ਪੰਜਾਬ ਸਰਕਾਰ ਨੇ ਗਰੀਬ ਅਤੇ ਹਾਸ਼ੀਏ ’ਤੇ ਖੜ੍ਹੇ ਵਰਗਾਂ ਨੂੰ ਦਿੱਤਾ ਵੱਡਾ ਤੋਹਫਾ

- ਆਸ਼ੀਰਵਾਦ ਸਕੀਮ ਹੁਣ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੋਵੇਗੀ ਲਾਗੂ ਹੋਵੇਗੀ : ਹਰਮੀਤ ਸਿੰਘ ਸੰਧੂ
- ਆਸ਼ੀਰਵਾਦ ਸਕੀਮ ਤਹਿਤ ਧੀਆਂ ਦੇ ਵਿਆਹ ਲਈ ਦਿੱਤੀ ਜਾਂਦੀ ਹੈ 51 ਹਜ਼ਾਰ ਦੀ ਵਿੱਤੀ ਸਹਾਇਤਾ
ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗ਼ਰੀਬ, ਪੱਛੜੇ ਅਤੇ ਹਾਸ਼ੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਜਿਸ ਕਾਰਨ ਆਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ ਤੇ ਸੁਚਾਰੂ ਕਰਦਿਆਂ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਹੁਣ ਤੋਂ ਆਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਸਰਕਾਰੀ ਭਲਾਈ ਸਕੀਮਾਂ ਦਾ ਹਰ ਇੱਕ ਰੁਪਇਆ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਹੱਕਦਾਰ ਲਾਭਪਾਤਰੀ ਤਕ ਪਹੁੰਚੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਰਾਹੀਂ ਅਰਜ਼ੀਆਂ ਲੈਣ ਨਾਲ ਭ੍ਰਿਸ਼ਟਾਚਾਰ, ਦਲਾਲੀ ਅਤੇ ਗਲਤ ਵਰਤੋਂ ’ਤੇ ਨੱਥ ਪਵੇਗੀ ਅਤੇ ਲੋਕਾਂ ਦਾ ਸਰਕਾਰੀ ਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ। ਇਹ ਪਹਿਲ ਧੀਆਂ ਦੀ ਇਜ਼ਤ, ਸਮਾਜਿਕ ਸੁਰੱਖਿਆ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਧੂ ਨੇ ਕਿਹਾ ਕਿ ਆਸ਼ੀਰਵਾਦ ਸਕੀਮ ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਭਲਾਈ ਯੋਜਨਾ ਹੈ। ਇਸ ਸਕੀਮ ਅਧੀਨ ਅਨੁਸੂਚਿਤ ਜਾਤੀਆਂ, ਈਸਾਈ ਭਾਈਚਾਰੇ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਹਰ ਜਾਤੀ ਦੀ ਵਿਧਵਾਵਾਂ ਦੀਆਂ ਧੀਆਂ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਦੇ ਵਿਆਹ ਸਮੇਂ 51 ਹਜ਼ਾਰ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲਾਭਪਾਤਰੀਆਂ ਨੂੰ ਦਸਤਾਵੇਜ਼ਾਂ ਸਮੇਤ ਅਰਜ਼ੀਆਂ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਤਹਿਸੀਲ ਦਫ਼ਤਰਾਂ ਵਿਚ ਜਮ੍ਹਾਂ ਕਰਵਾਉਣੀਆਂ ਪੈਂਦੀਆਂ ਸਨ, ਜਿਸ ਕਾਰਨ ਕਾਰਵਾਈ ’ਚ ਦੇਰੀ ਅਤੇ ਤਕਨੀਕੀ ਖਾਮੀਆਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ਬਾਅਦ ਵਿਚ ਸਕੀਮ ਨੂੰ ਆਨਲਾਈਨ ਕਰਨ ਦੇ ਬਾਵਜੂਦ ਨਿੱਜੀ ਸਾਈਬਰ ਕੈਫ਼ਿਆਂ ਵੱਲੋਂ ਵੱਧ ਫੀਸ ਲੈਣ ਸਬੰਧੀ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ। ਇਨ੍ਹਾਂ ਸਭ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਹੁਣ ਅਸ਼ੀਰਵਾਦ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਜੋੜ ਦਿੱਤਾ ਹੈ। ਇਸ ਨਾਲ ਲਾਭਪਾਤਰੀ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਘੱਟ ਖ਼ਰਚ ’ਤੇ ਆਸਾਨ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਕੀਮ ਦਾ ਲਾਭ ਲੈ ਸਕਣਗੇ। ਇਸ ਮੌਕੇ ਤਰਨਤਾਰਨ ਦੇ ਸੀਨੀਅਰ ਕੌਂਸਲਰ ਸਰਬਜੀਤ ਸਿੰਘ ਲਾਲੀ ਵਸੀਕਾ ਅਤੇ ਜਸਪ੍ਰੀਤ ਸਿੰਘ ਡਿੰਪਲ ਮੋਮ ਵੀ ਮੌਜੂਦ ਸਨ।