ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ ਜਥੇਬੰਦੀਆਂ, ਟਰੇਡ ਯੂਨੀਅਨਾਂ ਕਰਨਗੀਆਂ 23 ਮਾਰਚ ਨੂੰ ਪ੍ਰਦਰਸ਼ਨ
ਕੇਂਦਰ ਦੀ ਭਾਜਪਾ ਸਰਕਾਰ ਹਰੇਕ ਵਰਗ ਦੇ ਕਿਰਤੀ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ
Publish Date: Sat, 21 Mar 2026 04:31 PM (IST)
Updated Date: Sun, 22 Mar 2026 04:05 AM (IST)
ਪੱਤਰ ਪ੍ਰੇਰਕ,•ਪੰਜਾਬੀ ਜਾਗਰਣ, ਤਰਨਤਾਰਨ : ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨਾਂ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ 23 ਮਾਰਚ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੂਹਰੇ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸੈਂਟਰਲ ਕੌਂਸਲ ਆਫ਼ ਟਰੇਡ ਯੂਨੀਅਨ ਦੇ ਆਗੂ ਦਲਵਿੰਦਰ ਸਿੰਘ ਨੌਸ਼ਹਿਰਾ ਪੰਨੂਆ ਨੇ ਕੀਤਾ ਤੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਰੇਕ ਵਰਗ ਦੇ ਕਿਰਤੀ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਹ ਦੇਸ਼ ਦੇ ਮੁੱਠੀ ਭਰ ਸਰਮਾਏਦਾਰਾਂ ਨੂੰ ਬੇਸ਼ੁਮਾਰ ਫਾਇਦੇ ਦੇ ਰਹੀ ਹੈ। ਜਦੋਂਕਿ ਦੇਸ਼ ਦੇ ਕਰੋੜਾਂ ਮਿਹਨਤਕਸ਼ ਲੋਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕਾਰਪੋਰੇਟਾਂ ’ਤੇ ਕੁਝ ਜ਼ਿਆਦਾ ਹੀ ਮਿਹਰਬਾਨ ਹੋਈ ਫਿਰਦੀ ਹੈ। ਉਨ੍ਹਾਂ ਸ਼ੇਰੋਂ ਖੰਡ ਮਿੱਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੀ ਕੇਂਦਰ ਵਾਂਗ ਹਕੂਮਤ ਚਲਾ ਰਹੀ ਹੈ। ਖੰਡ ਮਿਲ ਦੇ ਚੱਲਣ ਨਾਲ ਹਜ਼ਾਰਾਂ ਲੋਕਾ ਨੂੰ ਰੁਜ਼ਗਾਰ ਮਿਲਦਾ ਹੈ। ਪਰ ਕੁਝ ਲੋਕ ਭ੍ਰਿਸ਼ਟਾਚਾਰ ਕਰ ਕੇ ਮਿੱਲ ਨੂੰ ਬੰਦ ਕਰਨਾ ਚਾਹੁੰਦੇ ਹਨ, ਜੋ ਕਦੇ ਵੀ ਨਹੀਂ ਹੋਣ ਦਿੱਤਾ ਜਾਵੇਗਾ।