ਜ਼ਮੀਨੀ ਵਿਵਾਦ : ਖੇਤ ਦੀ ਵੱਟ ਪਿੱਛੇ ਭਤੀਜੇ ਨੇ ਚਾਚੇ ਨੂੰ ਉਤਾਰਿਆ ਮੌਤ ਦੇ ਘਾਟ, ਪਿੰਡ 'ਚ ਸੋਗ ਦੀ ਲਹਿਰ
ਪਿੰਡ ਜੌੜਾ ਵਿੱਚ ਖੇਤ ਦੀ ਵੱਟ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਕਿਸਾਨ ਬਲਬੀਰ ਸਿੰਘ ਦਾ ਉਸ ਦੇ ਭਤੀਜੇ ਸੁਰਜੀਤ ਸਿੰਘ ਵੱਲੋਂ ਕਤਲ ਕਰ ਦਿੱਤਾ ਗਿਆ। ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sat, 23 May 2026 03:11 PM (IST)
Updated Date: Sat, 23 May 2026 04:45 PM (IST)

ਕੇਪੀ ਗਿੱਲ, ਪੰਜਾਬੀ ਜਾਗਰਣ, ਕੈਰੋਂ : ਪਿੰਡ ਜੌੜਾ ਵਿੱਚ ਖੇਤ ਦੀ ਵੱਟ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਕਿਸਾਨ ਬਲਬੀਰ ਸਿੰਘ ਦਾ ਉਸ ਦੇ ਭਤੀਜੇ ਸੁਰਜੀਤ ਸਿੰਘ ਵੱਲੋਂ ਕਤਲ ਕਰ ਦਿੱਤਾ ਗਿਆ। ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿੰਡ ਜੌੜਾ ਦੇ ਰਹਿਣ ਵਾਲੇ ਬਲਬੀਰ ਸਿੰਘ ਦੇ ਦੋ ਪੁੱਤਰ ਵਿਦੇਸ਼ ਰਹਿੰਦੇ ਹਨ, ਜਦਕਿ ਇੱਕ ਪੁੱਤਰ ਹਰਪ੍ਰੀਤ ਸਿੰਘ ਆਪਣੇ ਪਿਤਾ ਨਾਲ ਖੇਤੀਬਾੜੀ ਦਾ ਕੰਮ ਕਰਦਾ ਹੈ। ਸਵੇਰ ਦੇ ਸਮੇਂ ਹਰਪ੍ਰੀਤ ਦੁੱਧ ਪਾਉਣ ਗਿਆ ਹੋਇਆ ਸੀ ਅਤੇ ਉਸ ਦੀ ਮਾਂ ਘਰ ਵਿੱਚ ਖਾਣਾ ਬਣਾ ਰਹੀ ਸੀ। ਖੇਤ ਦੀ ਵੱਟ ਨੂੰ ਲੈ ਕੇ ਚੱਲ ਰਹੀ ਤਕਰਾਰ ਦੇ ਵਿਚਕਾਰ, ਭਤੀਜੇ ਸੁਰਜੀਤ ਸਿੰਘ ਨੇ ਆਪਣੀ ਪਤਨੀ ਹਰਜੀਤ ਕੌਰ ਨਾਲ ਮਿਲ ਕੇ ਗਾਲੀ-ਗਲੋਚ ਸ਼ੁਰੂ ਕਰ ਦਿੱਤੀ।
ਜਦੋਂ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ, ਤਾਂ ਸੁਰਜੀਤ ਸਿੰਘ ਨੇ ਲਾਠੀ ਨਾਲ ਹਮਲਾ ਕਰ ਦਿੱਤਾ। ਸਿਰ 'ਤੇ ਗੰਭੀਰ ਸੱਟ ਲੱਗਣ ਕਾਰਨ ਬਲਬੀਰ ਸਿੰਘ ਬੇਹੋਸ਼ ਹੋ ਕੇ ਡਿੱਗ ਪਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਦੋਵਾਂ ਪਰਿਵਾਰਾਂ ਵਿੱਚ ਬਹਿਸਬਾਜ਼ੀ ਚੱਲ ਰਹੀ ਸੀ, ਜਿਸ ਨੇ ਅੱਜ ਭਿਆਨਕ ਰੂਪ ਧਾਰਨ ਕਰ ਲਿਆ। ਥਾਣਾ ਸਰਹਾਲੀ ਦੇ ਇੰਚਾਰਜ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।