ਸ੍ਰੀ ਦਰਬਾਰ ਸਾਹਿਬ ’ਚ ਸ਼ਰਧਾ ਨਾਲ ਮਨਾਇਆ ਚੇਤ ਮਹੀਨੇ ਦੀ ਮੱਸਿਆ ਦਾ ਦਿਹਾੜਾ
ਸ੍ਰੀ ਦਰਬਾਰ ਸਾਹਿਬ ਤਰਨਤਾਰਨ ’ਚ ਸ਼ਰਧਾ ਨਾਲ ਮਨਾਇਆ ਚੇਤ ਮਹੀਨੇ ਦੀ ਮੱਸਿਆ ਦਾ ਦਿਹਾੜਾ
Publish Date: Thu, 19 Mar 2026 05:03 PM (IST)
Updated Date: Fri, 20 Mar 2026 04:05 AM (IST)

ਬਰਸਾਤ ਦੇ ਬਾਵਜੂਦ ਲੱਖਾਂ ਸ਼ਰਧਾਲੂਆਂ ਨੇ ਭਰੀ ਹਾਜ਼ਰੀ, ਪਵਿੱਤਰ ਸਰੋਵਰ ’ਚ ਕੀਤੇ ਇਸ਼ਨਾਨ, ਦੀਵਾਨ ਹਾਲ ’ਚ ਦੂਸਰੇ ਦਿਨ ਵੀ ਜਾਰੀ ਰਿਹਾ ਕਵੀਸ਼ਰੀ ਦਰਬਾਰ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਚੇਤ ਮਹੀਨੇ ਦੀ ਚੌਦਸ ਅਤੇ ਮੱਸਿਆ ਦਾ ਦਿਹਾੜਾ ਬੁੱਧਵਾਰ ਤੇ ਵੀਰਵਾਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਰਸਾਤ ਦੇ ਬਾਵਜੂਦ ਦੋਵੇਂ ਦਿਨ ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਘਰ ਪੁੱਜੀ ਅਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ। ਸੰਗਤ ਨੇ ਸ੍ਰੀ ਦਰਬਾਰ ਸਾਹਿਬ ਅੰਦਰ ਨਤਮਸਤਕ ਹੋ ਕੇ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਸੀਸ ਨਿਵਾਇਆ। ਉਥੇ ਹੀ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਮਨ ਬਿਰਤੀ ਇਕਾਗਰ ਕਰਕੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਹਜੂਰੀ ਰਾਗੀ ਜਥਿਆਂ ਨੇ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਲੰਗਰ ਹਾਲ ਵਿਖੇ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ। ਦੀਵਾਨ ਹਾਲ ਵਿਖੇ ਚੌਦਸ ਤੇ ਮੱਸਿਆ ਦੇ ਦਿਹਾੜਿਆਂ ’ਤੇ ਦਿਨ ਰਾਤ ਭਾਰੀ ਦੀਵਾਨ ਸਜਿਆ। ਇਸ ਦੀਵਾਨ ਵਿਚ ਦੋਵੇਂ ਦਿਨ ਸ਼੍ਰੋਮਣੀ ਕਵੀਸ਼ਰ ਗਿਆਨੀ ਬਲਦੇਵ ਸਿੰਘ ਬੈਂਕਾ, ਗਿਆਨੀ ਜੋਗਾ ਸਿੰਘ ਜੋਗੀ, ਗਿਆਨੀ ਸਰੂਪ ਸਿੰਘ ਸੂਰਵਿੰਡ, ਗਿਆਨੀ ਜਰਨੈਲ ਸਿੰਘ ਸਭਰਾ ਅਤੇ ਗਿਆਨੀ ਜਗੀਰ ਸਿੰਘ ਮਸਤ ਦੀ ਯਾਦ ਵਿਚ ਸਲਾਨਾ ਕਵੀਸ਼ਰੀ ਦਰਬਾਰ ਕਰਵਾਇਆ ਗਿਆ। ਜਿਥੇ ਵੀਰਵਾਰ ਨੂੰ ਮੱਸਿਆ ਦੇ ਦਿਹਾੜੇ ’ਤੇ ਭਾਈ ਮੱਸਾ ਸਿੰਘ ਸਭਰਾ, ਭਾਈ ਬਲਵਿੰਦਰ ਸਿੰਘ ਬਹਿਲਾ, ਭਾਈ ਕਸ਼ਮੀਰ ਸਿੰਘ ਖਡੂਰ ਸਾਹਿਬ, ਭਾਈ ਸੁਲੱਖਣ ਸਿੰਘ ਰਿਆੜ, ਭਾਈ ਕੇਵਲ ਸਿੰਘ ਮਹਿਤਾ, ਭਾਈ ਗੁਰਿੰਦਰਪਾਲ ਸਿੰਘ ਬੈਂਕਾ, ਭਾਈ ਗੁਰਮੁੱਖ ਸਿੰਘ ਐੱਮਏ, ਭਾਈ ਗੁਰਜੀਤ ਸਿੰਘ ਭੱਠਲ, ਭਾਈ ਮੱਖਣ ਸਿੰਘ ਦਸ਼ਮੇਸ਼ ਨਗਰ, ਭਾਈ ਗੁਰਕੀਰਤ ਸਿੰਘ ਐੱਮਏ, ਭਾਈ ਸੁਲੱਖਣ ਸਿੰਘ ਯੂਕੇ, ਭਾਈ ਨਿਰਮਲ ਸਿੰਘ ਬਰਿਆਰ, ਭਾਈ ਗੁਰਚਰਨ ਸਿੰਘ ਧਾਰੀਵਾਲ, ਭਾਈ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਅਤੇ ਭਾਈ ਗੁਰਿੰਦਰਪਾਲ ਸਿੰਘ ਬੈਂਕਾ ਨੇ ਸਵੇਰ ਤੋਂ ਸ਼ਾਮ ਤਕ ਸੰਗਤ ਨੂੰ ਕਵੀਸ਼ਰੀ ਸਰਵਣ ਕਰਵਾ ਕੇ ਨਿਹਾਲ ਕੀਤਾ। ਬਾਕਸ ਪਿੰਡਾਂ ਤੇ ਸ਼ਹਿਰ ’ਚ ਕਈ ਥਾਵਾਂ ’ਤੇ ਲੱਗੇ ਗੁਰੂ ਕੇ ਲੰਗਰ ਮੱਸਿਆ ਦੇ ਦਿਹਾੜੇ ’ਤੇ ਗੁਰੂਘਰ ਆਉਣ ਵਾਲੀ ਸੰਗਤ ਦੀ ਟਹਿਲ ਸੇਵਾ ਵਾਸਤੇ ਤਰਨਤਾਰਨ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਜਿਥੇ ਸ਼ਰਧਾਲੂਆਂ ਨੇ ਗੁਰੂ ਕੇ ਲੰਗਰ ਲਗਾਏ। ਉਥੇ ਹੀ ਤਰਨਤਾਰਨ ਵੱਲ ਆਉਂਦੀਆਂ ਸੜਕਾਂ ’ਤੇ ਪੈਂਦੇ ਵੱਖ-ਵੱਖ ਪਿਡਾਂ ਦੇ ਸ਼ਰਧਾਲੂਆਂ ਵੱਲੋਂ ਆਪੋ ਆਪਣੇ ਪਿੰਡਾਂ ਦੇ ਅੱਡਿਆਂ ’ਤੇ ਮਹੀਨਾਵਾਰੀ ਲੰਗਰ ਲਗਾਏ ਤਾਂ ਜੋ ਗੁਰੂ ਘਰ ਜਾਣ ਵਾਲੀ ਸੰਗਤ ਨੂੰ ਲੰਗਰ ਛਕਾਏ ਜਾ ਸਕਣ। ਕਈ ਥਾਵਾਂ ’ਤੇ ਬਰਸਾਤ ਦੇ ਚੱਲਦਿਆਂ ਚਾਹ ਦੇ ਲੰਗਰ ਲਗਾ ਕੇ ਵੀ ਸੰਗਤ ਨੂੰ ਛਕਾਏ ਗਏ। ਬਾਕਸ ਚੌਦਸ ਤੇ ਮੱਸਿਆ ਦੇ ਦਿਹਾੜੇ ’ਤੇ ਕੀਤੇ ਜਾਂਦੇ ਵਿਸ਼ੇਸ਼ ਪ੍ਰਬੰਧ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਮੈਨੇਜਰ ਭਾਈ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਚੌਦਸ ਅਤੇ ਮੱਸਿਆ ਦੇ ਦਿਹਾੜੇ ਦਾ ਤਰਨਤਾਰਨ ਵਿਚ ਖਾਸ ਮਹੱਤਵ ਹੈ। ਦੋਵੇਂ ਦਿਨ ਗੁਰੂ ਘਰ ਵਿਚ ਲੱਖਾਂ ਦੀ ਗਿਣਤੀ ’ਚ ਸ਼ਰਧਾਲੂ ਪਹੁੰਚਦੇ ਹਨ। ਉਨ੍ਹਾਂ ਦੱਸਿਆ ਕਿ ਸੰਗਤ ਦੀ ਵੱਡੀ ਆਮਦ ਦੇ ਚੱਲਦਿਆਂ ਹਰ ਤਰ੍ਹਾਂ ਦੇ ਪ੍ਰਬੰਧ ਵਿਸ਼ੇਸ਼ ਤਰੀਕੇ ਨਾਲ ਕੀਤੇ ਜਾਂਦੇ ਹਨ ਤਾਂ ਜੋ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਸਮੂਹ ਸਟਾਫ ਵੱਲੋ ਚੌਦਸ ਅਤੇ ਮੱਸਿਆ ਦੇ ਦਿਹਾੜੇ ’ਤੇ ਪੂਰੀ ਤਨਦੇਹੀ ਨਾਲ ਡਿਊਟੀਆਂ ਨਿਭਾਈਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਤਹਿ ਦਿਲੋਂ ਸਵਾਗਤ ਕੀਤਾ।