ਹਰ ਵਰਗ ਦੇ ਲੋਕ ਲੈ ਰਹੇ ਹਨ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਲਾਭ : ਲਾਲਪੁਰਾ
ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਹੋਰ ਲੋਕਾਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਇਆ ਜਾਵੇ।
Publish Date: Tue, 12 May 2026 05:39 PM (IST)
Updated Date: Wed, 13 May 2026 04:04 AM (IST)

ਹਲਕਾ ਖਡੂਰ ਸਾਹਿਬ ਦੇ ਪਿੰਡ ਮਿਆਣੀ ਤੋਂ ਤੀਰਥ ਯਾਤਰਾ ਬੱਸ ਹੋਈ ਰਵਾਨਾ ਪੱਤਰ ਪ੍ਰੇਰਕ•,ਪੰਜਾਬੀ ਜਾਗਰਣ, ਤਰਨਤਾਰਨ : ਹਲਕਾ ਖਡੂਰ ਸਾਹਿਬ ਦੇ ਪਿੰਡ ਮਿਆਣੀ ਤੋਂ ਤੀਰਥ ਯਾਤਰਾ ਵਾਸਤੇ ਬੱਸ ਰਵਾਨਾ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਦਾ ਪੰਜਾਬ ਦੇ ਲੋਕ ਵੱਡੇ ਪੱਧਰ ‘ਤੇ ਲਾਭ ਲੈ ਰਹੇ ਹਨ। ਇਸ ਸਕੀਮ ਤਹਿਤ ਸੂਬੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਿਤ ਹੋ ਰਹੀ ਹੈ। ਖਾਸ ਕਰਕੇ ਬਜ਼ੁਰਗ ਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰ ਇਸ ਸਕੀਮ ਦਾ ਵੱਡੇ ਪੱਧਰ ‘ਤੇ ਫਾਇਦਾ ਲੈ ਰਹੇ ਹਨ। ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਵਾਲੀਆਂ ਸਕੀਮਾਂ ਨੂੰ ਘਰ-ਘਰ ਤਕ ਪਹੁੰਚਾਉਣ ਲਈ ਵਚਨਬੱਧ ਹੈ। ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤੇ ਤੀਰਥ ਯਾਤਰਾ ਸਕੀਮ ਵੀ ਇਸੇ ਦਿਸ਼ਾ ਵਿਚ ਇਕ ਵੱਡਾ ਕਦਮ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਹੋਰ ਲੋਕਾਂ ਨੂੰ ਵੀ ਇਸ ਬਾਰੇ ਜਾਣੂੰ ਕਰਵਾਇਆ ਜਾਵੇ। ਵਿਧਾਇਕ ਲਾਲਪੁਰਾ ਨੇ ਕਿਹਾ ਕਿ ਹੁਣ ਤਕ ਪਿੰਡ ਕੰਬੋ, ਐਮਾ, ਮੱਲੀਆਂ, ਜੀਉਬਾਲਾ ਆਦਿ ਪਿੰਡਾਂ ਦੀ ਸੰਗਤ ਤੀਰਥ ਯਾਤਰਾ ਕਰ ਚੁੱਕੀ ਹੈ। ਸੰਗਤ ’ਚ ਇਸ ਪ੍ਰਤੀ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ।