ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ’ਚ ਕੀਤੇ ਵਾਅਦੇ ਪੂਰੇ ਕੀਤੇ : ਚੀਮਾ
ਲੋਕ-ਭਲਾਈ ਯੋਜਨਾਵਾਂ ਨੂੰ ਤਰਜੀਹ ਦਿੰਦੇ ਹੋਏ ਆਮ ਲੋਕਾਂ ਨੂੰ ਰਾਹਤ ਦੇਣ ਲਈ ਵੱਡੇ ਫੈਸਲੇ ਕੀਤੇ ਗਏ ਹਨ।
Publish Date: Mon, 09 Mar 2026 04:08 PM (IST)
Updated Date: Tue, 10 Mar 2026 04:01 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪੱਟੀ : ਪੰਜਾਬ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਕਰਦਿਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਸਿਕੰਦਰ ਸਿੰਘ ਚੀਮਾ ਪ੍ਰਧਾਨ ਟਰੱਕ ਯੂਨੀਅਨ ਪੱਟੀ ਨੇ ਕਿਹਾ ਕਿ ਸਰਕਾਰ ਨੇ ਪੇਸ਼ ਕੀਤੇ ਗਏ ਬਜਟ ’ਚ ਸੂਬੇ ’ਚ ਲੋਕ-ਭਲਾਈ ਯੋਜਨਾਵਾਂ ਨੂੰ ਤਰਜੀਹ ਦਿੰਦੇ ਹੋਏ ਆਮ ਲੋਕਾਂ ਨੂੰ ਰਾਹਤ ਦੇਣ ਲਈ ਵੱਡੇ ਫੈਸਲੇ ਕੀਤੇ ਗਏ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਹਿੱਤ ’ਚ ਕੀਤੇ ਗਏ ਨਵੇਂ ਐਲਾਨਾਂ ਤੇ ਯੋਜਨਾਵਾਂ ਤੋਂ ਬਾਅਦ ਸੂਬੇ ਦੀਆਂ ਔਰਤਾਂ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਸਰਕਾਰ ਦੇ ਇਸ ਕਦਮ ਨੂੰ ਮਹਿਲਾਵਾਂ ਦੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਵੱਲ ਇਕ ਮਹੱਤਵਪੂਰਨ ਪਹਿਲ ਮੰਨਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ’ਚ ਸੁਧਾਰ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਤੇ ਸਮਾਜਿਕ ਸੁਰੱਖਿਆ ਨਾਲ ਜੁੜੀਆਂ ਸਕੀਮਾਂ ਨੂੰ ਲਾਗੂ ਕਰ ਕੇ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਹਕੀਕਤ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਤੇ ਪ੍ਰਸ਼ਾਸਨ ’ਚ ਪਾਰਦਰਸ਼ਤਾ ਲਿਆਉਣ ਲਈ ਵੀ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ। ਚੀਮਾ ਨੇ ਕਿਹਾ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ’ਚ ਇਹ ਉਪਰਾਲੇ ਦਰਸਾਉਂਦੇ ਹਨ ਕਿ ਉਹ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਸੂਬੇ ਦੇ ਵਿਕਾਸ ਅਤੇ ਲੋਕ-ਭਲਾਈ ਲਈ ਹੋਰ ਕਦਮ ਚੁੱਕੇ ਜਾਣਗੇ, ਤਾਂ ਜੋ ਪੰਜਾਬ ਨੂੰ ਤਰੱਕੀ ਦੀ ਰਾਹ ‘ਤੇ ਅੱਗੇ ਲਿਆਇਆ ਜਾ ਸਕੇ।