ਉਬੋਕੇ 'ਚ ਦੋ ਘਰਾਂ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ, ਪੁਲਿਸ ਵੱਲੋਂ ਜਾਂਚ ਸ਼ੁਰੂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
ਹਲਕਾ ਪੱਟੀ ਦੇ ਪਿੰਡ ਉਬੋਕੇ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਘਰਾਂ ਦੇ ਬਾਹਰ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਇਸ ਘਟਨਾ ’ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ’ਚ ਸਹਿਮ ਦਾ ਮਾਹੌਲ ਬਣ ਗਿਆ ਹੈ।
Publish Date: Thu, 09 Jul 2026 12:33 PM (IST)
Updated Date: Thu, 09 Jul 2026 12:37 PM (IST)
ਕੇ ਪੀ ਗਿੱਲ, ਪੰਜਾਬੀ ਜਾਗਰਣ, ਤਰਨਤਾਰਨ। ਹਲਕਾ ਪੱਟੀ ਦੇ ਪਿੰਡ ਉਬੋਕੇ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਘਰਾਂ ਦੇ ਬਾਹਰ ਫਾਇਰਿੰਗ ਕਰਨ ਦੀ ਘਟਨਾ ਸਾਹਮਣੇ ਆਈ ਹੈ। ਹਾਲਾਂਕਿ ਇਸ ਘਟਨਾ ’ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ’ਚ ਸਹਿਮ ਦਾ ਮਾਹੌਲ ਬਣ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਪਿੰਡ ਉਬੋਕੇ ਦੇ ਵਸਨੀਕ ਧੀਰਾ ਸਿੰਘ ਅਤੇ ਪ੍ਰਕਾਸ਼ ਸਿੰਘ, ਦੋਵੇਂ ਪੁੱਤਰ ਨਾਜਰ ਸਿੰਘ ਦੇ ਘਰਾਂ ਦੇ ਬਾਹਰ ਫਾਇਰ ਕੀਤੇ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਅੱਜ ਸਵੇਰੇ ਜਦੋਂ ਦੋਵੇਂ ਪਰਿਵਾਰਾਂ ਦੇ ਮੈਂਬਰ ਘਰਾਂ ਤੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੂੰ ਆਪਣੇ-ਆਪਣੇ ਘਰ ਦੇ ਬਾਹਰੋਂ ਇੱਕ-ਇੱਕ ਖਾਲੀ ਕਾਰਤੂਸ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਣ ਉਪਰੰਤ ਥਾਣਾ ਸਿਟੀ ਪੱਟੀ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਖਾਲੀ ਕਾਰਤੂਸ ਆਪਣੇ ਕਬਜ਼ੇ ’ਚ ਲੈ ਲਏ। ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ’ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਫਿਲਹਾਲ ਹਮਲਾਵਰਾਂ ਦੀ ਪਛਾਣ ਕਰਨ ਅਤੇ ਫਾਇਰਿੰਗ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਹੋਰ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।