14 ਮਾਰਚ ਨੂੰ ਜ਼ਿਲ੍ਹਾ ਤਰਨਤਾਰਨ ਦੀਆਂ ਅਦਾਲਤਾਂ ਵਿਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ
ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ
Publish Date: Wed, 14 Jan 2026 07:22 PM (IST)
Updated Date: Thu, 15 Jan 2026 04:10 AM (IST)
ਸਟਾਫ਼ ਰਿਪੋਰਟਰ,•ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਵਿਚ ਇਸ ਸਾਲ ਦੀ ਪਹਿਲੀ ਕੌਮੀ ਲੋਕ ਅਦਾਲਤ 14 ਮਾਰਚ 2026 ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 138 ਐੱਨਆਈ ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮਏਸੀਟੀ ਮੋਟਰ ਐਕਸੀਡੈਂਟ ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੁੰਦੀ ਹੈ, ਉਥੇ ਦੋਹਾਂ ਧਿਰਾਂ ਵਿਚ ਪ੍ਰੇਮ, ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾਂ ਹਾਰੀ ਮਹਿਸੂਸ ਨਹੀਂ ਕਰਦੀ।
ਉਨ੍ਹਾਂ ਦੱਸਿਆ ਕਿ ਜੇਕਰ ਲੋਕ ਅਦਾਲਤ ਵਿਚ ਕੇਸ ਦਾ ਫੈਸਲਾ ਹੋ ਜਾਂਦਾ ਹੈ ਤਾਂ ਇਸ ਕੇਸ ਵਿਚ ਲੱਗੀ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ, ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਦੇ ਦਫ਼ਤਰ ਵਿਖੇ ਦੇ ਸਕਦਾ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।