ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਸਮਾਪਤ ਹੋਇਆ।
Publish Date: Wed, 08 Apr 2026 05:52 PM (IST)
Updated Date: Thu, 09 Apr 2026 04:05 AM (IST)

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਉਲੀ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਲੌਕਿਕ ਨਗਰ ਕੀਰਤਨ ਸਜਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਗੁਰਮੁੱਖ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਦੀ ਆਰੰਭਤਾ ਹੋਈ। ਇਸ ਮੌਕੇ ਮੈਨੇਜਰ ਗੁਰਾ ਸਿੰਘ ਮਾਨ ਵੱਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਸਮੇਤ ਨਗਰ ਕੀਰਤਨ ਦੀ ਹਾਜ਼ਰੀ ਭਰ ਰਹੇ ਜਥੇਦਾਰ ਕੁਲਦੀਪ ਸਿੰਘ ਔਲਖ, ਜਥੇਦਾਰ ਪ੍ਰੇਮ ਸਿੰਘ ਪੰਨੂ, ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ ਤੇ ਹੋਰ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਫੁੱਲਾਂ ਨਾਲ ਸ਼ਿੰਗਾਰੀ ਸੁੰਦਰ ਪਾਲਕੀ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਸ਼ਹਿਰ ਦੀ ਪ੍ਰਕਰਮਾ ਲਈ ਰਵਾਨਾ ਹੋਇਆ। ਬੈਂਡ ਵਾਜੇ ਤੇ ਸ਼ਬਦੀ ਜਥੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦਾ ਸੰਗਤ ਵੱਲੋਂ ਵੱਖ-ਵੱਖ ਪੜਾਵਾਂ ’ਤੇ ਫੁੱਲਾਂ ਦੀ ਵਰਖਾ ਨਾਲ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਲਈ ਵੱਖ-ਵੱਖ ਪੜਾਵਾਂ ’ਤੇ ਸ਼ਰਧਾਲੂਆਂ ਵੱਲੋਂ ਚਾਹ ਪਾਣੀ ਤੇ ਲੰਗਰਾਂ ਨਾਲ ਸੇਵਾ ਕੀਤੀ। ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚੁਬਾਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੁੰਦਰ ਸਜਾਵਟ ਦੇ ਨਾਲ-ਨਾਲ ਦੀਪਮਾਲਾ ਕੀਤੀ ਗਈ। ਮੈਨੇਜਰ ਗੁਰਾ ਸਿੰਘ ਮਾਨ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਿਧਾਂਤਾਂ ’ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਪਰਮਜੀਤ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਤਬੀਰ ਸਿੰਘ ਧੂੰਦਾ, ਹੀਰਾ ਸਿੰਘ, ਗੁਰਦੇਵ ਸਿੰਘ ਘੜਕਾ, ਜੈਮਲ ਸਿੰਘ, ਦਲਜੀਤ ਸਿੰਘ ਆਦਿ ਤੋਂ ਇਲਾਵਾ ਸਾਬਕਾ ਸਰਪੰਚ ਕੁਲਦੀਪ ਸਿੰਘ ਲਾਹੌਰੀਆ, ਭਾਈ ਸੂਰਤਾ ਸਿੰਘ, ਰਣਜੀਤ ਸਿੰਘ ਭੱਲਾ, ਵਰਿੰਦਰ ਸਿੰਘ ਜੋਤੀ ਯੂਥ ਆਗੂ, ਮੋਹਨ ਸਿੰਘ ਮੈਂਬਰ ਪੰਚਾਇਤ, ਹਰਭਜਨ ਸਿੰਘ ਰਾਠੌਰ, ਗੁਰਸੇਵਕ ਸਿੰਘ ਮੈਂਬਰ ਪੰਚਾਇਤ, ਸੁਖਬੀਰ ਸਿੰਘ ਫੌਜੀ, ਚੇਅਰਮੈਨ ਗੁਰਨਾਮ ਸਿੰਘ ਲਾਡੀ, ਸੁਖਵਿੰਦਰ ਸਿੰਘ ਧਾਲੀਵਾਲ, ਮਨਦੀਪ ਸਿੰਘ ਸਟੂਡੀਓ ਵਾਲੇ, ਹਰਜੀਤ ਸਿੰਘ, ਮੱਸਾ ਸਿੰਘ, ਸ਼ੇਰ ਸਿੰਘ ਰਾਠੌਰ, ਰਜਿੰਦਰ ਸਿੰਘ ਫੌਜੀ, ਅਮਨਦੀਪ ਸਿੰਘ ਟਰਾਂਸਪੋਟਰ, ਰੁਪਿੰਦਰ ਸਿੰਘ ਲਾਹੌਰੀਆ, ਦਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।