ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਤਹਿਤ ਨਵੇਂ ਸਮਾਰਟ ਕਮਰਿਆਂ ਦਾ ਕੀਤਾ ਉਦਘਾਟਨ
ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਤੇ ਡਿਜ਼ੀਟਲ ਸਿੱਖਿਆ ਨੂੰ ਪ੍ਰੋਤਸਾਹਿਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ।
Publish Date: Tue, 28 Apr 2026 04:40 PM (IST)
Updated Date: Wed, 29 Apr 2026 04:04 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਭੂਸੇ ਤੇ ਬੀੜ ਰਾਜਾ ਤੇਜਾ ਸਿੰਘ ਦੇ ਸਰਕਾਰੀ ਸਕੂਲਾਂ ’ਚ ਨਵੇਂ ਬਣੇ ਸਮਾਰਟ ਕਮਰਿਆਂ ਦਾ ਉਦਘਾਟਨ ਤਰਨਤਾਰਨ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਤੇ ਆਮ ਆਦਮੀ ਪਾਰਟੀ ਦੀ ਹਲਕਾ ਸੰਗਠਨ ਇੰਚਾਰਜ ਰੁਪਿੰਦਰ ਕੌਰ ਸੰਧੂ ਨੇ ਕੀਤਾ। ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ’ਚ ਇਤਿਹਾਸਕ ਬਦਲਾਅ ਆ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨਾ ਤੇ ਡਿਜ਼ੀਟਲ ਸਿੱਖਿਆ ਨੂੰ ਪ੍ਰੋਤਸਾਹਿਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਸੰਧੂ ਨੇ ਕਿਹਾ ਕਿ ਸਮਾਰਟ ਕਮਰਿਆਂ ਨਾਲ ਬੱਚਿਆਂ ਨੂੰ ਨਵੀਂ ਤਕਨੀਕ ਰਾਹੀਂ ਸਿੱਖਣ ਦਾ ਮੌਕਾ ਮਿਲੇਗਾ, ਜਿਸ ਨਾਲ ਉਨ੍ਹਾਂ ਦੀ ਸਿੱਖਣ ਦੀ ਸਮੱਰਥਾ ਤੇ ਰੁਚੀ ’ਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਾਨ ਸਰਕਾਰ ਸਿੱਖਿਆ ਨੂੰ ਉੱਚ ਦਰਜੇ ’ਤੇ ਲਿਜਾਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਸਕੂਲ ਸਟਾਫ਼ ਤੇ ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ।