- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ- ਕਾਨੂੰਗੋ

-ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ, ਕੇਂਦਰ ਦੀਆਂ ਭਲਾਈ ਸਕੀਮਾਂ ਲਾਗੂ ਕਰਨ ਦੀ ਕੀਤੀ ਸਮੀਖਿਆ
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਐੱਨਐੱਚਆਰਸੀ ਦਿੱਲੀ ਦੇ ਮੈਂਬਰ ਪ੍ਰਿਯੰਕ ਕਾਨੂੰਗੋ ਨੇ ਮੰਗਲਵਾਰ ਨੂੰ ਤਰਨਤਾਰਨ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜ਼ਿਲ੍ਹਾ ਪ੍ਰਸ਼ਾਸਨ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦੇ ਪ੍ਰਭਾਵਸ਼ਾਲੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੁੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਦੌਰਾਨ ਪ੍ਰਿਯੰਕ ਕਾਨੂੰਗੋ ਨੇ ਕਿਹਾ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਦੌਰੇ ਦੌਰਾਨ ਲੋਕਾਂ ਵੱਲੋਂ ਉਠਾਏ ਗਏ, ਹਰ ਮਸਲੇ ਨੂੰ ਕਮਿਸ਼ਨ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨ ਦੀ ਪ੍ਰਮੁੱਖ ਤਰਜੀਹ ਹੈ।
ਕਾਨੂੰਗੋ ਨੇ ਖਾਲੜਾ, ਭਿੱਖੀਵਿੰਡ, ਮਹਿੰਦੀਪੁਰ ਅਤੇ ਤਰਨਤਾਰਨ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਪ੍ਰਾਪਤ ਸ਼ਿਕਾਇਤਾਂ ਦਾ ਨਿਰਧਾਰਤ ਸਮੇਂ ਅੰਦਰ ਨਿਰਪੱਖ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਰਾਹਤ ਮਿਲ ਸਕੇ। ਇਸ ਦੌਰਾਨ ਉਹ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ, ਪਹੂਵਿੰਡ ਵਿਖੇ ਵੀ ਨਤਮਸਤਕ ਹੋਏ। ਪ੍ਰਿਯੰਕ ਕਾਨੂੰਗੋ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਅਤੇ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀਐੱਮ ਵਿਸ਼ਵਕਰਮਾ ਯੋਜਨਾ, ਪੋਕਸੋ ਮਾਮਲਿਆਂ ਦੀ ਸਥਿਤੀ, ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ, ਮਿਸ਼ਨ ਵਤਸਾਲਿਆ, ਸੇਫ਼ ਸਕੂਲ ਵਾਹਨ ਸਕੀਮ, ‘ਬੇਟੀ ਬਚਾਓ-ਬੇਟੀ ਪੜ੍ਹਾਓ, ਦਿਵਿਆਂਗ ਕੁਸ਼ਲ ਯੋਜਨਾਵਾਂ, ਸਿੱਖਿਆ ਵਿਭਾਗ ਦੀਆਂ ਪਹਿਲਕਦਮੀਆਂ ਅਤੇ ਹੋਰ ਸਮਾਜਿਕ ਸੁਰੱਖਿਆ ਨਾਲ ਸਬੰਧਤ ਸਕੀਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਕਾਨੂੰਗੋ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਲਾਭਪਾਤਰੀ ਤਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇ ਅਤੇ ਕਿਸੇ ਵੀ ਯੋਗ ਵਿਅਕਤੀ ਨੂੰ ਬੇਵਜ੍ਹਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਯੋਜਨਾਵਾਂ ਦਾ ਪ੍ਰਭਾਵੀ ਲਾਗੂਕਰਨ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਏਡੀਸੀ ਜਨਰਲ ਡਾ. ਆਦਿੱਤਿਆ ਸ਼ਰਮਾ, ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ, ਐੱਸਡੀਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸਡੀਐੱਮ ਪੱਟੀ ਅਮਨਦੀਪ, ਐੱਸਡੀਐੱਮ ਭਿੱਖੀਵਿੰਡ ਜਗਦੀਪ ਸਿੰਘ, ਐੱਸਪੀ ਸੁਖਨਿੰਦਰ ਸਿੰਘ, ਡੀਡੀਪੀਓ ਦੇਵਿੰਦਰ ਸਿੰਘ, ਸਿਵਲ ਸਰਜਨ ਡਾ. ਸੰਦੀਪ ਧਵਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜਰ ਸਨ।