- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਕੌਂਸਲ ਪੱਟੀ ਦੇ ਸਫਾਈ ਸੇਵਕਾਂ ਦੇ ਹੱਕ ’ਚ ਨਿੱਤਰੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਮਨ ਸੇਖੋਂ

-ਨਗਰ ਕੌਂਸਲ ਪੱਟੀ ਦੇ ਸਫਾਈ ਸੇਵਕਾਂ ਦੇ ਹੱਕ ’ਚ ਨਿੱਤਰੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਮਨ ਸੇਖੋਂ
ਬੱਲੂ ਮਹਿਤਾ•ਪੰਜਾਬੀ ਜਾਗਰਣ, ਪੱਟੀ : ਨਗਰ ਕੌਂਸਲ ਪੱਟੀ ਦੇ ਸਫ਼ਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਨੂੰ ਉਸ ਸਮੇਂ ਹੋਰ ਬਲ ਮਿਲਿਆ। ਜਦੋਂ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਹਰਮਨ ਸੇਖੋਂ ਧਰਨੇ ਵਾਲੀ ਥਾਂ ’ਤੇ ਪੁੱਜੇ ਤੇ ਮੁਲਾਜ਼ਮਾਂ ਨਾਲ ਏਕਤਾ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਉਹ ਨਗਰ ਕੌਂਸਲ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਸਫਾਈ ਸੇਵਕਾਂ ’ਚ ਸ਼ਾਮਲ ਹੋਏ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਹਰਮਨ ਸੇਖੋਂ ਨੇ ਕਿਹਾ ਕਿ ਸਫਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਦਿਨ-ਰਾਤ ਮਿਹਨਤ ਕਰਦੇ ਹਨ, ਪਰ ਅੱਜ ਉਨ੍ਹਾਂ ਨੂੰ ਹੱਕੀ ਮੰਗਾਂ ਲਈ ਸੜਕਾਂ ’ਤੇ ਬੈਠਣਾ ਪੈ ਰਿਹਾ ਹੈ, ਜੋ ਮੰਦਭਾਗੀ ਗੱਲ ਹੈ। ਸਫ਼ਾਈ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਣਾ ਚਾਹੀਦਾ ਹੈ ਤੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਦਿਖਾਉਣੀ ਚਾਹੀਦੀ ਹੈ।
ਯੂਥ ਕਾਂਗਰਸ ਆਗੂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਿਹਾ ਹੈ, ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਹੋ ਸਕਦਾ ਹੈ। ਹਰਮਨ ਸੇਖੋਂ ਨੇ ਸਫਾਈ ਸੇਵਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਯੂਥ ਕਾਂਗਰਸ ਉਨ੍ਹਾਂ ਦੇ ਹਰ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ। ਮੁਲਾਜ਼ਮਾਂ ਦੇ ਹੱਕਾਂ ਦੀ ਰੱਖਿਆ ਲਈ ਹਰ ਸੰਭਵ ਲੜਾਈ ਲੜੀ ਜਾਵੇਗੀ ਤੇ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸਫਾਈ ਸੇਵਕਾਂ ਦੇ ਆਗੂਆਂ ਨੇ ਹਰਮਨ ਸੇਖੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵੱਖ-ਵੱਖ ਸਮਾਜਿਕ ਤੇ ਸਿਆਸੀ ਜਥੇਬੰਦੀਆਂ ਵੱਲੋਂ ਮਿਲ ਰਿਹਾ ਸਮੱਰਥਨ ਉਨ੍ਹਾਂ ਦੇ ਹੌਸਲੇ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਦੁਹਰਾਇਆ ਕਿ ਜਦੋਂ ਤਕ ਮੰਗਾਂ ਦਾ ਹੱਲ ਨਹੀਂ ਹੁੰਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।