ਡੀਐੱਮ ਖੁਦਕੁਸ਼ੀ ਮਾਮਲੇ ’ਚ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਜਾਵੇ ਗ੍ਰਿਫ਼ਤਾਰ : ਰਮਨਜੀਤ ਸਿੱਕੀ
ਸਿੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਆਤਮ ਹੱਤਿਆ ਕਰਨ ਵਾਲੇ ਅਫ਼ਸਰ ਦੇ ਪਰਿਵਾਰ ਨਾਲ ਡੱਟ ਕੇ ਖੜ੍ਹੀ ਹੈ
Publish Date: Sun, 22 Mar 2026 06:28 PM (IST)
Updated Date: Mon, 23 Mar 2026 04:11 AM (IST)

ਡੀਐੱਮ ਖੁਦਕੁਸ਼ੀ ਮਾਮਲੇ ’ਚ ਲਾਲਜੀਤ ਸਿੰਘ ਭੁੱਲਰ ਨੂੰ ਕੀਤਾ ਜਾਵੇ ਗ੍ਰਿਫ਼ਤਾਰ- ਰਮਨਜੀਤ ਸਿੱਕੀ ਗੁਰਬਰਿੰਦਰ ਸਿੰਘ•,ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਵੇਅਰ ਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਨੂੰ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਮਾਮਲੇ ’ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਖ਼ਿਲਾਫ਼ ਬੇਸ਼ੱਕ ਪਰਿਵਾਰ ਤੇ ਵਿਰੋਧੀ ਧਿਰਾਂ ਦੇ ਦਬਾਅ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਪਰ ਉਨ੍ਹਾਂ ਦੀ ਗ੍ਰਿਫ਼ਤਾਰੀ ਛੇਤੀ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਆਪਣੇ ਜੀਅ ਨੂੰ ਗਵਾ ਚੁੱਕੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਇਹ ਪ੍ਰਗਟਾਵਾ ਹਲਕਾ ਖਡੂਰ ਸਾਹਿਬ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਕ ਇਮਾਨਦਾਰ ਅਫ਼ਸਰ ਦੀ ਜਾਨ ਜਾਣ ਲਈ ਜ਼ਿੰਮੇਵਾਰ ਵਿਅਕਤੀਆਂ ’ਤੇ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਨਹੀਂ, ਬਲਕਿ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗਗਨਦੀਪ ਸਿੰਘ ਰੰਧਾਵਾ ਇਮਾਨਦਾਰ ਅਫ਼ਸਰ ਸਨ ਪਰ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਟੈਂਡਰ ਜਾਰੀ ਕਰਵਾਉਣ ਨੂੰ ਲੈ ਕੇ ਉਸ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ ਗਈ ਤੇ ਜਲੀਲ ਵੀ ਕੀਤਾ ਗਿਆ। ਜਿਸ ਕਰ ਕੇ ਗਗਨਦੀਪ ਸਿੰਘ ਰੰਧਾਵਾ ਨੇ ਖੁਦਕੁਸ਼ੀ ਵਰਗਾ ਖੌਫ਼ਨਾਕ ਕਦਮ ਚੁੱਕਿਆ। ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਸ਼ਰਮਿੰਦਗੀ ਵਾਲੀ ਗੱਲ ਹੈ। ਸਿੱਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਆਤਮ ਹੱਤਿਆ ਕਰਨ ਵਾਲੇ ਅਫ਼ਸਰ ਦੇ ਪਰਿਵਾਰ ਨਾਲ ਡੱਟ ਕੇ ਖੜ੍ਹੀ ਹੈ ਤੇ ਪੀਡ਼ਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕਰੇਗੀ। ਉਨ੍ਹਾਂ ਡੀਜੀਪੀ ਕੋਲੋਂ ਮੰਗ ਕੀਤੀ ਕਿ ਮੰਤਰੀ ਭੁੱਲਰ ’ਤੇ ਕੇਸ ’ਚ ਨਾਮਜ਼ਦ ਉਸਦੇ ਪਿਤਾ ਤੇ ਪੀਏ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।