ਪੱਟੀ ਦੇ ਪਿੰਡਾਂ ’ਚ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ
ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ-ਵਟਾਂਦਰਾ ਕੀਤਾ
Publish Date: Mon, 19 Jan 2026 04:28 PM (IST)
Updated Date: Tue, 20 Jan 2026 04:03 AM (IST)

ਬੱਲੂ ਮਹਿਤਾ/ਸਤਨਾਮ ਚੀਮਾ,•ਪੰਜਾਬੀ ਜਾਗਰਣ, ਪੱਟੀ/ਘਰਿਆਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ’ਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਚੀਮਾਂ ਕਲਾਂ, ਬਰਵਾਲਾ, ਦੁੱਬਲੀ, ਸੀਤੋ ਨੌਬਾਦ, ਚੰਬਲ, ਸੇਰੋਂ, ਕਲੇਰ ਤੇ ਬਨਵਾਲੀਪੁਰ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਵੱਲੋਂ ਵਿਲੇਜ਼ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ’ਚ ਪੰਜਾਬ ਸਰਕਾਰ ਦਾ ਖੁੱਲ੍ਹ ਕੇ ਸਾਥ ਦੇਣ ਤਾਂ ਜੋ ਨਸ਼ਾ ਤਸਕਰਾਂ ’ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਉਪਰੰਤ ਸਾਰੇ ਪਿੰਡਾਂ ’ਚ ਪੈਦਲ ਜਾਗਰੂਕਤਾ ਰੈਲੀਆਂ ਕੱਢ ਕੇ ਨਸ਼ਿਆਂ ਖ਼ਿਲਾਫ਼ ਹੋਕਾ ਦਿੱਤਾ ਗਿਆ। ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਸਹੁੰ ਵੀ ਚੁਕਾਈ ਗਈ। ਇਸ ਮੌਕੇ ਸੂਬੇ ਦੇ ਟਰਾਂਸਪੋਰਟ ਤੇ ਜੇਲ੍ਹਾਂ ਬਾਰੇ ਮੰਤਰੀ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਜੋ ਤਹੱਈਆ ਕੀਤਾ ਗਿਆ ਹੈ, ਉਸ ਨੂੰ ਅਵਾਮ ਦੇ ਸਹਿਯੋਗ ਨਾਲ ਹਰ ਹੀਲੇ ਪੂਰਾ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਦੇ ਪਹਿਲੇ ਪੜਾਅ ਦੌਰਾਨ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ ਤੇ ਦੂਜੇ ਪੜਾਅ ਤਹਿਤ ਨਸ਼ੇ ਦੀਆਂ ਜੜ੍ਹਾਂ ਨੂੰ ਪੁੱਟ ਦਿੱਤਾ ਜਾਵੇਗਾ। ਨਸ਼ਾ ਮੁਕਤੀ ਮੁਹਿੰਮ ’ਚ ਵਿਧਾਨ ਸਭਾ ਹਲਕਾ ਪੱਟੀ ਤੇ ਸਮੁੱਚਾ ਜ਼ਿਲ੍ਹਾ ਤਰਨਤਾਰਨ ਆਪਣਾ ਮੋਹਰੀ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੁਹਿੰਮ ਤਹਿਤ ਇਹ ਜਾਗਰੂਕਤਾ ਲਹਿਰ ਆਉਣ ਵਾਲੇ ਸਮੇਂ ’ਚ ਵੀ ਜਾਰੀ ਰਹੇਗੀ।