ਪਨਬਸ, ਪੀਆਰਟੀਸੀ ਕੱਚੇ ਮੁਲਾਜ਼ਮਾਂ ਨੇ ਤਰਨਤਾਰਨ ਡੀਪੂ ਅੱਗੇ ਕੀਤਾ ਰੋਸ ਪ੍ਰਦਰਸ਼ਨ
ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਰਿਹਾਈ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।
Publish Date: Mon, 09 Feb 2026 06:27 PM (IST)
Updated Date: Tue, 10 Feb 2026 04:06 AM (IST)

ਗੁਰਪ੍ਰੀਤ ਸਿੰਘ ਕੱਦਗਿੱਲ•,ਪੰਜਾਬੀ ਜਾਗਰਣ, ਤਰਨਤਾਰਨ ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਲਵਿੰਦਰ ਸਿੰਘ ਦੀ ਅਗਵਾਈ ਹੇਠ ਤਰਨਤਾਰਨ ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ। ਸੂਬਾ ਪ੍ਰਧਾਨ ਦਲਵਿੰਦਰ ਸਿੰਘ ਨੇ ਤਰਨਤਰਨ ਡੀਪੂ ਦੀ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਤਾਂ ਕੀ ਦੇਣਾ ਸੀ, ਉਲਟਾ ਪਿਛਲੇ 20 ਸਾਲਾਂ ਤੋਂ ਕੰਟਰੈਕਟ ਆਊਟ ਸੋਰਸ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਨਵੀਂ ਦਲਦਲ ਜਿਸ ਨੂੰ ਸਪੈਸ਼ਲ ਕਾਡਰ ਨੀਤੀ 2023 ਕਹਿ ਕੇ ਫਸਾਉਣ ਵਿਚ ਲੱਗੀ ਹੈ। ਜਿਸ ਵਿਚ ਫਸੇ ਟੀਚਰਾਂ ਵਲੋਂ ਪਿਛਲੇ ਦਿਨ੍ਹੀਂ ਮੋਹਾਲੀ ਧਰਨਾ ਵੀ ਲਗਾਇਆ ਗਿਆ। ਇਸ ਤਰ੍ਹਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਟਰਾਂਸਪੋਰਟ ਵਿਭਾਗ ਨੂੰ ਚਲਾਉਣ ਸਮੇਤ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਵਿਚ ਫੇਲ ਸਾਬਿਤ ਹੋ ਚੁੱਕੀ ਹੈ ਅਤੇ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਪੁਲੀਸ ਪ੍ਰਸ਼ਾਸਨ ਦੀ ਵਰਤੋਂ ਕਰਕੇ ਲੋਕਾਂ ਦੀ ਅਵਾਜ਼ ਦਬਾਉਣ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆ ਦੀ ਸਰਕਾਰ ਬਣ ਚੁੱਕੀ ਹੈ, ਜੋ ਕਿ ਆਮ ਆਦਮੀ ਦਾ ਚਿਹਰਾ ਦਿਖਾ ਕਿ ਪੰਜਾਬ ਦੇ ਵਿਚ ਆਪਣੀ ਸੱਤਾ ਕਾਇਮ ਕਰਕੇ ਹੁਣ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਚੁੱਕੀ ਹੈ। ਵੋਟਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀਂ ਕਿ ਇਹ ਕਾਰਪੋਰੇਟ ਘਰਾਣਿਆਂ ਨੂੰ ਖਤਮ ਕਰ ਦੇਵਾਂਗੇ। ਸਾਰੇ ਰੂਟਾਂ ’ਤੇ ਸਰਕਾਰੀ ਬੱਸਾਂ ਚੱਲਣਗੀਆਂ, ਲੋਕ ਸਰਕਾਰੀ ਬੱਸਾਂ ਦੇ ਹਾਰਨ ਨੂੰ ਸੁਣ ਕੇ ਚਾਹ ਧਰਿਆ ਕਰਨਗੇ। ਉਹ ਗੱਲਾਂ ਬਿਲਕੁਲ ਝੂਠੀਆਂ ਸਾਬਿਤ ਹੋਈਆਂ ਹਨ। ਕਿਉਂਕਿ ਪਿਛਲੇ ਦਿਨ੍ਹੀਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਦੀ ਨੀਤੀ ਦੇ ਨਾਲ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਲੈ ਕੇ ਆਈ ਸੀ। ਜਿਸ ਉਪਰੰਤ ਜਥੇਬੰਦੀ ਵਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਗੂ ਨੂੰ ਘਰਾਂ ਅਤੇ ਧਰਨਿਆਂ ਤੋ ਜ਼ਬਰੀ ਚੁੱਕ ਕੇ ਸੰਘਰਸ਼ ਕਰਦੇ ਮੁਲਾਜ਼ਮਾਂ ’ਤੇ 307 ਵਰਗੀਆਂ ਧਾਰਾਵਾਂ ਲਗਾ ਕੇ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ। ਅੱਜ ਲਗਭਗ 2 ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਤੇ ਸਰਕਾਰ ਵਾਰ-ਵਾਰ ਮੀਟਿੰਗ ਦੇ ਵਿਚ ਭਰੋਸਾ ਦੇ ਰਹੀ ਹੈ ਕਿ 2 ਜਾਂ 4 ਦਿਨ੍ਹਾਂ ਵਿਚ ਤੁਹਾਡੇ ਸਾਥੀਆਂ ਨੂੰ ਰਿਹਾਈ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਪੰਜਾਬ ਯੂਨੀਅਨ ਅੱਗੇ ਸ਼ਰਤਾਂ ਰੱਖ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਜੇਲ੍ਹਾਂ ਵਿਚ ਬੰਦ ਕਰਕੇ ਮੁਲਾਜ਼ਮਾਂ ਦੀ ਅਵਾਜ਼ ਦਬਾਉਣ ਅਤੇ ਧੱਕੇਸ਼ਾਹੀ ਨਾਲ ਨਿੱਜੀਕਰਨ ਕਰਨਾ ਚਾਹੁੰਦੇ ਹਨ। ਟਰਾਂਸਪੋਰਟ ਮੰਤਰੀ ਪੰਜਾਬ ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਅਵਾਜ਼ ਦਬਾਉਣ ਲਈ ਕਹਿੰਦੇ ਹਨ। ਇਸ ਮੌਕੇ ਡੀਪੂ ਪ੍ਰਧਾਨ ਰਣਜੀਤ ਸਿੰਘ ਤੇ ਮੀਤ ਪ੍ਰਧਾਨ ਬਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਲੰਮੇ ਸਮੇਂ ਤੋਂ ਮੰਗਾਂ ਦਾ ਹੱਲ ਕਰਨ ਦੇ ਲਈ ਕਮੇਟੀਆਂ ਦਾ ਗਠਿਤ ਕਰਕੇ ਇਕ ਸਮਾਂ ਟਪਾਉਣ ਦੀ ਨੀਤੀ ਅਪਣਾ ਰਹੀ ਸੀ। ਚਾਰ ਸਾਲ ਬੀਤ ਚੁੱਕੇ ਹਨ, ਇਕ ਵੀ ਨਵੀਂ ਸਰਕਾਰੀ ਬੱਸ ਨਹੀਂ ਪਾਈ ਗਈ। ਉਲਟਾ ਜਿਹੜੀਆਂ ਬੱਸਾਂ ਮੌਜੂਦ ਹਨ, ਉਨ੍ਹਾਂ ਨੂੰ ਟਾਇਰਾਂ, ਪੁਰਜ਼ਿਆ ਤੋਂ ਡਿਪੂਆਂ ਵਿਚ ਸ਼ਿੰਗਾਰ ਬਣਾਇਆ ਤੇ ਕਾਰਪੋਰੇਟ ਘਾਰਣਿਆ ਨੂੰ ਤਵੱਜੋ ਦਿੱਤੀ ਜਾ ਰਹੀ ਹੈ। ਹੁਣ ਪ੍ਰਾਈਵੇਟ ਮਾਲਕਾਂ ਨੂੰ ਫਾਇਦਾ ਦੇਣ ਦੇ ਲਈ ਕਿਲੋਮੀਟਰ ਸਕੀਮ ਬੱਸਾਂ ਪਾ ਕੇ ਸਰਕਾਰੀ ਟਰਾਂਸਪੋਰਟ ਨੂੰ ਬੰਦ ਕਰਨ ਜਾ ਰਹੀ ਹੈ। ਜਿਸ ਦਾ ਜਥੇਬੰਦੀ ਪੂਰਨ ਜ਼ੋਰ ਵਿਰੋਧ ਕਰਦੀ ਆਈ ਹੈ। ਪਿਛਲੇ ਦਿਨ੍ਹੀਂ ਵਿਰੋਧ ਕਰਦੇ ਮੁਲਾਜ਼ਮਾ ਨੂੰ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਪਟਿਆਲੇ 307 ਦੇ ਪਰਚੇ ਦਰਜ ਕੀਤੇ ਗਏ ਹਨ ਅਤੇ ਰਿਹਾਅ ਤੱਕ ਨਹੀ ਕੀਤਾ ਗਿਆ। ਜਿਸ ਦੇ ਰੋਸ ਵਜੋਂ 11 ਫਰਵਰੀ ਨੂੰ ਬਾਅਦ ਦੁਪਹਿਰ ਤੋ ਸ਼ਾਮ ਤੱਕ ਬੱਸਾਂ ਬੰਦ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ 12 ਫਰਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਧਰਨਾ ਦਿੱਤਾ ਜਾਵੇਗਾ। ਜੇਕਰ ਫਿਰ ਵੀ ਸਰਕਾਰ ਨੇ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਤਿੱਖੇ ਰਿਹਾਈ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਜੋ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਜੇਲ੍ਹਾਂ ਵਿਚ ਬੰਦ ਸਾਥੀਆਂ ਦੀ ਰਿਹਾਈ ਅਤੇ ਮੰਨ੍ਹੀਆਂ ਹੋਈਆ ਮੰਗਾਂ ਲਾਗੂ ਨਹੀ ਕੀਤੀਆਂ ਜਾਂਦੀਆਂ।