ਸਭਨਾ ਲਈ ਕਾਨੂੰਨੀ ਸੇਵਾਵਾਂ ਯਕੀਨੀ ਬਣਾ ਰਹੀ ਜ਼ਿਲ੍ਹਾ ਤੇ ਰਾਜ ਪੱਧਰ ਤੇ ਕਾਨੂੰਨੀ ਸੇਵਾਵਾਂ ਅਥਾਰਟੀ
ਕੋਈ ਵੀ ਵਿਅਕਤੀ ਜੇਕਰ ਮੁਫ਼ਤ ਕਾਨੂੰਨੀ ਸੇਵਾਵਾਂ ਲੈਣਾ ਚਾਹੁੰਦਾ ਹੈ, ਤਾਂ ਉਹ ਰਾਜ ਪੱਧਰ ’ਤੇ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਮੁਹਾਲੀ ਨਾਲ ਸੰਪਰਕ ਕਰ ਸਕਦਾ ਹੈ
Publish Date: Tue, 20 Jan 2026 04:49 PM (IST)
Updated Date: Wed, 21 Jan 2026 04:04 AM (IST)

ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਨਸਾਫ਼ ਸਭਨਾਂ ਲਈ ਨਾਅਰੇ ਨੂੰ ਹਕੀਕੀ ਰੂਪ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਹੀ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀਆਂ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਤਰਨਤਾਰਨ ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਔਰਤਾਂ/ਬੱਚੇ, ਮਾਨਸਿਕ ਰੋਗੀ/ਵਿਕਲਾਂਗ, ਜੇਲ੍ਹ ’ਚ ਬੰਦ ਹਵਾਲਾਤੀ ਤੇ ਕੈਦੀ ਜਾਂ ਹਿਰਾਸਤ ’ਚ ਵਿਅਕਤੀਆਂ ਤੋਂ ਇਲਾਵਾ ਬੇਘਰ ਦੇ ਮਾਰੇ, ਫ਼ੌਜੀ ਮੁਲਾਜ਼ਮ/ਕੁਦਰਤੀ ਆਫ਼ਤਾਂ ਦੇ ਮਾਰੇ, ਉਦਯੋਗਿਕ ਕਾਮੇ, ਜਿਹੜੇ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਵੱਧ ਨਾ ਹੋਵੇ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਮੁਫ਼ਤ ਕਾਨੂੰਨੀ ਸਹਾਇਤਾ ’ਚ ਲੋੜਵੰਦਾਂ ਨੂੰ ਅਦਾਲਤਾਂ ’ਚ ਵਕੀਲ ਦੀਆਂ ਮੁਫ਼ਤ ਸੇਵਾਵਾਂ, ਮੁਫ਼ਤ ਕਾਨੂੰਨੀ ਸਲਾਹ ਮਸ਼ਵਰਾ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚੇ, ਵਕੀਲ ਦੀ ਫੀਸ ਤੇ ਅਦਾਲਤੀ ਕਾਰਵਾਈ ’ਚ ਆਉਣ ਵਾਲੇ ਹੋਰ ਸਾਰੇ ਖ਼ਰਚਿਆਂ ਦੀ ਅਦਾਇਗੀ ਤੇ ਘਰ ਹਵਾਲਾਤੀ/ਅਨਾਥ ਨੂੰ ਰਿਹਾਇਤ ਦੇਣ ਵਾਲੀਆਂ ਮੁਫ਼ਤ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਉਪਰੋਕਤ ਵਰਗਾਂ ’ਚੋਂ ਕੋਈ ਵੀ ਵਿਅਕਤੀ ਜੇਕਰ ਮੁਫ਼ਤ ਕਾਨੂੰਨੀ ਸੇਵਾਵਾਂ ਲੈਣਾ ਚਾਹੁੰਦਾ ਹੈ, ਤਾਂ ਉਹ ਰਾਜ ਪੱਧਰ ’ਤੇ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸਏਐੱਸ ਨਗਰ ਮੁਹਾਲੀ ਨਾਲ ਸੰਪਰਕ ਕਰ ਸਕਦਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ’ਤੇ ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਲਈ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਟੋਲ ਫ੍ਰੀ ਨੰਬਰ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।