ਕ੍ਰਿਪਾਲ ਸਿੰਘ ਰੰਧਾਵਾ, ਹਰੀਕੇ : ਆਸ਼ਾ ਵਰਕਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਮੋੜ ਚੂਸਲੇਵੜ੍ਹ ਬਾਬਾ ਚਰਨ ਦਾਸ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ 'ਚ ਸਰਬਸੰਮਤੀ ਨਾਲ ਅਹੁਦੇਦਾਰੀਆਂ ਦੀ ਵੰਡ ਦੌਰਾਨ ਹਰਜੀਤ ਕੌਰ ਚੂਸਲੇਵੜ੍ਹ ਨੂੰ ਬਲਾਕ ਪ੍ਰਧਾਨ, ਰਾਜਬੀਰ ਕੌਰ ਹਰੀਕੇ ਨੂੰ ਚੇਅਰਪਰਸਨ ਨਿਯੁਕਤ ਕੀਤਾ ਗਿਆ। ਮਨਜਿੰਦਰ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਸੂਬੇ 'ਚ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਵੋਟਾਂ ਬਟੋਰਨ ਲਈ ਉਨਾਂ੍ਹ ਨਾਲ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ ਅਤੇ ਸੱਤਾ ਹਾਸਲ ਕਰਦਿਆ ਉਹ ਸਾਰੇ ਵਾਅਦੇ ਹਵਾ ਹੋ ਜਾਂਦੇ ਹਨ।

ਮਨਜਿੰਦਰ ਕੌਰ ਨੇ ਦੱਸਿਆ ਕਿ ਤੱਤਕਾਲੀ ਕਾਂਗਰਸ ਸਰਕਾਰ ਵੱਲੋਂ ਆਸ਼ਾ ਵਰਕਰਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਤਨਖਾਹ ਦੇਣ ਦਾ ਵਾਅਦਾ ਕਰ ਕੇ ਮੁੱਕਰੀ, ਉਨਾਂ੍ਹ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੁਪਰਵਾਈਜ਼ਰ ਨੂੰ 2500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ। ਮੰਨੀਆਂ ਮੰਗਾਂ ਨੂੰ ਤੁਰੰਤ ਅਮਲੀ ਜਾਮਾ ਪਹਿਨਾਇਆ ਜਾਵੇ। ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨਾਂ੍ਹ ਦੀਆਂ ਹੱਕੀ ਮੰਗਾਂ ਵੱਲ ਗੌਰ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਕੌਰ ਭੱਗੂਪੁਰ, ਰਣਜੀਤ ਕੌਰ ਜਮਾਲਪੁਰ, ਗੁਰਜੀਤ ਕੌਰ ਮਨਿਹਾਲਾ, ਦਲਜੀਤ ਕੌਰ ਮਨਿਹਾਲਾ, ਜਸਬੀਰ ਕੌਰ ਮਾਨ ਆਦਿ ਹਾਜ਼ਰ ਸਨ।