ਜਸਪਾਲ ਸਿੰਘ ਜੱਸੀ, ਤਰਨਤਾਰਨ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਤਿੰਨ ਜ਼ਿਲ੍ਹਿਆਂ 'ਚ 80 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ ਪਰ ਕੈਪਟਨ ਸਰਕਾਰ ਨੇ ਇਕ ਅਧਿਕਾਰੀ ਦੇ ਹੱਥ ਜਾਂਚ ਸੌਂਪ ਦਿੱਤੀ ਹੈ। ਜਿਸ ਨਾਲ ਲੋਕਾਂ ਨੂੰ ਕੋਈ ਇਨਸਾਫ ਮਿਲਣ ਵਾਲਾ ਨਹੀਂ। ਜੇਕਰ ਸਰਕਾਰ ਚਾਹੁੰਦੀ ਹੈ ਕਿ ਅਸਲ ਮੁਲਜ਼ਮਾਂ ਦਾ ਪਤਾ ਲੱਗੇ ਤਾਂ ਇਸ ਕਾਂਡ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ।

ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ਼ ਸ਼ਰਾਬ ਪੀੜਤਾਂ ਦਾ ਹਾਲ ਜਾਨਣ ਪਹੁੰਚੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼ਰਾਬ ਮਾਫੀਆ ਕਿਸ ਤਰ੍ਹਾਂ ਕੰਮ ਕਰਦਾ ਹੈ, ਇਹ ਸਭ ਲੋਕ ਭਲੀਂ ਭਾਂਤ ਜਾਣਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਸ਼ਰਾਬ ਨਾਲ ਹੋਈਆਂ ਮੌਤਾਂ ਕਿਸੇ ਤ੍ਰਾਸਦੀ ਤੋਂ ਘੱਟ ਨਹੀਂ ਹੈ ਪਰ ਸਰਕਾਰ ਨੇ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਦੇ ਕੇ ਪੀੜਤਾਂ ਨੂੰ ਇਨਸਾਫ ਦੇਣ ਦੇ ਰਾਹ 'ਚ ਰੋੜਾ ਅਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਹ ਸਾਰੇ ਮੇਹਨਤਕਸ਼ ਇਨਸਾਨ ਸਨ ਅਤੇ ਦਿਹਾੜੀ ਕਰਕੇ ਆਪਣੇ ਪਰਿਵਾਰਾਂ ਦਾ ਪੇਟ ਪਾਲਦੇ ਸਨ। ਕਈ ਘਰਾਂ ਦੇ ਦੋ-ਦੋ ਲੋਕ ਇਸ ਤ੍ਰਾਸਦੀ ਦਾ ਸ਼ਿਕਾਰ ਹੋ ਗਏ ਹਨ। ਸਰਕਾਰ ਵੱਲੋਂ ਐਲਾਨਿਆਂ ਦੋ ਲੱਖ ਦਾ ਮੁਆਵਜਾ ਨਾਕਾਫੀ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੀੜ੍ਹਤ ਪਰਿਵਾਰਾਂ ਨੂੰ 20-20 ਲੱਖ ਦਾ ਮੁਆਵਜਾ ਦੇਵੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪੀੜ੍ਹਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਦੇ ਲਈ ਉਹ ਹਰ ਤਰ੍ਹਾਂ ਦੀ ਲੜ੍ਹਾਈ ਲੜਨਗੇ। ਉਨ੍ਹਾਂ ਨੇ ਇਸ ਦੌਰਾਨ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅੱਗੇ ਤੋਂ ਸ਼ਰਾਬ ਤੋਂ ਤੌਬਾ ਕਰਨ ਦੀ ਸਲਾਹ ਵੀ ਦਿੱਤੀ। ਇਸ ਮੌਕੇ 'ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਤੋਂ ਇਲਾਵਾ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Posted By: Amita Verma