ਫੈਡਰੇਸ਼ਨ ਕੱਲ੍ਹ ਦੀ ਸੂਬਾ ਪੱਧਰੀ ਰੈਲੀ ’ਚ ਹੋਵੇਗੀ ਸ਼ਾਮਲ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 7 ਮਾਰਚ ਨੂੰ ਸੂਬਾ ਪੱਧਰੀ ਰੋਸ ਰੈਲੀ ’ਚ ਹੋਵੇਗੀ ਸ਼ਾਮਿਲ
Publish Date: Thu, 05 Mar 2026 05:38 PM (IST)
Updated Date: Fri, 06 Mar 2026 04:06 AM (IST)

ਵਰਕਸ਼ਾਪਾਂ ਦਾ ਸ਼ਿੰਗਾਰ ਬਣ ਕੇ ਰਹਿ ਗਈਆਂ ਰੋਡਵੇਜ਼ ਦੀਆਂ ਬੱਸਾਂ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਪੰਜਾਬ ਦੀ ਸਰਕਾਰੀ ਟਰਾਂਸਪੋਰਟ ਨੂੰ ਤਬਾਹ ਕਰਨ ਵਾਲੀਆਂ ਨੀਤੀਆਂ ਦੇ ਖਿਲਾਫ਼ ਆਪਣਾ ਰੋਸ ਪ੍ਰਗਟ ਕਰਨ ਲਈ 7 ਮਾਰਚ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਸੂਬਾ ਪੱਧਰੀ ਰੈਲੀ ਅਤੇ ਮੁਜ਼ਾਹਰਾ ਕਰਨ ਦੇ ਐਕਸ਼ਨ ਦੀ ਵੱਖ-ਵੱਖ ਜਥੇਬੰਦੀਆਂ ਨੇ ਪੁਰਜ਼ੋਰ ਹਿਮਾਇਤ ਕਰਨ ਦਾ ਫੈਸਲਾ ਕੀਤਾ ਹੈ ਤੇ ਨਾਲ ਹੀ ਇਸ ਐਕਸ਼ਨ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਵੀ ਕੀਤਾ ਗਿਆ। ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੂਬਾ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ, ਸੂਬਾਈ ਆਗੂ ਬਲਕਾਰ ਵਲਟੋਹਾ, ਕਾਰਜ ਸਿੰਘ ਕੈਰੋਂ, ਸਰਬਜੀਤ ਸਿੰਘ ਪੁਰੀ, ਜਸਵੰਤ ਰਾਏ ਸ਼ਰਮਾ, ਭਵਾਨੀ ਫੇਰ ਅੰਮ੍ਰਿਤਸਰ, ਅੰਮ੍ਰਿਤਪਾਲ ਸਿੰਘ ਬਾਕੀਪੁਰ, ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੇ ਆਗੂ ਜਸਵਿੰਦਰਪਾਲ ਉੱਘੀ, ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਆਗੂ ਸਤਿਆ ਪਾਲ ਗੁਪਤਾ, ਸੁੱਚਾ ਸਿੰਘ ਅਜਨਾਲਾ, ਸਵਰਨ ਸਿੰਘ ਤਰਨਤਾਰਨ, ਸਰਬਜੀਤ ਸਿੰਘ ਪੁਰੀ, ਬਲਰਾਜ ਸਿੰਘ ਭੰਗੂ, ਕੁਲਵੰਤ ਸਿੰਘ ਘੁਕੇਵਾਲੀ, ਪੀਐੱਸਈਬੀ ਇੰਪਲਾਈਜ਼ ਫੈੱਡਰੇਸ਼ਨ ਏਟਕ, ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਨੇ ਪੰਜਾਬ ਰੋਡਵੇਜ਼ ਦਾ ਬੇੜਾ ਗ਼ਰਕ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ ਸਹੂਲਤ ਦੇਣ, ਰੈਲੀਆਂ ਵਾਸਤੇ ਸਰਕਾਰੀ ਬੱਸਾਂ ਭੇਜਣ ਅਤੇ ਹੋਰ ਵੱਖ-ਵੱਖ ਵਰਗਾਂ ਨੂੰ ਫ੍ਰੀਂ ਬੱਸ ਸਰਵਿਸ ਦੇ ਪੰਜਾਬ ਸਰਕਾਰ ਵੱਲ ਪੰਜਾਬ ਰੋਡਵੇਜ਼ ਦੇ 1000 ਕਰੋੜ ਰੁਪਏ ਬਕਾਇਆ ਪਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਦੇ ਰਾਜ ਭਾਗ ਦੌਰਾਨ ਪੰਜਾਬ ਰੋਡਵੇਜ਼ ਦੀ ਇਕ ਵੀ ਨਵੀਂ ਬੱਸ ਨਹੀਂ ਪਾਈ ਗਈ। ਪੰਜਾਬ ਰੋਡਵੇਜ਼ ਦੀਆਂ ਬੱਸਾਂ ਦਾ ਫਲੀਟ 2407 ਪੂਰਾ ਕਰਨਾ ਤਾਂ ਬਹੁਤ ਦੂਰ ਦੀ ਗੱਲ ਹੈ। ਰੋਡਵੇਜ਼ ਦੀਆਂ ਬੱਸਾਂ ਵਾਸਤੇ ਸਪੇਅਰ ਪਾਰਟਸ ਵੀ ਸਮੇਂ ਸਿਰ ਨਾ ਮਿਲਣ ਕਰ ਕੇ ਬੱਸਾਂ ਵਰਕਸ਼ਾਪਾਂ ਦਾ ਸ਼ਿੰਗਾਰ ਬਣ ਕੇ ਰਹਿ ਗਈਆਂ ਹਨ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 16 ਫੀਸਦੀ ਡੀਏ ਨਹੀਂ ਦਿੱਤਾ ਜਾ ਰਿਹਾ, ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਦੇ ਤਨਖਾਹ ਸਕੇਲਾਂ ਸਬੰਧੀ ਸੁਪਰੀਮ ਕੋਰਟ ਦਾ ਫੈਸਲਾ ਲਾਗੂ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਅੱਗੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਟਰਾਂਸਪੋਰਟ ਮੁਲਾਜ਼ਮਾਂ ਦੇ ਹੱਕੀ ਅਤੇ ਜਾਇਜ਼ ਮਸਲੇ ਹੱਲ ਨਾ ਕੀਤੇ ਗਏ, ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਦੀ ਰੂਪ-ਰੇਖਾ ਹੋਰ ਤਿੱਖੀ ਕੀਤੀ ਜਾਵੇਗੀ।