ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਵੇਗਾ ਤੇਜ਼ : ਆਹਲੂਵਾਲੀਆ ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਸੰਘਰਸ਼ ਹੋਵੇਗਾ ਤੇਜ਼- ਆਹਲੂਵਾਲੀਆ
Publish Date: Wed, 25 Nov 2026 07:28 PM (IST)
Updated Date: Wed, 25 Nov 2026 07:31 PM (IST)
ਹੜ੍ਹਾਂ ਕਾਰਨ ਫ਼ਸਲਾਂ ਤੇ ਜ਼ਮੀਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਚੁੱਕੀ ਮੰਗ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਪਿੰਡ ਜੱਲੋਕੇ ’ਚ ਕੀਤੀ ਵੱਡੀ ਇਕੱਤਰਤਾ ਸਤਿਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ ਘਰਿਆਲਾ : ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪਿੰਡ ਜੱਲੋਕੇ ’ਚ ਵਿਸ਼ਾਲ ਕਿਸਾਨ ਇਕੱਠ ਕੀਤਾ ਗਿਆ। ਇਸ ਇਕੱਠ ਦੀ ਅਗਵਾਈ ਕਮੇਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕਰ ਕੇ ਹੜ੍ਹਾਂ ਕਾਰਨ ਖੇਤੀਬਾੜੀ ਅਤੇ ਕਿਸਾਨੀ ਨੂੰ ਹੋਏ ਨੁਕਸਾਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਦਲਜੀਤ ਸਿੰਘ, ਗੁਰਜੀਤ ਸਿੰਘ, ਹਰਮੀਤ ਸਿੰਘ ਨੇ ਕਿਹਾ ਕਿ ਹੜ੍ਹਾਂ ਨੇ ਕਿਸਾਨਾਂ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਹੜ੍ਹਾਂ ਕਾਰਨ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਈਆਂ, ਉੱਥੇ ਹੀ ਕਈ ਥਾਵਾਂ ’ਤੇ ਜ਼ਮੀਨਾਂ ਦੀ ਉਪਜਾਊ ਸ਼ਕਤੀ ਅਤੇ ਖੇਤੀਬਾੜੀ ਨਾਲ ਸਬੰਧਤ ਹੋਰ ਸਾਧਨਾਂ ਦਾ ਵੀ ਭਾਰੀ ਨੁਕਸਾਨ ਹੋਇਆ ਹੈ। ਇਸ ਕਾਰਨ ਕਿਸਾਨਾਂ ਨੂੰ ਆਰਥਿਕ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਮਾਰ ਝੱਲਣ ਵਾਲੇ ਕਈ ਕਿਸਾਨ ਪਰਿਵਾਰ ਅਜੇ ਤੱਕ ਆਪਣੀ ਆਰਥਿਕ ਸਥਿਤੀ ਨੂੰ ਮੁੜ ਪੈਰਾਂ ਸਿਰ ਨਹੀਂ ਕਰ ਸਕੇ। ਇਸ ਦੌਰਾਨ ਕਿਸਾਨਾਂ ਦੀਆਂ ਵੱਖ-ਵੱਖ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨਾਂ ਨੇ ਮੰਗ ਕੀਤੀ ਕਿ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਬਣਦਾ ਮੁਆਵਜ਼ਾ ਜਲਦ ਦਿੱਤਾ ਜਾਵੇ। ਇਸ ਦੇ ਨਾਲ ਹੀ ਖੇਤੀਬਾੜੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਰਾਹਤ ਪੈਕੇਜ ਅਤੇ ਲੋੜੀਂਦੇ ਪ੍ਰਬੰਧ ਕੀਤੇ ਜਾਣ, ਤਾਂ ਜੋ ਕਿਸਾਨ ਆਪਣੇ ਪੈਰਾਂ ’ਤੇ ਮੁੜ ਖੜ੍ਹੇ ਹੋ ਸਕਣ। ਕਮੇਟੀ ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਤਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਜਥੇਬੰਦੀ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਲਗਾਤਾਰ ਯਤਨ ਕਰਦੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦ ਹੋ ਕੇ ਇਕਜੁੱਟ ਰਹਿਣ, ਕਿਉਂਕਿ ਏਕਤਾ ਅਤੇ ਸਾਂਝੇ ਸੰਘਰਸ਼ ਨਾਲ ਹੀ ਕਿਸਾਨੀ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਸਕਦਾ ਹੈ। ਇਕੱਠ ਵਿਚ ਸ਼ਾਮਲ ਕਿਸਾਨਾਂ ਨੇ ਵੀ ਜਥੇਬੰਦੀ ਦੀਆਂ ਗਤੀਵਿਧੀਆਂ ’ਚ ਪੂਰਾ ਸਹਿਯੋਗ ਦੇਣ ਅਤੇ ਕਿਸਾਨੀ ਹੱਕਾਂ ਲਈ ਸੰਘਰਸ਼ ਵਿੱਚ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ। ਅੰਤ ਵਿਚ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਹੜ੍ਹ ਪੀੜਤ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਕਿਸਾਨਾਂ ਦੀ ਆਵਾਜ਼ ਨੂੰ ਸਰਕਾਰ ਤੇ ਹਰ ਸਬੰਧਤ ਮੰਚ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਰਸ਼ਪਾਲ ਸਿੰਘ, ਗੁਰਜੀਤ ਸਿੰਘ, ਹਰਮੀਤ ਸਿੰਘ, ਜਸਬੀਰ ਸਿੰਘ, ਜਜਪ੍ਰੀਤ ਸਿੰਘ ਸਮੇਤ ਹੋਰਨਾਂ ਕਿਸਾਨਾਂ ਨੇ ਭਾਗ ਲਿਆ।