ਬਿਜਲੀ ਸੋਧ ਬਿੱਲ 2025 ਖਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
ਬਿਜਲੀ ਸੋਧ ਬਿੱਲ 2025 ਖਿਲਾਫ਼ ਮੁਲਾਜ਼ਮਾਂ ਨੇ ਕੀਤਾ ਪ੍ਰਦਰਸ਼ਨ
Publish Date: Tue, 10 Mar 2026 07:00 PM (IST)
Updated Date: Wed, 11 Mar 2026 04:10 AM (IST)

ਬਜਟ ਨੂੰ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਦੱਸ ਕੇ ਕਾਪੀਆਂ ਫੂਕੀਆਂ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਦੇਸ਼ ਦੇ ਸਮੁੱਚੇ ਪਾਵਰ ਸੈਕਟਰ ਨੂੰ ਪੂੰਜੀਪਤੀਆਂ ਦੇ ਹਵਾਲੇ ਕਰਨ ਲਈ ਕੇਂਦਰ ਸਰਕਾਰ ਵੱਲੋਂ ਤਿਆਰ ਕੀਤੇ ਬਿਜਲੀ ਸੋਧ ਬਿੱਲ 2025 ਦੇ ਖਰੜੇ ਨੂੰ ਪਾਰਲੀਮੈਂਟ ਵਿਚ ਪੇਸ਼ ਕਰਕੇ ਕਾਨੂੰਨ ਬਣਾਉਣ ਦੇ ਖਿਲਾਫ਼ ਮੰਗਲਵਾਰ ਨੂੰ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਸੂਬਾ ਪੱਧਰੀ ਸੱਦੇ ’ਤੇ ਪਾਵਰਕਾਮ ਦੇ ਸਥਾਨਕ ਸਰਕਲ ਦਫ਼ਤਰ ਦੇ ਗੇਟ ’ਤੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇਕੱਤਰ ਹਾਜਰੀਨ ਨੂੰ ਸੰਬੋਧਨ ਕਰਦਿਆਂ ਸੂਬਾ ਆਗੂਆਂ ਗੁਰਪ੍ਰੀਤ ਸਿੰਘ ਗੰਡੀਵਿੰਡ, ਗੁਰਭੇਜ ਸਿੰਘ ਢਿੱਲੋਂ, ਸਰਕਲ ਆਗੂ ਮੰਗਲ ਸਿੰਘ ਨਾਗੋਕੇ, ਮਨਜੀਤ ਸਿੰਘ ਬਾਹਮਣੀਵਾਲ, ਕੁਲਵਿੰਦਰ ਸਿੰਘ ਬਾਗੜੀਆਂ, ਮੇਜਰ ਸਿੰਘ ਮੱਲੀਆ, ਪੂਰਨ ਦਾਸ, ਰਣਜੀਤ ਸਿੰਘ, ਲਖਵਿੰਦਰ ਸਿੰਘ ਬਹਿਲਾ, ਲਖਬੀਰ ਸਿੰਘ ਸੰਧੂ, ਨਰਿੰਦਰ ਬੇਦੀ, ਜਸਪ੍ਰੀਤ ਸਿੰਘ ਆਦਿ ਨੇ ਕਿਹਾ ਕਿ ਹਾਕਮ ਜਮਾਤਾਂ ਦੇਸ਼ ਦੇ ਪਬਲਿਕ ਸੈਕਟਰ ਨੂੰ ਕਾਰਪੋਰੇਟ ਘਰਾਣਿਆਂ ਹੱਥ ਫੜਾਉਣ ਲਈ ਲੋਕਾਂ ਦੁਆਰਾ ਮਿਲੀ ਤਾਕਤ ਦਾ ਗਲਤ ਇਸਤੇਮਾਲ ਕਰਕੇ ਲੋਕ ਵਿਰੋਧੀ ਨੀਤੀਆਂ ਘੜ ਰਹੇ ਹਨ। ਜਿਨ੍ਹਾਂ ਦਾ ਮਿਹਨਤਕਸ਼ ਜਮਾਤ ਸੰਘਰਸ਼ਾਂ ਦੇ ਬੱਲਬੂਤੇ ਮੂੰਹ ਤੋੜ ਜਵਾਬ ਦੇਵੇਗੀ। ਇਸ ਮੌਕੇ ਆਗੂਆਂ ਨੇ ਬਿਜਲੀ ਨਿਗਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕੀਤੇ ਜਾਣ ਦੀ ਸਖ਼ਤ ਸਬਦਾਂ ਵਿਚ ਨ੍ਹਿੰਦਾ ਕਰਦੇ ਹੋਏ ਮੈਨੇਜਮੈਂਟ ਤੇ ਵਾਅਦਾ ਖਿਲਾਫ਼ੀ ਦੇ ਦੋਸ਼ ਲਗਾਏ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਆਖਰੀ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਫੂਕ ਕੇ ਖਜ਼ਾਨਾ ਮੰਤਰੀ ਖਿਲਾਫ਼ ਆਪਣੇ ਰੋਹ ਦਾ ਪ੍ਰਗਟਾਵਾਂ ਕਰਦੇ ਹੋਏ, ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤਾ ਰੋਕਣ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨ, ਕੱਚੇ ਕਾਮੇ ਪੱਕੇ ਨਾ ਕਰਨ, ਪੈਨਸ਼ਨਰਾਂ ’ਤੇ 2.59 ਫੈਕਟਰ ਲਾਗੂ ਨਾ ਕਰਨ, ਸੋਧੇ ਸਕੇਲਾਂ ਦੀਆਂ ਤਰੁੱਟੀਆਂ ਦੂਰ ਨਾ ਕਰਨ ਦੀ ਜ਼ੋਰਦਾਰ ਨ੍ਹਿੰਦਾ ਕੀਤੀ।