ਪੱਤਰ ਪੇ੍ਰਰਕ, ਤਰਨਤਾਰਨ : ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ 12 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਆਰੰਭ ਹੋਏ ਸਮਾਗਮ ਦੇਰ ਰਾਤ ਤਕ ਚਲਦੇ ਰਹੇ। ਜਿਸ ਵਿਚ ਇਲਾਕੇ ਭਰ ਦੀ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

ਇਸ ਸਬੰਧੀ ਗੁਰਦੁਆਰਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਸਵੇਰੇ ਕਰੀਬ ਗਿਆਰਾਂ ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਸ਼ਾਮ 5 ਵਜੇ ਤੋਂ ਦੀਵਾਨ ਹਾਲ ਵਿਚ ਮਹਾਨ ਗੁਰਮਤਿ ਸਮਾਗਮ ਸਜਾਇਆ ਗਿਆ। ਜਿਸ ਵਿਚ ਭਾਈ ਰੇਸ਼ਮ ਸਿੰਘ ਹਜ਼ੂਰੀ ਰਾਗੀ, ਭਾਈ ਹੀਰਾ ਸਿੰਘ ਕੰਗ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਲਕੀਰ ਸਾਹਿਬ ਤਰਨਤਾਰਨ, ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਗਿਆਨੀ ਜਸਵੰਤ ਸਿੰਘ ਪਰਵਾਨਾ ਕਥਾ ਵਾਚਕ ਨੇ ਸੰਗਤ ਨੂੰ ਗੁਰੂ ਜੱਸ ਸਰਵਣ ਕਰਵਾ ਕੇ ਨਿਹਾਲ ਕੀਤਾ ਹੈ। ਜਸਵੰਤ ਸਿੰਘ ਪੱਡਾ ਨੇ ਦੱਸਿਆ ਕਿ ਹਰ ਸਾਲ ਇਥੇ ਬਾਬਾ ਸ਼੍ਰੀ ਚੰਦ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਂਦਾ ਹੈ ਤੇ ਵੱਡੀ ਗਿਣਤੀ ਵਿਚ ਸੰਗਤ ਗੁਰਮਤਿ ਸਮਾਗਮਾਂ 'ਚ ਹਾਜ਼ਰੀ ਭਰਦੀ ਹੈ। ਉਨਾਂ੍ਹ ਦੱਸਿਆ ਕਿ ਇਸ ਵਾਰ ਦੇ ਸਮਾਗਮ ਵਿਚ 12 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨਾਂ੍ਹ ਦੇ ਅੱਜ ਭੋਗ ਪਾਉਣ ਮੌਕੇ ਵੱਡੀ ਗਿਣਤੀ ਵਿਚ ਸੰਗਤ ਜੁੜੀ। ਉਨਾਂ੍ਹ ਦੱਸਿਆ ਕਿ ਗੁਰੂ ਕੇ ਲੰਗਰ ਸਾਰੇ ਸਮਾਗਮ ਦੌਰਾਨ ਅਤੁੱਟ ਵਰਤਦੇ ਰਹੇ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਬਖਸ਼ੀਸ਼ ਸਿੰਘ ਤੋਂ ਇਲਾਵਾ ਕਮੇਟੀ ਦੇ ਹੋਰ ਮੈਂਬਰ ਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।