- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਸਟੇਡੀਅਮ ‘ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਪੁਲਿਸ ਸਟੇਡੀਅਮ ‘ਚ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ, ਸਹਾਇਕ ਕਮਿਸ਼ਨਰ ਤੇ ਏਡੀਸੀ ਵਿਕਾਸ ਨੇ ਕੀਤੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ
ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : 26 ਜਨਵਰੀ ਨੂੰ ਪੁਲਿਸ ਸਟੇਡੀਅਮ, ਤਰਨਤਾਰਨ ਵਿਖੇ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸੰਜੀਵ ਕੁਮਾਰ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ, ਆਈਏਐੱਸ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨਸੀਸੀ ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੌਰਾਨ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ।
ਸਹਾਇਕ ਕਮਿਸ਼ਨਰ ਨੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਹਿਦਾਇਤ ਕੀਤੀ ਕਿ ਸ਼ਹਿਰ ਵਿਚ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸ਼ਹਿਰ ਦੇ ਚੌਂਕਾਂ ਅਤੇ ਗੇਟਾਂ ਨੂੰ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਤੌਰ ’ਤੇ ਸਜਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਵਾਲੀ ਥਾਂ ’ਤੇ ਕੱਲ ਤੱਕ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੀ ਅਗਲੀ ਰਿਹਰਸਲ 23 ਜਨਵਰੀ ਨੂੰ ਅਤੇ ਫੁਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ 26 ਜਨਵਰੀ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਸਮੂਹ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਵੀ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ 26 ਜਨਵਰੀ ਨੂੰ ਸਵੇਰੇ 9 ਵਜੇ ਪੁਲਿਸ ਸਟੇਡੀਅਮ ਵਿਖੇ ਪਹੁੰਚ ਕੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਰੌਣਕਾਂ ਨੂੰ ਵਧਾਉਣ। ਇਸ ਮੌਕੇ ਐੱਸਡੀਐੱਮ ਤਰਨਤਾਰਨ ਗੁਰਮੀਤ ਸਿੰਘ, ਡੀਡੀਪੀਓ ਪਿਆਰ ਸਿੰਘ ਖ਼ਾਲਸਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।