- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਲਾੜੂਘੁਮਣ ਦੇ ਨਿਰਵਿਰੋਧ ਸਰਪੰਚ ਚੁਣੇ ਗਏ 74 ਸਾਲਾ ਪ੍ਰਤਾਪ ਸਿੰਘ ਦਾ 18 ਨਵੰਬਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਵਾਰਦਾਤ ਉਸ ਸਮੇਂ ਹੋਈ ਜਦੋਂ ਉਹ ਇੱਕ ਸੋਗ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਤੋਂ ਵਾਪਸ ਪਰਤ ਰਹੇ ਸਨ।

ਧਰਮਬੀਰ ਸਿੰਘ ਮਲਹਾਰ , ਤਰਨਤਾਰਨ: ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ, ਪਾਰਟੀ ਨਾਲ ਸਬੰਧਤ ਆਗੂ ਅਤੇ ਸਰਪੰਚ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ। ਹਾਲ ਹੀ ਵਿੱਚ ਪਿੰਡ ਵਲਟੋਹਾ ਸੰਧੂਆਂ ਦੇ ਮੌਜੂਦਾ ਸਰਪੰਚ ਜਰਮਲ ਸਿੰਘ ਵਲਟੋਹਾ ਦੇ ਕਤਲ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਸ਼ੈਲੀ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਤਰਨਤਾਰਨ ਜ਼ਿਲ੍ਹੇ ਵਿੱਚ ਇਸ ਤੋਂ ਪਹਿਲਾਂ ਵੀ ਕਈ ਆਗੂ ਗੈਂਗਸਟਰਾਂ ਦਾ ਸ਼ਿਕਾਰ ਹੋ ਚੁੱਕੇ ਹਨ।
ਪ੍ਰਮੁੱਖ ਵਾਰਦਾਤਾਂ:
14 ਜਨਵਰੀ 2023: ਝੱਬਾਲ ਦੇ ਸਰਪੰਚ ਅਵਨ ਕੁਮਾਰ ਸੋਨੂੰ ਚੀਮਾ ਦਾ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੀ ਫਾਰਚੂਨਰ ਕਾਰ ਵਿੱਚ ਸਵਾਰ ਹੋ ਕੇ ਭਿੱਖੀਵਿੰਡ ਰੋਡ 'ਤੇ ਸਥਿਤ ਇੱਕ ਸੈਲੂਨ ਵਿੱਚ ਵਾਲ ਕਟਵਾਉਣ ਗਏ ਹੋਏ ਸਨ। ਆਮ ਆਦਮੀ ਪਾਰਟੀ ਦੇ ਮਰਹੂਮ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਕਰੀਬੀ ਰਹੇ ਸੋਨੂੰ ਚੀਮਾ ਕਾਫ਼ੀ ਸਮੇਂ ਤੋਂ ਗੈਂਗਸਟਰਾਂ ਦੀ 'ਹਿੱਟ ਲਿਸਟ' 'ਤੇ ਸਨ।
1 ਮਾਰਚ 2024 ਨੂੰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਕਰੀਬੀ 'ਆਪ' ਵਾਲੰਟੀਅਰ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਦਾ ਫਤਿਹਾਬਾਦ ਸਥਿਤ ਰੇਲਵੇ ਟਰੈਕ ਦੇ ਨੇੜੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗੋਪੀ ਚੋਹਲਾ ਉਸ ਸਮੇਂ ਆਪਣੀ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਥਿਤ ਅਦਾਲਤ ਵਿੱਚ ਧਾਰਾ-307 ਦੇ ਤਹਿਤ ਦਰਜ ਇੱਕ ਮਾਮਲੇ ਦੀ ਤਰੀਕ ਭੁਗਤਣ ਲਈ ਜਾ ਰਹੇ ਸਨ। ਜਦੋਂ ਉਹ ਫਤਿਹਾਬਾਦ ਨੇੜੇ ਪਹੁੰਚੇ ਤਾਂ ਮੋਟਰਸਾਈਕਲ ਸਵਾਰ ਗੈਂਗਸਟਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਪੀ ਚੋਹਲਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ।
