ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ ਕੀਤੇ : ਸੰਧੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ
Publish Date: Sun, 18 Jan 2026 06:21 PM (IST)
Updated Date: Mon, 19 Jan 2026 04:12 AM (IST)

ਜਸਪਾਲ ਸਿੰਘ ਜੱਸੀ,•ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਤੇ ਅਸ਼ੀਰਵਾਦ ਸਕੀਮ ਇਸ ਵਚਨਬੱਧਤਾ ਦਾ ਸਪੱਸ਼ਟ ਪ੍ਰਤੀਕ ਹੈ, ਜੋ ਗ਼ਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਆਰਥਿਕ ਬੋਝ ਘਟਾਉਣ ’ਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਸਬੰਧੀ ਵਿਧਾਇਕ ਸੰਧੂ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐੱਸਬੀਐੱਸ ਨਗਰ ਤੇ ਸੰਗਰੂਰ ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ’ਤੇ 6231 ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਕਵਰ ਕਰਨ ਲਈ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਇਹ ਸਪੱਸ਼ਟ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਸਰਕਾਰੀ ਭਲਾਈ ਸਕੀਮਾਂ ਤੋਂ ਵੰਚਿਤ ਨਾ ਰਹੇ ਅਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁੱਖ ਧਾਰਾ ਨਾਲ ਜੋੜ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾਵੇ। ===== ਇਨ੍ਹਾਂ ਜ਼ਿਲ੍ਹਿਆਂ ਨੂੰ ਮਿਲੀ ਵਿੱਤੀ ਸਹਾਇਤਾ ਇਸ ਰਾਸ਼ੀ ਨਾਲ ਤਰਨਤਾਰਨ ਦੇ 207 ਲਾਭਪਾਤਰੀਆਂ, ਫਰੀਦਕੋਟ ਦੇ 155, ਫਿਰੋਜ਼ਪੁਰ ਦੇ 242, ਸ੍ਰੀ ਫਤਿਹਗੜ੍ਹ ਸਾਹਿਬ ਦੇ 124, ਫਾਜ਼ਿਲਕਾ ਦੇ 1647, ਗੁਰਦਾਸਪੁਰ ਦੇ 226 ਅਤੇ ਜਲੰਧਰ ਦੇ 70 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸੇ ਤਰ੍ਹਾਂ ਕਪੂਰਥਲਾ ਦੇ 615, ਲੁਧਿਆਣਾ ਦੇ 2498, ਪਟਿਆਲਾ ਦੇ 178, ਐੱਸਬੀਐੱਸ ਨਗਰ ਦੇ 152 ਅਤੇ ਸੰਗਰੂਰ ਦੇ 117 ਨੂੰ ਵੀ ਇਸ ਸਕੀਮ ਅਧੀਨ ਲਾਭ ਪਹੁੰਚਾਇਆ ਗਿਆ ਹੈ। ==== ਸਰਕਾਰ ਵੱਲੋਂ ਵਿਆਹ ਲਈ ਦਿੱਤੀ ਜਾਂਦੀ ਹੈ 51 ਹਜ਼ਾਰ ਦੀ ਵਿੱਤੀ ਸਹਾਇਤਾ ਵਿਧਾਇਕ ਸੰਧੂ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਘੱਟ ਆਮਦਨੀ ਵਾਲੇ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਆਹ ਸਮੇਂ ਆਰਥਿਕ ਤੌਰ ’ਤੇ ਸਹਾਰਾ ਮਿਲ ਸਕੇ। ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਪਰਿਵਾਰ ਗ਼ਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਾਲਾਨਾ ਆਮਦਨ 32 ਹਜ਼ਾਰ 790 ਰੁਪਏ ਤੋਂ ਘੱਟ ਹੋਵੇ। ਯੋਗ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੀ ਹੱਕਦਾਰ ਹਨ। ਵਿਧਾਇਕ ਸੰਧੂ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀਬੀਟੀ ਡਾਇਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਕੀਤੀ ਜਾਂਦੀ ਹੈ, ਤਾਂ ਜੋ ਪਾਰਦਰਸ਼ਤਾ ਅਤੇ ਤੇਜ਼ੀ ਯਕੀਨੀ ਬਣਾਈ ਜਾ ਸਕੇ।