- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਕਤ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਵਿਰੁੱਧ ਕਿਸਾਨ - ਮਜ਼ਦੂਰ ਜਥੇਬੰਦੀਆਂ ਦਾ ਮੋਰਚਾ ਤੇਜ਼

ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ, ਹਰੀਕੇ ਪੱਤਣ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਮੁਕਤ ਵਪਾਰ ਸਮਝੌਤੇ ਐੱਫਟੀਏ ਅਤੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕਮੇਟੀ ਦੇ ਸੂਬਾ ਪ੍ਰਧਾਨ ਜਥੇਦਾਰ ਸੁਖਵਿੰਦਰ ਸਿੰਘ ਸਭਰਾ ਨੇ ਮਾਝੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸਰਕਾਰ ਦੀਆਂ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਤੇ ਆਉਣ ਵਾਲੇ ਸੰਘਰਸ਼ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਭਰਾ ਨੇ ਕਿਹਾ ਕਿ ਮੁਕਤ ਵਪਾਰ ਸਮਝੌਤਿਆਂ ਕਾਰਨ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰੀਆਂ ਦੇ ਹਿੱਤ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ।
ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਅਜਿਹੇ ਸਮਝੌਤੇ ਬਿਨ੍ਹਾਂ ਵਿਆਪਕ ਵਿਚਾਰ-ਵਟਾਂਦਰੇ ਦੇ ਲਾਗੂ ਕੀਤੇ ਜਾਂਦੇ ਹਨ, ਤਾਂ ਇਸ ਦਾ ਸਿੱਧਾ ਅਸਰ ਖੇਤੀਬਾੜੀ ਅਤੇ ਪੇਂਡੂ ਆਰਥਿਕਤਾ 'ਤੇ ਪੈ ਸਕਦਾ ਹੈ। ਉਨ੍ਹਾਂ ਨੇ ਪੰਜਾਬ ਵਿਚ ਪ੍ਰਸਤਾਵਿਤ ਲੈਂਡ ਪੂਲਿੰਗ ਨੀਤੀ 'ਤੇ ਵੀ ਚਿੰਤਾ ਜਤਾਉਂਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਜ਼ਮੀਨ ਅਤੇ ਉਨ੍ਹਾਂ ਦੇ ਰੋਜ਼ਗਾਰ ਨਾਲ ਜੁੜੇ ਹੱਕ ਪ੍ਰਭਾਵਿਤ ਹੋ ਸਕਦੇ ਹਨ। ਕਿਸਾਨ ਜਥੇਬੰਦੀਆਂ ਵਿਕਾਸ ਦੇ ਵਿਰੋਧੀ ਨਹੀਂ ਹਨ, ਪਰ ਕਿਸੇ ਵੀ ਅਜਿਹੀ ਨੀਤੀ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਜੋ ਕਿਸਾਨਾਂ ਅਤੇ ਆਮ ਲੋਕਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਵੇ। ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਦੇਸ਼ ਅਤੇ ਪੰਜਾਬ ਦੇ ਹਿੱਤਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸਾਨ-ਮਜ਼ਦੂਰ ਜਥੇਬੰਦੀਆਂ ਇਸ ਮੁੱਦੇ 'ਤੇ ਲੋਕਾਂ ਨੂੰ ਲਾਮਬੰਦ ਕਰਨ ਲਈ ਪਿੰਡ ਪੱਧਰ 'ਤੇ ਮੀਟਿੰਗਾਂ ਅਤੇ ਜਾਗਰੂਕਤਾ ਮੁਹਿੰਮ ਜਾਰੀ ਰੱਖਣਗੀਆਂ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇ। ਮੀਟਿੰਗਾਂ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ, ਮਜ਼ਦੂਰਾਂ ਅਤੇ ਕਮੇਟੀ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ ਤੇ ਕਿਸਾਨ ਹਿੱਤਾਂ ਦੀ ਰੱਖਿਆ ਲਈ ਜਥੇਬੰਦੀ ਦੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ, ਹਰਜਿੰਦਰ ਸਿੰਘ ਸ਼ਕਰੀ, ਜ਼ਿਲ੍ਹਾ ਲੇਖਾਕਾਰ ਫਤਿਹ ਸਿੰਘ ਪਿੱਦੀ, ਪ੍ਰਧਾਨ ਜੁਗਰਾਜ ਸਿੰਘ ਸਭਰਾ, ਸਵਰਨ ਸਿੰਘ ਖਹਿਰਾ, ਸੁਖਬੀਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਵੱਡੀ ਗਿਣਤੀ ’ਚ ਕਿਸਾਨ ਮਜ਼ਦੂਰ ਹਾਜ਼ਰ ਸਨ।