13 ਸਤੰਬਰ 2024 ਨੂੰ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੌਧਰੀਵਾਲਾ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਬਚਿੱਤਰ ਸਿੰਘ ਦਾ ਮੋਟਰਸਾਈਕਲ ਸਵਾਰ ਸ਼ੂਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬਚਿੱਤਰ ਸਿੰਘ ਆਮ ਆਦਮੀ ਪਾਰਟੀ ਦੇ ਮੁੱਢਲੇ ਮੈਂਬਰਾਂ (Founder Members) ਵਿੱਚੋਂ ਇੱਕ ਸਨ। ਉਹ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਬਹੁਤ ਕਰੀਬੀ ਸਾਥੀਆਂ ਵਿੱਚ ਗਿਣੇ ਜਾਂਦੇ ਸਨ। ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਹੱਤਿਆ ਕਾਂਡ ਦੀ ਜਾਂਚ ਵਿੱਚ ਵੀ ਇਹ ਸਾਹਮਣੇ ਆਇਆ ਸੀ ਕਿ ਇਸ ਦੇ ਤਾਰ ਗੈਂਗਸਟਰਾਂ ਨਾਲ ਜੁੜੇ ਹੋਏ ਸਨ।
ਪੰਚਾਇਤੀ ਚੋਣਾਂ ਦੇ ਦੌਰਾਨ, ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਤਲਵੰਡੀ ਮੋਹਰ ਸਿੰਘ ਦੀ ਮਹਿਲਾ ਸਰਪੰਚ ਰਾਜਵਿੰਦਰ ਕੌਰ ਰਾਜ ਨੂੰ ਨਿਰਵਿਰੋਧ ਚੋਣ ਜਿਤਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਾਲੰਟੀਅਰ ਰਾਜਵਿੰਦਰ ਸਿੰਘ ਉਰਫ਼ ਰਾਜੂ ਸੰਧੂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਰਾਜੂ ਸੰਧੂ ਜਦੋਂ ਬੀ.ਡੀ.ਪੀ.ਓ. (BDPO) ਦਫ਼ਤਰ ਪੱਟੀ ਤੋਂ ਵਾਪਸ ਪਰਤ ਰਹੇ ਸਨ, ਤਾਂ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਰੋਕ ਕੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਲੰਟੀਅਰ ਰਾਜਵਿੰਦਰ ਸਿੰਘ ਰਾਜੂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਬਹੁਤ ਨਜ਼ਦੀਕੀ ਮੰਨੇ ਜਾਂਦੇ ਸਨ। ਇਸ ਹੱਤਿਆ ਕਾਂਡ ਦੀ ਜਾਂਚ ਵਿੱਚ ਵੀ ਇਹ ਗੱਲ ਸਾਹਮਣੇ ਆਈ ਕਿ ਇਸ ਕਤਲ ਦੀ ਸਾਜ਼ਿਸ਼ ਦੇ ਤਾਰ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਨਾਲ ਜੁੜੇ ਹੋਏ ਸਨ।
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਲਾੜੂਘੁਮਣ ਦੇ ਨਿਰਵਿਰੋਧ ਸਰਪੰਚ ਚੁਣੇ ਗਏ 74 ਸਾਲਾ ਪ੍ਰਤਾਪ ਸਿੰਘ ਦਾ 18 ਨਵੰਬਰ ਨੂੰ ਮੋਟਰਸਾਈਕਲ ਸਵਾਰ ਸ਼ੂਟਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਵਾਰਦਾਤ ਉਸ ਸਮੇਂ ਹੋਈ ਜਦੋਂ ਉਹ ਇੱਕ ਸੋਗ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਤੋਂ ਵਾਪਸ ਪਰਤ ਰਹੇ ਸਨ।
ਇਸ ਅੰਨ੍ਹੇਵਾਹ ਗੋਲੀਬਾਰੀ ਵਿੱਚ ਪ੍ਰਤਾਪ ਸਿੰਘ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਨਾਲ ਮੌਜੂਦ ਬੁੱਧ ਸਿੰਘ ਅਤੇ ਭਗਵੰਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ। ਸਰਪੰਚ ਪ੍ਰਤਾਪ ਸਿੰਘ ਖੇਤੀਬਾੜੀ ਵਿਭਾਗ ਤੋਂ ਸੁਪਰਵਾਈਜ਼ਰ ਵਜੋਂ ਸੇਵਾਮੁਕਤ ਹੋਏ ਸਨ ਅਤੇ ਇਲਾਕੇ ਵਿੱਚ ਇੱਕ ਸਤਿਕਾਰਤ ਸ਼ਖਸੀਅਤ ਸਨ। ਉਹ ਹਲਕੇ ਦੇ ਤਤਕਾਲੀ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਬਹੁਤ ਕਰੀਬੀ ਸਾਥੀਆਂ ਵਿੱਚੋਂ ਇੱਕ ਸਨ। ਪੁਲਿਸ ਜਾਂਚ ਵਿੱਚ ਇਸ ਹੱਤਿਆ ਕਾਂਡ ਦੇ ਤਾਰ ਵੀ ਗੈਂਗਸਟਰਾਂ ਨਾਲ ਜੁੜੇ ਹੋਏ ਪਾਏ ਗਏ ਸਨ।