ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥ ਨੂੰ ਇਕੱਠੇ ਹੋਣ ਦੀ ਲੋੜ : ਹਰਜਿੰਦਰ ਸਿੰਘ ਧਾਮੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਜਿਨ੍ਹਾਂ ਸਿੱਖ ਸੂਰਮਿਆਂ ਦੀ ਸ਼ਹੀਦੀ ਸ਼ਤਾਬਦੀ ਮਨਾ ਰਹੇ ਹਾਂ ਉਨ੍ਹਾਂ ਨੇ ਸਿੱਖ ਸਿਧਾਂਤਾਂ ’
Publish Date: Sun, 15 Mar 2026 10:20 AM (IST)
Updated Date: Sun, 15 Mar 2026 10:21 AM (IST)

ਸਰਬਜੀਤ ਸਿੰਘ ਛੀਨਾ, ਪੰਜਾਬੀ ਜਾਗਰਣ, ਤਰਨਤਾਰਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ 300 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ’ਚ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਹਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਜਿਨ੍ਹਾਂ ਸਿੱਖ ਸੂਰਮਿਆਂ ਦੀ ਸ਼ਹੀਦੀ ਸ਼ਤਾਬਦੀ ਮਨਾ ਰਹੇ ਹਾਂ ਉਨ੍ਹਾਂ ਨੇ ਸਿੱਖ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਕੇਸਾਂ ਦੇ ਸਤਿਕਾਰ ਲਈ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਤਿਹਾਸ ਤੋਂ ਪ੍ਰੇਰਨਾ ਲੈ ਕੇ ਅੱਜ ਆਪਣੇ ਬੱਚਿਆਂ ਨੂੰ ਸਾਬਤ ਸੂਰਤ ਰੱਖਣ ਦਾ ਪ੍ਰਣ ਕਰਨ ਦੀ ਲੋੜ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੇ ਹੱਕ ’ਚ ਅਵਾਜ਼ ਬੁਲੰਦ ਕਰਦਿਆਂ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ’ਚ ਨਜ਼ਰਬੰਦ ਇਨ੍ਹਾਂ ਸਿੰਘਾਂ ਪ੍ਰਤੀ ਸਰਕਾਰ ਦੀ ਵਿਤਕਰੇ ਭਰੀ ਨੀਤੀ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਪੰਥ ਨੂੰ ਇਕੱਠੇ ਹੋਣ ਦੀ ਲੋੜ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮਾਝੇ ਦੀ ਇਸ ਧਰਤੀ ’ਤੇ ਅਨੇਕਾਂ ਸੂਰਬੀਰ ਪੈਦਾ ਹੋਏ ਜਿਨ੍ਹਾਂ ਜ਼ੁਲਮ ਵਿਰੁੱਧ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਿਧਾਂਤ ਤੇ ਪਹਿਰਾ ਦਿੰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਇਨ੍ਹਾਂ ਸੂਰਮਿਆਂ ਦੇ ਮਨਾਏ ਦਿਹਾੜੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਦੀ ਯਾਦ ਦਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ ਸਾਹਮਣੇ ਅਨੇਕਾਂ ਚਨੌਤੀਆਂ ਹਨ। ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਸਮੇਂ ਕਕਾਰ ਪਹਿਨਣ ਤੋਂ ਰੋਕਿਆ ਜਾ ਰਿਹਾ ਹੈ। ਵੱਖ ਵੱਖ ਥਾਵਾਂ ਤੇ ਵਿਤਕਰੇ ਹੋ ਰਹੇ ਹਨ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਕਥਾਵਾਚਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਵਾਲਿਆਂ ਨੇ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਵਿਰਸਾ ਸਿੰਘ ਵਲਟੋਹਾ, ਪਦਮਸ਼੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਤੇ ਭਾਈ ਕੰਵਰਚੜਤ ਸਿੰਘ ਨੇ ਵੀ ਸੰਬੋਧਨ ਕੀਤਾ।