- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ੍ਰੇਸ਼ਨ ਪ੍ਰਹਾਰ ਦੇ ਚੌਥੇ ਦਿਨ ਜ਼ਿਲ੍ਹਾ ਪੁਲਿਸ ਦੀ ਵੱਡੀ ਕਾਰਵਾਈ, 150 ਤੋਂ ਵੱਧ ਘਰਾਂ ਵਿਚ ਛਾਪੇਮਾਰੀ

ਜਸਪਾਲ ਸਿੰਘ ਜੱਸੀ •ਪੰਜਾਬੀ ਜਾਗਰਣ
ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੇ ਗੈਂਗਸਟਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੇ ਵੀਰਵਾਰ ਨੂੰ ਆਪ੍ਰੇਸ਼ਨ ਪ੍ਰਹਾਰ 4.0 ਦੇ ਚੌਥੇ ਦਿਨ ਸਰਹੱਦੀ ਖੇਤਰਾਂ ਵਿਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਪੁਲਿਸ ਵੱਲੋਂ 150 ਤੋਂ ਵੱਧ ਘਰਾਂ ਵਿਚ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੇ ਗੈਰ-ਸਮਾਜਿਕ ਅਨਸਰਾਂ ਦੀ ਗਤੀਵਿਧੀਆਂ ਦੀ ਜਾਂਚ ਕੀਤੀ ਗਈ। ਪੁਲਿਸ ਅਧਿਕਾਰੀਆਂ ਅਨੁਸਾਰ ਇਹ ਮੁਹਿੰਮ ਪੰਜਾਬ ਪੁਲਿਸ ਦੇ ਮੁਖੀ ਤੇ ਕਾਨੂੰਨ-ਵਿਵਸਥਾ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਦੇ ਨਿਯਮਾਂ ਮੁਤਾਬਿਕ ਚਲਾਈ ਜਾ ਰਹੀ ਹੈ। ਇਸ ਦਾ ਮੁੱਖ ਉਦੇਸ਼ ਸਰਹੱਦੀ ਜ਼ਿਲ੍ਹਿਆਂ ਵਿਚ ਨਸ਼ਾ ਤਸਕਰੀ, ਗੈਂਗਸਟਰਾਂ ਦੀਆਂ ਸਰਗਰਮੀਆਂ ਤੇ ਦੇਸ਼ ਵਿਰੋਧੀ ਤੱਤਾਂ 'ਤੇ ਸ਼ਿਕੰਜਾ ਕੱਸਣਾ ਹੈ।
ਫਿਰੋਜ਼ਪੁਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਸਨੇਹਦੀਪ ਸ਼ਰਮਾ ਤੇ ਤਰਨਤਾਰਨ ਦੇ ਐੱਸਐੱਸਪੀ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਰਹੱਦੀ ਪਿੰਡਾਂ ਤੇ ਉਨ੍ਹਾਂ ਸੰਵੇਦਨਸ਼ੀਲ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਥੇ ਡ੍ਰੋਨਾਂ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਜਾਂ ਹੋਰ ਸ਼ੱਕੀ ਗਤੀਵਿਧੀਆਂ ਦੀ ਸੰਭਾਵਨਾ ਰਹਿੰਦੀ ਹੈ। ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਨਿਸ਼ਾਨਾ ਬਣਾਏ ਇਲਾਕਿਆਂ ਵਿਚ ਇੱਕੋ ਸਮੇਂ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਦੌਰਾਨ ਸ਼ੱਕੀ ਘਰਾਂ, ਵਿਅਕਤੀਆਂ ਤੇ ਹੋਰ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਮੁਹਿੰਮ ਦੌਰਾਨ ਪੁਲਿਸ ਨੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਤੇ ਉਨ੍ਹਾਂ ਦੇ ਪਿਛੋਕੜ ਦੀ ਜਾਂਚ ਕੀਤੀ। ਇਸ ਵਿਸ਼ਾਲ ਮੁਹਿੰਮ ਵਿਚ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਤੇ 26 ਤੋਂ ਵੱਧ ਗਜ਼ਟਿਡ ਅਧਿਕਾਰੀਆਂ ਨੇ ਭਾਗ ਲਿਆ। ਇਸ ਲਈ ਵੱਖ-ਵੱਖ ਜ਼ਿਲ੍ਹਿਆਂ ਤੇ ਸਿਖਲਾਈ ਕੇਂਦਰਾਂ ਤੋਂ ਵੀ ਪੁਲਿਸ ਬਲ ਦੀ ਤਾਇਨਾਤੀ ਕੀਤੀ ਗਈ, ਤਾਂ ਜੋ ਕਾਰਵਾਈ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦਿੱਤਾ ਜਾ ਸਕੇ।
ਪੁਲਿਸ ਅਧਿਕਾਰੀਆ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ, ਨਸ਼ਾ ਤਸਕਰਾਂ, ਨਸ਼ਾ ਸਪਲਾਈ ਕਰਨ ਵਾਲੇ ਤੱਤਾਂ, ਅਪਰਾਧੀਆਂ ਤੇ ਦੇਸ਼ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ।
ਤਰਨਤਾਰਨ ਪੁਲਿਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਇਲਾਕੇ ਵਿਚ ਕਿਸੇ ਸ਼ੱਕੀ ਵਿਅਕਤੀ, ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਨੇ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।