ਐੱਨਐੱਚਐੱਮ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਦਿੱਤਾ ਧਰਨਾ ਐੱਨਐੱਚਐੱਮ ਮੁਲਾਜ਼ਮਾਂ ਨੇ ਸਿਵਲ ਸਰਜਨ ਦਫ਼ਤਰ ਦੇ ਬਾਹਰ ਦਿੱਤਾ ਜ਼ਿਲ੍ਹਾ ਪੱਧਰੀ ਧਰਨਾ
Publish Date: Mon, 28 Sep 2026 06:27 PM (IST)
Updated Date: Tue, 29 Sep 2026 04:04 AM (IST)
ਮੰਗਾਂ ਦਾ ਜਲਦ ਹੱਲ ਨਾ ਹੋਣ ’ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ : ਮਨਦੀਪ ਸਿੰਘ ਚੌਹਾਨ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਤੇ ਜਾਇਜ਼ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸੇ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਤਰਨਤਾਰਨ ਵਿਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ। ਇਸ ਦੌਰਾਨ ਯੂਨੀਅਨ ਆਗੂਆਂ ਅਤੇ ਮੁਲਾਜ਼ਮਾਂ ਵੱਲੋਂ ਸਰਕਾਰ ਤੇ ਸਿਹਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਦੇ ਪ੍ਰਧਾਨ ਮਨਦੀਪ ਸਿੰਘ ਚੌਹਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਯੂਨੀਅਨ ਵੱਲੋਂ ਜਾਰੀ ਕੀਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਇਹ ਧਰਨਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਇਸ ਮੌਕੇ ਸਿਵਲ ਸਰਜਨ ਰਾਹੀਂ ਸਿਹਤ ਵਿਭਾਗ ਅਤੇ ਪੰਜਾਬ ਸਰਕਾਰ ਨੂੰ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਸਬੰਧੀ ਜਾਣੂੰ ਕਰਵਾਉਂਦਿਆਂ ਮੰਗ ਪੱਤਰ ਵੀ ਸੌਂਪਿਆ ਗਿਆ। ਯੂਨੀਅਨ ਆਗੂ ਜੈਸਮੀਨ ਕੌਰ ਨੇ ਦੱਸਿਆ ਕਿ ਸਰਕਾਰ ਤੋਂ ਮੁੱਖ ਤੌਰ ’ਤੇ ਐੱਨਐੱਚਐੱਮ ਮੁਲਾਜ਼ਮਾਂ ਦੀਆਂ ਸਾਲਾਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਵਿਭਾਗੀ ਕਮੇਟੀ ਰਾਹੀਂ ਹੱਲ ਕਰਨ, ਪਿਛਲੀ ਮੀਟਿੰਗ ਵਿਚ ਕੀਤੇ ਗਏ ਫੈਸਲਿਆਂ ਨੂੰ ਲਾਗੂ ਕਰਨ ਅਤੇ ਮੰਗਾਂ ਦੇ ਸਥਾਈ ਹੱਲ ਲਈ ਵਿਸ਼ੇਸ਼ ਕਮੇਟੀ ਦੀ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐੱਨਐੱਚਐੱਮ ਮੁਲਾਜ਼ਮਾਂ ’ਤੇ ‘ਬਰਾਬਰ ਕੰਮ, ਬਰਾਬਰ ਤਨਖਾਹ’ ਦਾ ਸਿਧਾਂਤ ਲਾਗੂ ਕੀਤਾ ਜਾਵੇ, ਤਨਖਾਹਾਂ ਵਿਚ ਸਨਮਾਨਜਨਕ ਵਾਧਾ ਕੀਤਾ ਜਾਵੇ ਅਤੇ ਲੰਬੇ ਸਮੇਂ ਤੋਂ ਵੱਖ-ਵੱਖ ਕੈਡਰਾਂ ਨਾਲ ਸਬੰਧਿਤ ਲੰਬਿਤ ਮਸਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਸਰਕਾਰ ਅਤੇ ਸਿਹਤ ਵਿਭਾਗ ਕੋਲ ਪਹਿਲਾਂ ਤੋਂ ਚੱਲ ਰਹੀਆਂ ਫਾਈਲਾਂ ਦਾ ਵੀ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਸੰਘਰਸ਼ ਨਾ ਕਰਨਾ ਪਵੇ। ਯੂਨੀਅਨ ਆਗੂ ਤਰਸੇਮ ਸਿੰਘ ਕੈਰੋਂ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮ ਸੂਬੇ ਦੀ ਸਿਹਤ ਪ੍ਰਣਾਲੀ ਵਿਚ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਲਈ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਲਟਕਾਉਣ ਦੀ ਬਜਾਏ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰ ਕਰਦਿਆਂ ਗੱਲਬਾਤ ਰਾਹੀਂ ਠੋਸ ਤੇ ਸਥਾਈ ਹੱਲ ਕੀਤਾ ਜਾਣਾ ਚਾਹੀਦਾ ਹੈ। ਯੂਨੀਅਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ 9 ਅਕਤੂਬਰ ਨੂੰ ਹੋਣ ਵਾਲੀ ਮਹਾਂ ਰੈਲੀ ਉਪਰੰਤ ਸੰਘਰਸ਼ ਨੂੰ ਹੋਰ ਤਿੱਖਾ, ਤੇਜ਼ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਕੌਰ, ਸੰਦੀਪ ਸਿੰਘ, ਡਾ. ਕੇਪੀ, ਡਾ. ਦਿਲਬਾਗ ਸਿੰਘ, ਰਮਨਦੀਪ ਕੌਰ ਸੀਐੱਚਓ ਕੈਰੋਂ, ਵਿੱਦਿਆ ਦੇਵੀ, ਅਮਰਜੀਤ ਕੌਰ ਸੀਐੱਚਓ ਖੇਮਕਰਨ, ਵਿਸ਼ਾਲ ਕੁਮਾਰ, ਕੁਲਵੰਤ ਕੌਰ, ਨਵਜੋਤ ਕੌਰ ਸਰਹਾਲੀ, ਰਵਿੰਦਰ ਕੌਰ, ਜੀਵਨਜੋਤ ਸਿੰਘ, ਮਨਦੀਪ ਕੌਰ ਸੀਐੱਚਓ ਝਬਾਲ, ਮਨਜਿੰਦਰ ਸਿੰਘ, ਡਾ.ਪਰੋਮੀ, ਪ੍ਰਭਜੀਤ ਕੌਰ ਸੁਰਸਿੰਘ, ਡਾ. ਰਵਿੰਦਰ ਕੌਰ, ਯੋਗੇਸ਼ ਗਿੱਲ, ਡਾ. ਸ਼ਰਨ ਕਸੇਲ, ਡਾ. ਚੰਦਨ ਸ਼ਰਮਾ ਘਰਿਆਲਾ, ਹਰਜਿੰਦਰ ਸਿੰਘ, ਸੁਖਪਾਲ ਕੌਰ ਮੀਆਂਵਿੰਡ, ਡਾ. ਗੁਰਸ਼ਰਨ ਸਿੰਘ, ਤਰੁਣ, ਰਜਨੀ ਸ਼ਰਮਾ, ਸੰਦੀਪ ਸਿੰਘ ਸੀਓ, ਕੰਵਲਜੀਤ ਕੌਰ ਡੀਐੱਸਏ, ਸਿਮਰਜੀਤ ਸਿੰਘ, ਆਰੂਸ਼ ਭੱਲਾ, ਕੋਮਲਜੀਤ ਕੌਰ, ਸੁਮਨ ਸਿੱਧੂ, ਪ੍ਰਗਟ ਸਿੰਘ, ਕਮਲਜੀਤ ਕੌਰ, ਮਨਿੰਦਰ ਕੌਰ ਸਮੇਤ ਹੋਰ ਐੱਨਐੱਚਐੱਮ ਕਰਮਚਾਰੀ ਹਾਜ਼ਰ ਸਨ।