਦੀ ਅਗਵਾਈ ਹੇਠ ਐੱਸਡੀਐੱਮ ਦਫ਼ਤਰ ਪੱਟੀ ਅੱਗੇ ਹੜ੍ਹ ਪੀੜਤ ਲੋਕਾਂ ਨੂੰ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਧਰਨਾ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਸੂਬਾ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ ਨੇ ਕਿਹਾ ਕਿ ਪੱਟੀ ਹਲਕੇ ਦੇ ਇਲਾਕੇ ਹਰੀਕੇ ਪੱਤਣ ਤੋਂ ਲੈ ਕੇ ਮੁੱਠਿਆਂ ਵਾਲਾ ਤੱਕ ਕਿਸਾਨਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਤੇ ਤਰਨਤਾਰਨ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਦੇ ਖਾਤਿਆਂ ’ਚ ਪਾਉਣ ਦਾ ਝੂਠਾ ਐਲਾਨ ਕੀਤਾ ਜਾ ਰਿਹਾ, ਜਦੋਂ ਕਿ ਪੀੜਤ ਕਿਸਾਨ ਅੱਜ ਤੱਕ ਮੁਆਵਜ਼ੇ ਦੀ ਉਡੀਕ ’ਚ ਹਨ। ਕੋਟ ਬੁੱਢਾ ਨੇ ਕਿਹਾ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਮੁਆਵਜ਼ੇ ਦੀ ਵੰਡ ਪ੍ਰਣਾਲੀ ’ਚ ਸਿਆਸੀ ਸ਼ਹਿ ਤੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸੱਤ ਮਹੀਨਿਆਂ ਦੀ ਉਡੀਕ ਤੋਂ ਬਾਅਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੂੰ ਪੀੜਤ ਕਿਸਾਨਾਂ ਦੇ ਹੱਕ ’ਚ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ ਹੈ। ਇਸ ਮੌਕੇ ਸੁਖਵੰਤ ਸਿੰਘ ਦੁਬਲੀ, ਬਾਬਾ ਪ੍ਰਗਟ ਸਿੰਘ ਪ੍ਰਿਗੜੀ, ਸੁੱਚਾ ਸਿੰਘ, ਭਾਈ ਲੱਧੂ, ਸ਼ਿੰਦਰਪਾਲ ਸਿੰਘ ਰਸੂਲਪੁਰ, ਦਰਬਾਰਾ ਸਿੰਘ, ਰਾਮ ਸਿੰਘ ਵਾਲਾ ਆਦਿ ਕਿਸਾਨਾਂ ਨੇ ਸਰਕਾਰ ਦੀ ਲੋਕ ਮਾਰੂ ਨੀਤੀਆਂ ਖ਼ਿਲਾਫ਼ ਜਨਤਕ ਸੰਘਰਸ਼ ਨੂੰ ਤੇਜ਼ ਕਰਨ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਹੜ੍ਹ ਪੀੜਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ’ਚ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਕਿਸਾਨਾਂ ਨੇ ਕਿਸਾਨ ਸੰਯੁਕਤ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤਹਿਤ ਖਨੌਰੀ ਤੇ ਸ਼ੰਭੂ ਮੋਰਚੇ ਦੀ ਵਰੇਗੰਢ ਮੌਕੇ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।