- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜਾ ਵੜਿੰਗ ਦੀ ਅਗਵਾਈ ਹੇਠ ਇੱਕਜੁੱਟ ਹੋ ਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਵਾਂਗੇ : ਹਰਪ੍ਰੀਤ ਸਿੰਘ ਸੰਧੂ

-ਪੱਟੀ ਹਲਕੇ ਦੀ ਸਥਿਤੀ ਤੇ ਪਾਰਟੀ ਦੀ ਮਜ਼ਬੂਤੀ ਲਈ ਭੁਪੇਸ਼ ਬਘੇਲ ਤੇ ਸੀਨੀਅਰ ਆਗੂਆਂ ਨਾਲ ਚਰਚਾ
ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੀਪੀਸੀਸੀ ਦੇ ਮੈਂਬਰ ਹਰਪ੍ਰੀਤ ਸਿੰਘ ਸੰਧੂ ਨੇ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ’ਚ ਹਿੱਸਾ ਲਿਆ, ਜਿਸ ਵਿਚ ਵਿਧਾਨ ਸਭਾ ਹਲਕਾ ਪੱਟੀ ਦੀ ਮੌਜੂਦਾ ਸਿਆਸੀ ਸਥਿਤੀ ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਸੂਬੇ ਦੇ ਵੱਖ-ਵੱਖ ਹਲਕਿਆਂ ਦੀ ਰਾਜਨੀਤਿਕ ਸਥਿਤੀ ਬਾਰੇ ਜ਼ਮੀਨੀ ਫੀਡਬੈਕ ਲਈ ਜਾ ਰਹੀ ਹੈ, ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਕ ਮਜ਼ਬੂਤ ਰਣਨੀਤੀ ਤਿਆਰ ਕੀਤੀ ਜਾ ਸਕੇ। ਮੀਟਿੰਗ ਦੌਰਾਨ ਪੱਟੀ ਹਲਕੇ ਨਾਲ ਸਬੰਧਤ ਸੰਗਠਨਾਤਮਕ ਢਾਂਚੇ, ਪਾਰਟੀ ਵਰਕਰਾਂ ਦੀ ਸਰਗਰਮੀ, ਲੋਕਾਂ ਦੇ ਮੁੱਖ ਮੁੱਦਿਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਚਰਚਾ ਹੋਈ ਹੈ। ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਮੌਜੂਦਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਵਧ ਰਹੀ ਬੇਰੁਜ਼ਗਾਰੀ, ਕਿਸਾਨੀ ਸੰਕਟ, ਨਸ਼ਿਆਂ ਦੀ ਗੰਭੀਰ ਸਮੱਸਿਆ, ਸਿਹਤ ਤੇ ਸਿੱਖਿਆ ਦੇ ਨਿਗੂਣੇ ਪ੍ਰਬੰਧਾਂ ਕਾਰਨ ਆਮ ਲੋਕ ਬੇਹੱਦ ਨਿਰਾਸ਼ ਹਨ ਤੇ ਹੁਣ ਕਾਂਗਰਸ ਪਾਰਟੀ ਵੱਲ ਇਕ ਮਜ਼ਬੂਤ ਬਦਲ ਵਜੋਂ ਦੇਖ ਰਹੇ ਹਨ। ਆਪਣੇ ਹਲਕੇ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ ਕਿ ਪੱਟੀ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਵਰਕਰਾਂ ਤੇ ਆਮ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਆਵਾਜ਼ ਬੁਲੰਦ ਕੀਤੀ ਜਾਵੇਗੀ। ਆਉਣ ਵਾਲੇ ਦਿਨਾਂ ’ਚ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਇਆ ਜਾਵੇਗਾ। ਹਰਪ੍ਰੀਤ ਸਿੰਘ ਸੰਧੂ ਨੇ ਭਰੋਸਾ ਜਤਾਇਆ ਕਿ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਵਰਗੇ ਤਜਰਬੇਕਾਰ ਆਗੂਆਂ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣਾ ਹੈ। ਅਖੀਰ ਵਿਚ ਉਨ੍ਹਾਂ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਰਕਰਾਂ ਦੀ ਭਾਵਨਾ ਨੂੰ ਲੀਡਰਸ਼ਿਪ ਤਕ ਪਹੁੰਚਾਉਣ ਲਈ ਨਿਰੰਤਰ ਯਤਨਸ਼ੀਲ ਰਹਿਣਗੇ।